ਮੁਹਾਲੀ ਪੁਲੀਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਗਰੋਹਾਂ ਦੇ 5 ਮੈਂਬਰ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਨਾਜਾਇਜ਼ ਅਸਲਾ, ਜਾਅਲੀ ਕਰੰਸੀ ਤੇ ਚੋਰੀ ਦੇ ਵਾਹਨ ਬਰਾਮਦ

ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਣਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਕਈ ਕੇਸ ਦਰਜ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਪੰਜਾਬ ਤੇ ਗੁਆਂਢੀ ਸੂਬਿਆਂ ਵਿੱਚ ਲੁੱਟਾਂ-ਖੋਹਾਂ ਕਰਨ ਵਾਲੇ ਵੱਖ-ਵੱਖ ਤਿੰਨ ਗਰੋਹਾਂ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਨਾਜਾਇਜ਼ ਅਸਲਾ, ਜਾਅਲੀ ਕਰੰਸੀ ਅਤੇ ਚੋਰੀ ਦੇ ਵਾਹਨ ਬਰਾਮਦ ਕੀਤੇ ਗਏ ਹਨ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ, ਡੀਐਸਪੀ (ਡੀ) ਗੁਰਚਰਨ ਸਿੰਘ ਅਤੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ਵਿੱਚ ਅਸਲਾ ਐਮੋਨੀਸ਼ਨ, ਜਿਨ੍ਹਾਂ ਵਿੱਚ 5 ਪਿਸਤੌਲ ਸਮੇਤ 23 ਜਿੰਦਾ ਰੋਂਦ, 60 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਅਤੇ ਚੋਰੀ ਦੇ ਵਾਹਨਾਂ ਸਮੇਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਐਸਐਸਪੀ ਨੇ ਦੱਸਿਆ ਕਿ ਸੀਆਈਏ ਸਟਾਫ਼ ਮੁਹਾਲੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੰਦਰਜੀਤ ਸਿੰਘ ਵਾਸੀ ਪਿੰਡ ਖਿਆਲੀ (ਮਾਨਸਾ) ਅਤੇ ਕਰਮਜੀਤ ਸਿੰਘ ਉਰਫ਼ ਕਾਲਾ ਵਾਸੀ ਪਿੰਡ ਮਾਣੂਕੇ (ਲੁਧਿਆਣਾ) ਨਾਜਾਇਜ਼ ਅਸਲਾ ਲੈ ਕੇ ਇੱਕ ਚੋਰੀ ਦੀ ਸਕੂਟਰੀ ’ਤੇ ਵਾਹਨ ਚੋਰੀ ਕਰਨ ਦੀ ਨੀਅਤ ਨਾਲ ਖਰੜ ਇਲਾਕੇ ਵਿੱਚ ਘੁੰਮ ਰਹੇ ਹਨ। ਪੁਲੀਸ ਨੇ ਇਨ੍ਹਾਂ ਦੋਵਾਂ ਨੂੰ ਲਾਂਡਰਾਂ-ਬਡਾਲਾ ਟੀ ਪੁਆਇੰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੁਲਜ਼ਮਾਂ ਕੋਲੋਂ .32 ਬੋਰਡ ਦੇ 2 ਪਿਸਤੌਲ, 10 ਜਿੰਦਾ ਰੋਂਦ ਅਤੇ ਇੱਕ ਟੀਵੀਐਸ ਜੁਪੀਟਰ ਸਕੂਟਰੀ ਬਰਾਮਦ ਕੀਤੀ ਗਈ। ਮੁੱਢਲੀ ਪੁੱਛਗਿੱਛ ਵਿੱਚ ਪਤਾ ਲੱਗਾ ਕਿ ਮੁਲਜ਼ਮਾਂ ਨੇ ਪਿਛਲੇ ਕੁੱਝ ਅਰਸੇ ਦੌਰਾਨ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ’ਚੋਂ ਇੱਕ ਆਲਟੋ ਕਾਰ, ਇੱਕ ਮਾਰੂਤੀ ਕਾਰ ਅਤੇ ਇੱਕ ਮਾਰੂਤੀ ਕਾਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਚੋਰੀ ਕੀਤੀ ਹੈ ਜਦੋਂਕਿ ਇੱਕ ਮਹਿੰਦਰਾ ਜੀਪ ਅਤੇ ਇੱਕ ਮਾਰੂਤੀ ਕਾਰ ਹਰਿਆਣਾ ਵਿੱਚ ਵੱਖ-ਵੱਖ ਥਾਵਾਂ ਤੋਂ ਆਪਣੇ ਦੋ ਹੋਰ ਸਾਥੀਆ ਨਾਲ ਮਿਲਕੇ ਚੋਰੀ ਕੀਤੀਆਂ ਹਨ। ਮੁਲਜ਼ਮ ਨਾਜਾਇਜ਼ ਹਥਿਆਰਾਂ ਦੀ ਨੋਕ ’ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ।
ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਨੇ ਪੁੱਛਗਿੱਛ ਦੌਰਾਨ ਇਹ ਵੀ ਮੰਨਿਆ ਕਿ ਉਸ ਨੇ ਆਪਣੇ ਇੱਕ ਹੋਰ ਸਾਥੀ ਨਾਲ ਮਿਲਕੇ ਕਰੀਬ ਡੇਢ ਸਾਲ ਪਹਿਲਾਂ ਆਪਣੇ ਹੀ ਦੋਸਤ ਸੰਦੀਪ ਨਾਮ ਦੇ ਲੜਕੇ ਦਾ ਕਤਲ ਕਰਕੇ ਬੱਦੀ (ਕਾਲਕਾ ਰੋਡ) ਵਿਖੇ ਲੜਕੀ ਨਾਲ ਨਾਜਾਇਜ਼ ਸਬੰਧਾਂ ਨੂੰ ਲੈ ਕੇ ਰਾਤ ਦੇ ਸਮੇਂ ਪਹਾੜੀ ਦੇ ਖਤਾਨਾਂ ਵਿੱਚ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਸੁੱਟ ਆਏ ਸੀ। ਮ੍ਰਿਤਕ ਸੰਦੀਪ ਦਾ ਵਾਹਨ ਟੀਵੀਐਸ ਜੁਪੀਟਰ ਖ਼ੁਦ ਹੀ ਵਰਤ ਰਹੇ ਸਨ, ਜੋ ਹੁਣ ਪੁਲੀਸ ਨੇ ਬਰਾਮਦ ਕਰ ਲਈ ਹੈ। ਇੰਦਰਜੀਤ ਕੋਲੋਂ 60 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕਰਕੇ ਉਸ ਵਿਰੁੱਧ ਜੁਰਮ ਦਾ ਵਾਧਾ ਕੀਤਾ ਗਿਆ ਹੈ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਦੇ ਖ਼ਿਲਾਫ਼ ਪਹਿਲਾਂ ਵੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਣਿਆ ਵਿੱਚ ਸੱਤ ਪਰਚੇ ਦਰਜ ਹਨ। ਜਿਨ੍ਹਾਂ ਵਿੱਚ ਗ੍ਰਿਫ਼ਤਾਰ ਹੋ ਕੇ ਜੇਲ੍ਹ ਜਾ ਚੁੱਕਾ ਹੈ।
ਐਸਐਸਪੀ ਨੇ ਦੱਸਿਆ ਕਿ ਸੀਆਈਏ ਸਟਾਫ਼ ਮੁਹਾਲੀ ਨੇ ਹੋਰ ਮਾਮਲੇ ਵਿੱਚ ਗੁਪਤ ਸੂਚਨਾ ਮਿਲੀ ਸੀ ਅਜੈ ਕੁਮਾਰ ਵਾਸੀ ਗੁਰੂ ਨਾਨਕ ਕਲੋਨੀ, ਅਤੇ ਰਵੀ ਕੁਮਾਰ ਵਾਸੀ ਨੇੜੇ ਵਾਲਮੀਕੀ ਮੰਦਰ, ਜਗਤਪੁਰਾ (ਮੁਹਾਲੀ) ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਗੁਰਦੁਆਰਾ ਬਾਉਲੀ ਸਾਹਿਬ ਢਕੋਲੀ ਨੇੜੇ ਖੜੇ ਹਨ। ਪੁਲੀਸ ਨੇ ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂਕਿ ਰਵੀ ਹਨੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਭੱਜ ਗਿਆ ਸੀ। ਪੁਲੀਸ ਨੇ ਅਜੈ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਅਜੈ ਕੁਮਾਰ ਦੀ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਉਹ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਵੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Crime

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …