ਮੁਹਾਲੀ ਪੁਲੀਸ ਨੇ ਵੱਡੀ ਵਾਰਦਾਤ ਟਾਲੀ, 4 ਨੌਜਵਾਨ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ
ਲੁਧਿਆਣਾ ਤੋਂ ਸਵਿਫ਼ਟ ਕਾਰ ਵਿੱਚ ਸਵਾਰ ਹੋ ਕੇ ਮੁਹਾਲੀ ਆਏ ਪਹੁੰਚੇ ਸੀ ਮੁਲਜ਼ਮ, ਕੇਸ ਦਰਜ
ਨਬਜ਼-ਏ-ਪੰਜਾਬ, ਮੁਹਾਲੀ, 11 ਫਰਵਰੀ:
ਮੁਹਾਲੀ ਪੁਲੀਸ ਨੇ ਸ਼ਹਿਰ ਵਿੱਚ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਟਾਲਦੇ ਹੋਏ ਚਾਰ ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਨੌਜਵਾਨਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੰਦੀਪ, ਕੁਲਵੀਰ ਸਿੰਘ ਉਰਫ਼ ਕੁੱਲੂ ਤੇ ਗੁਰਸ਼ਰਨ ਸਿੰਘ ਉਰਫ਼ ਸ਼ਰਨ ਅਤੇ ਅਮਨ ਵੈਲੀ ਸਾਰੇ ਵਾਸੀ ਸਮਰਾਲਾ (ਲੁਧਿਆਣਾ) ਵਜੋਂ ਹੋਈ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਗੁਪਤ ਸੂਚਨਾ ਨੂੰ ਆਧਾਰ ਬਣਾ ਕੇ ਮੁਲਜ਼ਮਾਂ ਨੂੰ ਪਿੰਡ ਮਾਣਕਮਾਜਰਾ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਅਸਲਾ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਹ ਲੁਧਿਆਣਾ ਤੋਂ ਮੁਹਾਲੀ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਪਹੁੰਚੇ ਸੀ ਪ੍ਰੰਤੂ ਪੁਲੀਸ ਨੇ ਉਸ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਵਾਰਦਾਤ ਹੋਣੋਂ ਰੋਕ ਲਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਡੀਐਸਪੀ ਬੱਲ ਨੇ ਦੱਸਿਆ ਕਿ ਏਐਸਆਈ ਬਲਬੀਰ ਸਿੰਘ ਨੂੰ ਪੁਲੀਸ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਕਿ ਲੁਧਿਆਣਾ ਤੋਂ ਸੰਦੀਪ ਸਿੰਘ ਆਪਣੇ ਤਿੰਨ ਹੋਰ ਦੋਸਤਾਂ ਨਾਲ ਚੰਡੀਗੜ੍ਹ ਨੰਬਰ ਦੀ ਸਵਿਫ਼ਟ ਕਾਰ ਵਿੱਚ ਸਵਾਰ ਹੋ ਕੇ ਮੁਹਾਲੀ ਵੱਲ ਆ ਰਿਹਾ ਹੈ। ਉਨ੍ਹਾਂ ਵੱਲੋਂ ਮੁਹਾਲੀ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਹੈ। ਪੁਲੀਸ ਨੇ ਪਿੰਡ ਮਾਣਕਮਾਜਰਾ ਨੇੜੇ ਨਾਕਾਬੰਦੀ ਕਰਕੇ ਸ਼ੱਕ ਦੇ ਆਧਾਰ ’ਤੇ ਸਵਿਫ਼ਟ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਨੌਜਵਾਨਾਂ ਨੇ ਗੱਡੀ ਭਜਾ ਲਈ ਪ੍ਰੰਤੂ ਪੁਲੀਸ ਨੇ ਉਕਤ ਕਾਰ ਸਵਾਰਾਂ ਨੂੰ ਕਾਬੂ ਕਰ ਲਿਆ। ਮੁਲਜ਼ਮ ਸੰਦੀਪ ਸਿੰਘ ਵਿਰੁੱਧ ਲੁਧਿਆਣਾ ਵਿੱਚ ਪਹਿਲਾਂ ਵੀ ਇੱਕ ਅਪਰਾਧਿਕ ਪਰਚਾ ਦਰਜ ਹੈ। ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।