ਵਿਵਾਦਿਤ ਕਿਤਾਬ: ਮੁਹਾਲੀ ਪੁਲੀਸ ਵੱਲੋਂ ਸਿੱਖਿਆ ਬੋਰਡ ਦਾ ਮੁਖੀ ਅਤੇ ਕਮੇਟੀ ਦਾ ਚੇਅਰਮੈਨ ਤਲਬ

ਯੂਨਾਈਟਿਡ ਸਿੱਖ ਪਾਰਟੀ ਦੇ ਮੁੱਖ ਸੇਵਾਦਾਰ ਨੇ ਬੋਰਡ ਮੁਖੀ ਤੇ ਕਮੇਟੀ ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਮੰਗੀ

ਸ਼ਿਕਾਇਤਕਰਤਾ ਨੇ ਜਾਂਚ ਅਧਿਕਾਰੀ ਐਸਪੀ (ਸਿਟੀ) ਨਾਲ ਮੁਲਾਕਾਤ ਕਰਕੇ ਬਿਆਨ ਦਰਜ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਦੀ ਇਤਿਹਾਸ ਦੀ ਕਿਤਾਬ ’ਚੋਂ ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਕੁੱਝ ਅਹਿਮ ਚੈਪਟਰ ਗਾਇਬ ਹੋਣ ਦਾ ਮਾਮਲਾ ਮੁੜ ਤੋਂ ਭਖ ਗਿਆ ਹੈ। ਇਸ ਸਬੰਧੀ ਯੂਨਾਈਟਿਡ ਸਿੱਖ ਪਾਰਟੀ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਨੇ ਹਾਈ ਕੋਰਟ ਦੇ ਵਕੀਲ ਰਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਮੁਹਾਲੀ ਦੇ ਐਸਪੀ (ਸਿਟੀ) ਜਸਕਿਰਨਜੀਤ ਸਿੰਘ ਤੇਜਾ ਦੇ ਦਫ਼ਤਰ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ ਅਤੇ ਇਸ ਬਜਰ ਗਲਤੀ ਲਈ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਅਤੇ ਵਿਵਾਦਿਤ ਕਿਤਾਬ ਸਬੰਧੀ ਮੁੱਖ ਮੰਤਰੀ ਵੱਲੋਂ ਗਠਿਤ ਵਿਸ਼ੇਸ਼ ਕਮੇਟੀ ਦੇ ਮੁਖੀ ਪ੍ਰੋ. ਕ੍ਰਿਪਾਲ ਸਿੰਘ ਦੇ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਮੰਗ ਕੀਤੀ।
ਉਧਰ, ਮੁਹਾਲੀ ਪੁਲੀਸ ਨੇ ਬੋਰਡ ਮੁਖੀ ਅਤੇ ਕਮੇਟੀ ਚੇਅਰਮੈਨ ਨੂੰ ਤਲਬ ਕੀਤਾ ਗਿਆ ਹੈ। ਜਾਂਚ ਅਧਿਕਾਰੀ ਵੱਲੋਂ ਸਕੂਲ ਬੋਰਡ ਦੇ ਮੁਖੀ ਅਤੇ ਕਮੇਟੀ ਦੇ ਚੇਅਰਮੈਨ ਨੂੰ ਲਿਖਤੀ ਰੂਪ ਵਿੱਚ ਪਰਮਾਨਾ ਭੇਜਦਿਆਂ ਆਪਣਾ ਪੱਖ ਰੱਖਣ ਲਈ ਆਖਿਆ ਹੈ। ਇਸ ਸਬੰਧੀ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰਾਜੀਵ ਕੁਮਾਰ ਨੂੰ ਵੀ ਦੋਵੇਂ ਚੇਅਰਮੈਨਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਦੇ ਬਿਆਨ ਦਰਜ ਕਰਨ ਲਈ ਆਖਿਆ ਗਿਆ ਹੈ।
ਭਾਈ ਜਸਵਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਇਤਿਹਾਸ ਦੀ ਵਿਵਾਦਿਤ ਕਿਤਾਬ ਸਬੰਧੀ ਪਟਿਆਲਾ ਦੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਜਿਨ੍ਹਾਂ ਨੇ ਸਿੱਖ ਆਗੂ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਕਰਨ ਤੋਂ ਪੱਲਾ ਝਾੜਦਿਆਂ ਇਹ ਕੇਸ ਮੁਹਾਲੀ ਪੁਲੀਸ ਦੇ ਸਪੁਰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦਾ ਪਾਠਕ੍ਰਮ ਵੈਬਸਾਈਟ ਉੱਤੇ ਪਾਇਆ ਗਿਆ ਸੀ। ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਸੀ ਕਿਉਂਕਿ ਉਕਤ ਕਿਤਾਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੂੰ ਲੁੱਟਮਾਰ ਕਰਨ ਵਾਲਾ ਲਿਖਿਆ ਗਿਆ ਸੀ ਅਤੇ ਹੋਰ ਗੁਰੂ ਸਾਹਿਬਾਨ ਬਾਰੇ ਵੀ ਘਟੀਆ ਦਰਜੇ ਦੀ ਸ਼ਬਦਾਵਲੀ ਵਰਤੀ ਗਈ ਸੀ। ਜਿਸ ਕਾਰਨ ਸਿੱਖਾਂ ਦੇ ਮਨਾਂ ਨੂੰ ਕਾਫੀ ਠੇਸ ਪਹੁੰਚੀ ਹੈ।
(ਬਾਕਸ ਆਈਟਮ)
ਐਸਪੀ (ਸਿਟੀ) ਜਸਕਿਰਨਜੀਤ ਸਿੰਘ ਤੇਜਾ ਨੇ ਵਿਵਾਦਿਤ ਕਿਤਾਬ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਬੋਰਡ ਮੁਖੀ ਅਤੇ ਕਮੇਟੀ ਦੇ ਚੇਅਰਮੈਨ ਨੂੰ ਆਪਣਾ ਪੱਖ ਰੱਖਣ ਲਈ ਪਰਮਾਨਾ ਭੇਜਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਉਕਤ ਅਧਿਕਾਰੀਆਂ ਦਾ ਪੱਖ ਸੁਣਨ ਤੋਂ ਬਾਅਦ ਇਸ ਸਬੰਧੀ ਡੀਏ ਲੀਗਲ ਦੀ ਰਾਇ ਲਈ ਜਾਵੇਗੀ ਅਤੇ ਸਾਈਬਰ ਸੈੱਲ ਨਾਲ ਵੀ ਮਾਮਲਾ ਵਿਚਾਰਿਆ ਜਾਵੇਗਾ।
(ਬਾਕਸ ਆਈਟਮ)
ਜ਼ਿਕਰਯੋਗ ਹੈ ਕਿ ਅਪਰੈਲ ਦੇ ਅਖੀਰਲੇ ਹਫ਼ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਦੀ ਇਤਿਹਾਸ ਦੀ ਕਿਤਾਬ ’ਚੋਂ ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਕੁੱਝ ਅਹਿਮ ਚੈਪਟਰ ਗਾਇਬ ਹੋਣ ਦਾ ਮਾਮਲਾ ਚੁੱਕਦਿਆਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਇਹ ਮਾਮਲਾ ਕਾਫੀ ਭਖ ਗਿਆ ਸੀ ਅਤੇ ਮੁੱਖ ਮੰਤਰੀ ਵੱਲੋਂ ਪ੍ਰੋ. ਕ੍ਰਿਪਾਲ ਸਿੰਘ ਦੀ ਅਗਵਾਈ ਹੇਠ ਛੇ ਮੈਂਬਰ ਵਿਸ਼ੇਸ਼ ਕਮੇਟੀ ਬਣਾਈ ਗਈ ਸੀ। ਹਾਲਾਂਕਿ ਪਿਛਲੇ ਕਾਫੀ ਦਿਨਾਂ ਤੋਂ ਇਹ ਮਾਮਲਾ ਬਿਲਕੁਲ ਠੰਢਾ ਪਿਆ ਸੀ ਪ੍ਰੰਤੂ ਹੁਣ ਸਿੱਖ ਆਗੂ ਦੀ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਫਿਰ ਤੋਂ ਭਖ ਗਿਆ ਹੈ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…