Nabaz-e-punjab.com

ਮੁਹਾਲੀ ਪੁਲੀਸ ਵੱਲੋਂ ਗਰੇਸ਼ੀਅਨ ਹਸਪਤਾਲ ਨੇੜਿਓਂ ਦੋ ਨੌਜਵਾਨ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

10 ਕਿੱਲੋ ਭੁੱਕੀ ਤੇ 10 ਗਰਾਮ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ:
ਜ਼ਿਲ੍ਹਾ ਮੁਹਾਲੀ ਪੁਲੀਸ ਵੱਲੋਂ ਭੈੜੇ ਅਨਸਰਾਂ ਅਤੇ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ 3 ਵਿਅਕਤੀਆਂ ਨੂੰ 10 ਕਿੱਲੋ ਭੁੱਕੀ ਅਤੇ 10 ਗਰਾਮ ਹੈਰੋਇਨ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਸ਼ਾਮੀ ਇਹ ਜਾਣਕਾਰੀ ਦਿੰਦਿਆਂ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇੱਥੋਂ ਦੇ ਨੇੜਲੇ ਪਿੰਡ ਚੱਪੜਚਿੜੀ ਵਿੱਚ ਨਾਕਾਬੰਦੀ ਦੌਰਾਨ 10 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਨਾਕੇ ਦੌਰਾਨ ਕੈਂਟਰ ਦੇ ਡਰਾਈਵਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਬਸਰਾਓ, ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫ਼ਤਾਰ ਕਰਕੇ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 10 ਕਿੱਲੋ ਭੁੱਕੀ ਬਰਾਮਦ ਕੀਤੀ ਗਈ। ਮੁਲਜ਼ਮ ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਮੁਲਜ਼ਮ ਭੁੱਕੀ ਰਾਜਸਥਾਨ ਤੋਂ ਲਿਆਇਆ ਸੀ, ਜੋ ਕਿ ਖਰੜ ਏਰੀਆ ਵਿੱਚ ਸਪਲਾਈ ਕੀਤੀ ਜਾਣੀ ਸੀ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਤਰ੍ਹਾਂ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ ਸੰਨੀ ਇਨਕਲੇਵ ਨੇੜੇ ਨਿੱਝਰ ਚੌਕ ਵਿੱਚ ਨਾਕਾਬੰਦੀ ਦੌਰਾਨ ਇੱਕ ਕਾਰ ਦੇ ਡਰਾਈਵਰ ਮਨਜੀਤ ਸਿੰਘ ਵਾਸੀ ਪਿੰਡ ਮੌਚੀਵਾਲੀ, ਜ਼ਿਲ੍ਹਾ ਸਿਰਸਾ ਅਤੇ ਕਾਰ ਸਵਾਰ ਦੀਪਕ ਕੁਮਾਰ ਵਾਸੀ ਨੇੜੇ ਫੌਜੀ ਢਾਬਾ, ਮਨੀਮਾਜਰਾ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਖਰੜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਕਾਰ ਚਾਲਕ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ 6 ਕੇਸ ਦਰਜ ਹਨ ਅਤੇ ਇੱਕ ਕੇਸ ਵਿੱਚ ਉਸ ਨੂੰ 10 ਸਾਲ ਦੀ ਕੈਦ ਹੋ ਚੁੱਕੀ ਹੈ। ਉਸ ਦੇ ਸਾਥੀ ਦੀਪਕ ਕੁਮਾਰ ਖ਼ਿਲਾਫ਼ ਵੀ ਨਸ਼ਾ ਤਸਕਰੀ ਦਾ ਕੇਸ ਦਰਜ ਹੈ।
ਉਧਰ, ਮੁਹਾਲੀ ਪੁਲੀਸ ਨੇ ਦੋ ਨੌਜਵਾਨਾਂ ਨੂੰ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਕਤ ਮੁਲਜ਼ਮਾਂ ਦੀ ਪਛਾਣ ਧਰਮਪਾਲ ਸਿੰਘ ਅਤੇ ਰਾਘਵ ਕੁਮਾਰ ਦੋਵੇਂ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਇਸ ਸਬੰਧੀ ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲੀਸ ਨੇ ਸੈਕਟਰ-69 ਵਿੱਚ ਗਰੇਸ਼ੀਅਨ ਹਸਪਤਾਲ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੇ ਸਾਹਮਣੇ ਤੋਂ ਆ ਰਹੇ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਨੌਜਵਾਨ ਘਬਰਾ ਗਏ ਅਤੇ ਵਾਪਸ ਪਿੱਛੇ ਨੂੰ ਭੱਜਣ ਲੱਗੇ ਤਾਂ ਪੁਲੀਸ ਦੋਵਾਂ ਮੋਟਰ ਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕੀਤੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਕਰੀਬ 1 ਮਹੀਨਾ ਪਹਿਲਾਂ ਮੁਹਾਲੀ ਨੌਕਰੀ ਲੱਗਣ ਲਈ ਆਏ ਸਨ ਪ੍ਰੰਤੂ ਨੌਕਰੀ ਨਾ ਮਿਲਣ ਕਾਰਨ ਤਸਕਰੀ ਕਰਨ ਲੱਗ ਪਏ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਪਿੰਡ ਕੁੰਭੜਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …