
ਮੁਲਤਾਨੀ ਕੇਸ: ਮੁਹਾਲੀ ਪੁਲੀਸ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਨੋਟਿਸ ਜਾਰੀ
ਮਟੌਰ ਥਾਣਾ ਦੇ ਐਸਐਚਓ ਵੱਲੋਂ ਸੈਣੀ ਨੂੰ 23 ਸਤੰਬਰ ਨੂੰ ਸਵੇਰੇ 11 ਵਜੇ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ
ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਮੁਹਾਲੀ ਪੁਲੀਸ ਨੇ ਹਿੰਮਤ ਦਿਖਾਉਂਦਿਆਂ ਸੇਵਾਮੁਕਤ ਆਈਏਐਸ ਅਫ਼ਸਰ ਦੇ ਪੁੱਤ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਫਿਰ ਤੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਮਟੌਰ ਥਾਣਾ ਦੇ ਐਸਐਚਓ ਦੇ ਦਸਖ਼ਤਾਂ ਹੇਠ ਅੱਜ ਜਾਰੀ ਕੀਤੇ ਨੋਟਿਸ ਵਿੱਚ ਸੈਣੀ ਨੂੰ ਮਟੌਰ ਥਾਣੇ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਕੋਲ 23 ਸਤੰਬਰ ਨੂੰ ਸਵੇਰੇ 11 ਵਜੇ ਤਫ਼ਤੀਸ਼ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਬੀਤੀ 15 ਸਤੰਬਰ ਨੂੰ ਸੁਪਰੀਮ ਕੋਰਟ ’ਚੋਂ ਆਰਜ਼ੀ ਜ਼ਮਾਨਤ ਕਰਵਾਉਣ ਦੇ ਬਾਵਜੂਦ ਹਾਲੇ ਤੱਕ ਸਾਬਕਾ ਡੀਜੀਪੀ ਪੁਲੀਸ ਕੋਲ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਹਨ। ਜਦੋਂਕਿ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾਉਂਦਿਆਂ ਉਸ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ ਸੀ। ਸੋਮਵਾਰ ਨੂੰ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਉਹ ਸਿੱਟ ਅੱਗੇ ਪੇਸ਼ ਨਹੀਂ ਹੋਏ ਸਨ। ਚਸ਼ਮਦੀਦ ਗਵਾਹਾਂ ਅਤੇ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਦਰਜ ਹੋਣ ਮਗਰੋਂ ਪੁਲੀਸ ਵੱਲੋਂ ਸੈਣੀ ਦੇ ਖ਼ਿਲਾਫ਼ ਬੀਤੀ 21 ਅਗਸਤ ਨੂੰ ਧਾਰਾ 302 ਦੇ ਤਹਿਤ ਕਤਲ ਦੇ ਜੁਰਮ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਸ ਦੇ ਖ਼ਿਲਾਫ਼ ਧਾਰਾ 364 ਤੇ ਹੋਰਨਾਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਸੁਮੇਧ ਸੈਣੀ ਮਾਮਲੇ ਦੀ ਯੋਗ ਪੈਰਵਾਈ ਲਈ ਨਿਯੁਕਤ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਪਹਿਲਾਂ ਹੀ ਇਹ ਗੱਲ ਆਖ ਚੁੱਕੇ ਹਨ ਕਿ ਸੁਪਰੀਮ ਕੋਰਟ ’ਚੋਂ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਵਾਉਣ ਤੋਂ ਬਾਅਦ ਵੀ ਜੇਕਰ ਜਲਦ ਹੀ ਸਾਬਕਾ ਡੀਪੀਜੀ ਜਾਂਚ ਵਿੱਚ ਸ਼ਾਮਲ ਹੋਣ ਲਈ ਪੁਲੀਸ ਕੋਲ ਪੇਸ਼ ਨਹੀਂ ਹੁੰਦੇ ਹਨ ਤਾਂ ਉਸ ਨੂੰ ਸੰਮਨ ਭੇਜ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਜਾਵੇਗਾ। ਕਿਉਂਕਿ ਸੈਣੀ ਦੇ ਵਕੀਲ ਵਾਰ ਵਾਰ ਇਹ ਦੁਹਾਈ ਦਿੰਦੇ ਆ ਰਹੇ ਹਨ ਕਿ ਉਹ (ਸੈਣੀ) ਪੁਲੀਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ। ਸਰਕਾਰੀ ਵਕੀਲ ਅਦਾਲਤਾਂ ਵਿੱਚ ਇਹ ਦਾਅਵਾ ਕਰ ਚੁੱਕੇ ਹਨ ਕਿ ਮੁਲਤਾਨੀ ਨੂੰ ਘਰੋਂ ਅਗਵਾ ਕਰਕੇ ਮਗਰੋਂ ਉਸ ਦੀ ਪੁਲੀਸ ਹਿਰਾਸਤ ਵਿੱਚ ਮੌਤ ਹੋਣ ਸਬੰਧੀ ਸਾਬਕਾ ਡੀਜੀਪੀ ਖ਼ਿਲਾਫ਼ ਸਰਕਾਰ ਕੋਲ ਠੋਸ ਸਬੂਤ ਹਨ।
ਜ਼ਿਕਰਯੋਗ ਹੈ ਕਿ ਬੀਤੀ 15 ਸਤੰਬਰ ਨੂੰ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਐਮ.ਆਰ. ਸ਼ਾਹ ’ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ ਸਾਬਕਾ ਡੀਜੀਪੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾ ਦਿੱਤੀ ਸੀ ਅਤੇ ਸੈਣੀ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇਣ ਦੇ ਆਦੇਸ਼ ਦਿੱਤੇ ਗਏ ਸਨ। ਨਾਲ ਹੀ ਸੂਬਾ ਸਰਕਾਰ ਨੂੰ ਤਿੰਨ ਹਫ਼ਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ। ਸੁਪਰੀਮ ਕੋਰਟ ਵਿੱਚ ਅਗਲੀ ਸੁਣਵਾਈ 27 ਅਕਤੂਬਰ ਨੂੰ ਹੋਵੇਗੀ।
(ਬਾਕਸ ਆਈਟਮ)
ਉਧਰ, ਪਿਛਲੇ ਦਿਨੀਂ ਮੁਹਾਲੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਸੈਣੀ ਦੇ ਇਕ ਵਕੀਲ ਕੋਲ ਵਕਾਲਤਨਾਮਾ ਵੀ ਨਹੀਂ ਹੈ। ਇਸ ਸਬੰਧੀ ਬਚਾਅ ਪੱਖ ਦੇ ਸਬੰਧਤ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਸੈਣੀ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਹੈ। ਜਿਸ ਕਾਰਨ ਵਕਾਲਤਨਾਮੇ ’ਤੇ ਦਸਖ਼ਤ ਨਹੀਂ ਹੋ ਸਕੇ। ਇਸ ਤਰ੍ਹਾਂ ਸੈਣੀ ਦੇ ਵਕੀਲ ਨੇ ਕੁੱਝ ਦਿਨਾਂ ਦੀ ਹੋਰ ਮੋਹਲਤ ਮੰਗੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ।