ਮੁਹਾਲੀ ਪੁਲੀਸ ਵੱਲੋਂ ਨਸ਼ੇ ਦੀਆਂ ਗੋਲੀਆਂ ਵੇਚਣ ਦੇ ਦੋਸ਼ ਵਿੱਚ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਅਰੁਣ ਕੁਮਾਰ ਸ਼ਰਮਾ ਵਾਸੀ ਪਿੰਡ ਛੋਟੀ ਕਰੋਰਾਂ (ਨਵਾਂ ਗਾਉਂ) ਨੂੰ 17 ਹਜ਼ਾਰ 550 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੇ ਖ਼ਿਲਾਫ਼ ਇੱਥੋਂ ਦੇ ਫੇਜ਼-1 ਥਾਣੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਐਸਐਸਪੀ ਸਤਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਰੁਣ ਸ਼ਰਮਾ ਆਪਣੇ ਪੱਕੇ ਗਾਹਕਾਂ ਨੂੰ ਨਸ਼ੇ ਦੀਆਂ ਗੋਲੀਆਂ ਦੀ ਸਪਲਾਈ ਕਰਦਾ ਹੈ, ਜੋ ਅੱਜ ਮੁਹਾਲੀ ਸ਼ਹਿਰੀ ਖੇਤਰ ਵਿੱਚ ਨਸ਼ੀਲੀ ਦਵਾਈਆਂ ਦੇ ਪੱਤੇ ਸਪਲਾਈ ਕਰਨ ਲਈ ਆ ਰਿਹਾ ਹੈ।
ਐਸਐਸਪੀ ਨੇ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੱਥੋਂ ਦੇ ਫੇਜ਼-6 ਸਥਿਤ ਨਵੇਂ ਬੱਸ ਅੱਡੇ ਨੇੜੇ ਨਾਕਾਬੰਦੀ ਦੌਰਾਨ ਅਰੁਣ ਕੁਮਾਰ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 17550 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲੀਸ ਨੇ ਮੁਲਜ਼ਮ ਦਾ ਸਕੂਟਰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਪੁਲੀਸ ਦੀ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਅਰੁਣ ਸ਼ਰਮਾ ਆਪਣੇ ਪੱਕੇ ਗਾਹਕਾਂ ਨੂੰ ਖਰੜ, ਬਲੌਂਗੀ ਅਤੇ ਮੁਹਾਲੀ ਖੇਤਰ ਵਿੱਚ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਹੈ।
ਪੁਲੀਸ ਮੁਤਾਬਕ ਅਰੁਣ ਸ਼ਰਮਾ ਪਹਿਲਾਂ ਨਵਾਂ ਗਾਉਂ ਵਿੱਚ ਦਵਾਈ ਸਪਲਾਈ ਕਰਨ ਵਾਲੇ ਡਿਸਟਰੀਬਿਊਟਰ ਕੋਲ ਕੰਮ ਕਰਦਾ ਸੀ। ਜਿੱਥੇ ਉਸ ਨੇ ਤਿੰਨ ਸਾਲ ਕੰਮ ਕੀਤਾ। ਇਸ ਮਗਰੋਂ ਪਾਣੀਪਤ (ਹਰਿਆਣਾ) ਵਿਖੇ ਦਵਾਈਆਂ ਬਣਾਉਣ ਵਾਲੀ ਕੰਪਨੀ ਵਿੱਚ ਏਰੀਆ ਮੈਨੇਜਰ ਲੱਗ ਗਿਆ। ਉਹ ਅਕਸਰ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦਵਾਈਆਂ ਦੀ ਸਪਲਾਈ ਕਰਨ ਆਉਂਦਾ ਜਾਂਦਾ ਰਹਿੰਦਾ ਸੀ। ਇੱਥੇ ਵੀ ਉਸ ਨੇ ਤਿੰਨ ਸਾਲ ਕੰਮ ਕੀਤਾ ਅਤੇ ਹਰ ਪ੍ਰਕਾਰ ਦੀਆਂ ਦਵਾਈਆਂ ਦੀ ਜਾਣਕਾਰੀ ਹਾਸਲ ਕਰਨ ਬਾਅਦ ਉਹ ਪੈਸਿਆਂ ਦੇ ਲਾਲਚ ਵਿੱਚ ਆ ਕੇ ਨਸ਼ੇ ਦੀਆਂ ਗੋਲੀਆਂ ਵੇਚਣ ਲੱਗ ਪਿਆ। ਇਸ ਤਰ੍ਹਾਂ ਉਹ ਆਪਣੇ ਇਕ ਗੇੜੇ ਵਿੱਚ 20 ਤੋਂ 25 ਡੱਬੇ ਨਸ਼ੀਲੀਆਂ ਗੋਲੀਆਂ ਦੇ ਸਪਲਾਈ ਕਰਦਾ ਸੀ। ਮੁਲਜ਼ਮ ਨੂੰ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …