
ਮੁਹਾਲੀ ਪੁਲੀਸ ਵੱਲੋਂ ਦੋ ਨਸ਼ਾ ਤਸਕਰ 4 ਕਿੱਲੋ ਅਫ਼ੀਮ ਸਣੇ ਗ੍ਰਿਫ਼ਤਾਰ
ਪਿੰਡ ਭਾਗੋਮਾਜਰਾ ਬੱਸ ਅੱਡੇ ਨੇੜੇ ਨਾਕਾਬੰਦੀ ਦੌਰਾਨ ਪਾਈ ਮੁਲਜ਼ਮਾਂ ਦੀ ਗ੍ਰਿਫ਼ਤਾਰੀ
ਮੁਹਾਲੀ ਅਦਾਲਤ ਨੇ ਮੁਲਜ਼ਮਾਂ ਨੂੰ 3 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ:
ਮੁਹਾਲੀ ਪੁਲੀਸ ਵੱਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ ਨੂੰ ਚਾਰ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਚਿੱਟੇ ਰੰਗ ਦੀ ਇਨੋਵਾ ਕਾਰ ਵੀ ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਮੁਲਜ਼ਮ ਕ੍ਰਿਸ਼ਨ ਮੰਡਲ ਵਾਸੀ ਸੋਹਾਣਾ ਅਤੇ ਮਨਦੀਪ ਸਿੰਘ ਵਾਸੀ ਪਿੰਡ ਮੰਡੀ ਕਲਾਂ (ਬਠਿੰਡਾ) ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਸਐਸਪੀ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਚਿੱਟੇ ਰੰਗ ਦੀ ਇਨੋਵਾ ਗੱਡੀ ਵਿੱਚ ਦੋ ਵਿਅਕਤੀ ਅਫ਼ੀਮ ਦੀ ਵੱਡੀ ਖੇਪ ਲੈ ਕੇ ਆ ਰਹੇ ਹਨ। ਜਿਨ੍ਹਾਂ ਨੇ ਮੁਹਾਲੀ, ਖਰੜ ਅਤੇ ਰੂਪਨਗਰ ਏਰੀਆ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਸਪਲਾਈ ਕਰਨੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ, ਡੀਐਸਪੀ (ਡੀ), ਗੁਰਚਰਨ ਸਿੰਘ ਅਤੇ ਡੀਐਸਪੀ (ਸਿਟੀ-2, ਮੁਹਾਲੀ) ਸੁਖਜੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਸੁਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਲਾਂਡਰਾਂ ਤੋਂ ਬਨੂੜ ਨੂੰ ਜਾਂਦੀ ਮੁੱਖ ਸੜਕ ’ਤੇ ਸਥਿਤ ਪਿੰਡ ਭਾਗੋਮਾਜਰਾ ਨੇੜੇ ਨਾਕਾਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 4 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ।
ਸ੍ਰੀ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਕ੍ਰਿਸ਼ਨ ਮੰਡਲ ਮੁਹਾਲੀ ਵਿੱਚ ਗੱਡੀਆਂ ਧੋਣ ਦੇ 2 ਸਰਵਿਸ ਸਟੇਸ਼ਨ ਹਨ ਅਤੇ ਮਨਦੀਪ ਸਿੰਘ ਟੈਕਸੀ ਡਰਾਈਵਰ ਦਾ ਕੰਮ ਕਰਦਾ ਸੀ। ਜਿਸ ਕੋਲ ਆਪਣੀ ਇੱਕ ਗੱਡੀ ਹੈ ਜੋ ਉਸ ਨੂੰ ਖ਼ੁਦ ਚਲਾਉਣ ਲੱਗ ਪਿਆ ਸੀ ਪੁਲੀਸ ਅਨੁਸਾਰ ਮਨਦੀਪ ਆਪਣੀ ਗੱਡੀ ਕ੍ਰਿਸ਼ਨ ਮੰਡਲ ਦੇ ਸਰਵਿਸ ਸਟੇਸ਼ਨ ’ਤੇ ਸਰਵਿਸ ਕਰਵਾਉਣ ਲਈ ਲੈ ਕੇ ਆਉਂਦਾ ਜਾਂਦਾ ਸੀ। ਇਸ ਤਰ੍ਹਾਂ ਉਹ ਦੋਸਤ ਬਣ ਗਏ ਅਤੇ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਇਹ ਦੋਵੇਂ ਪੈਸਿਆਂ ਦੇ ਲਾਲਚ ਵਿੱਚ ਆ ਕੇ ਅਫ਼ੀਮ ਵੇਚਣ ਦਾ ਧੰਦਾ ਕਰਨ ਲੱਗ ਪਏ। ਮੁਲਜ਼ਮਾਂ ਨੇ ਪੁੱਛਗਿੱਛ ਵਿੱਚ ਪੁਲੀਸ ਨੂੰ ਦੱਸਿਆ ਕਿ ਉਹ ਦਰਪਟਾ ਸ਼ਹਿਰ, ਗੁਹਾਟੀ (ਅਸਾਮ) ਤੋਂ ਕਾਫ਼ੀ ਲੰਮੇ ਸਮੇਂ ਤੋਂ ਅਫ਼ੀਮ ਲੈ ਕੇ ਆਉਂਦੇ ਰਹੇ ਹਨ। ਉੱਥੋਂ ਉਨ੍ਹਾਂ ਨੂੰ ਸਸਤੇ ਭਾਅ ’ਤੇ ਅਫ਼ੀਮ ਮਿਲ ਜਾਂਦੀ ਹੈ ਅਤੇ ਪੰਜਾਬ ਮਹਿੰਗੇ ਭਾਅ ਵੇਚ ਕੇ ਭਾਰੀ ਮੁਨਾਫ਼ਾ ਕਮਾਉਂਦੇ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਨ੍ਹਾਂ ਕੋਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।