
ਮੁਹਾਲੀ ਪੁਲੀਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਰਚ ਅਪਰੇਸ਼ਨ ਚਲਾਇਆ
21 ਥਾਵਾਂ ’ਤੇ ਨਾਕਾਬੰਦੀ ਦੌਰਾਨ 79 ਵਾਹਨਾਂ ਦੇ ਚਲਾਨ, 13 ਵਾਹਨ ਕੀਤੇ ਜ਼ਬਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਵੱਲੋਂ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਦੀ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਮੌਕੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਡੀਆਈਜੀ ਭੁੱਲਰ ਨੇ ਖ਼ੁਦ ਸਰਚ ਅਪਰੇਸ਼ਨ ਦੀ ਅਗਵਾਈ ਕਰਦਿਆਂ ਮੁਹਾਲੀ ਕੌਮਾਂਤਰੀ ਏਅਰਪੋਰਟ, ਮੁਹਾਲੀ ਰੇਲਵੇ ਸਟੇਸ਼ਨ, ਅੰਤਰਰਾਜੀ ਬੱਸ ਅੱਡਾ ਅਤੇ ਹੋਰਨਾਂ ਪ੍ਰਮੁੱਖ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸ਼ਹਿਰ ਵਾਸੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਤੋਂ ਸਾਵਧਾਨ ਰਹਿਣ ਲਈ ਪ੍ਰੇਰਿਆ।
ਇਸ ਮੌਕੇ ਡੀਆਈਜੀ ਭੁੱਲਰ ਨੇ ਡੀਜੀਪੀ ਦੇ ਹੁਕਮਾਂ ਮੁਤਾਬਕ ਅਪਰੇਸ਼ਨ ਈਗਲ-ਬੀ ਲਾਂਚ ਕੀਤਾ ਗਿਆ। ਇਸ ਅਪਰੇਸ਼ਨ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਾਂਝੇ ਤੌਰ ’ਤੇ ਸਰਚ ਅਪਰੇਸ਼ਨ ਚਲਾਇਆ ਗਿਆ। ਵੱਖ-ਵੱਖ ਥਾਵਾਂ ’ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ, ਪੈਟਰੋਲਿੰਗ ਪਾਰਟੀਆਂ ਤਾਇਨਾਤ ਕਰਕੇ ਸਮੁੱਚੇ ਜ਼ਿਲ੍ਹੇ ਅੰਦਰ ਰੇਲਵੇ ਸਟੇਸ਼ਨ, ਬੱਸ ਸਟੈਂਡ, ਹੋਟਲ, ਸਰਾਵਾਂ ਅਤੇ ਹੋਰ ਭੀੜ ਭੜੱਕੇ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ।
ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਕੁੱਲ 21 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ 734 ਵਿਅਕਤੀਆਂ ਦੀ ਸ਼ੱਕ ਦੇ ਆਧਾਰ ’ਤੇ ਜਾਂਚ ਕੀਤੀ ਗਈ। ਨਾਕਾਬੰਦੀ ਦੌਰਾਨ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ 79 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਬਿਨਾਂ ਦਸਤਾਵੇਜ਼ਾਂ ਤੋਂ ਸੜਕਾਂ ’ਤੇ ਦੌੜ ਰਹੇ 13 ਵਾਹਨ ਜ਼ਬਤ ਕੀਤੇ ਗਏ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਵਿੱਚ 4 ਰੇਲਵੇ ਸਟੇਸ਼ਨਾਂ ਨੂੰ ਚੈੱਕ ਕੀਤਾ ਗਿਆ ਅਤੇ 32 ਹੋਟਲ ਅਤੇ ਸਰਾਵਾਂ ਵਿੱਚ ਵੀ ਦਸਤਕ ਦਿੱਤੀ ਗਈ।