
ਮੁਹਾਲੀ: 74ਵੇਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ
ਡੀਸੀ ਆਸ਼ਿਕਾ ਜੈਨ ਨੇ ਮੀਟਿੰਗ ਕਰਕੇ ਲਿਆ ਸਮਾਗਮ ਦੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਗਣਤੰਤਰ ਦਿਵਸ ਮਨਾਇਆ ਜਾਵੇਗਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆਜ਼ਾਦੀ ਸਮਾਗਮ ਦੀਆਂ ਅਗਾਊਂ ਤਿਆਰੀਆਂ ਸਬੰਧੀ ਅੱਜ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਗਣਤੰਤਰ ਦਿਵਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ। ਉਨ੍ਹਾਂ ਹਦਾਇਤ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਸੇਵਾ ਭਾਵਨਾ ਨਾਲ ਨਿਭਾਉਣ।
ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਭਲਕੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸਮਾਗਮ ਵਾਲੀ ਥਾਂ ’ਤੇ ਕੀਤੀ ਜਾਵੇਗੀ। ਸਮਾਗਮ ਮੌਕੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਸਭਿਆਚਾਰਕ ਪੇਸ਼ਕਾਰੀਆਂ ਵਿੱਚ ਹਿੱਸਾ ਲੈਣਗੇ ਜਦੋਂਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀਟੀ ਡਰਿੱਲ ਕੀਤੀ ਜਾਵੇਗੀ। ਸਤਲੁਜ ਪਬਲਿਕ ਸਕੂਲ ਡੇਰਾਬੱਸੀ ਦੇ ਵਿਦਿਆਰਥੀਆਂ ਵੱਲੋਂ ਫੈਨ ਡਰਿੱਲ ਪੇਸ਼ ਕੀਤੀ ਜਾਵੇਗੀ। ਸ਼ਿਵਾਲਿਕ ਸਕੂਲ, ਮੁਹਾਲੀ ਦੇ ਵਿਦਿਆਰਥੀ ਲੋਕ ਨਾਚ ਸਾਮੀ ਪੇਸ਼ ਕਰਨਗੇ। ਪ੍ਰੋਗਰਾਮ ਦੀ ਸਮਾਪਤੀ ’ਤੇ ਸਰਕਾਰੀ ਮਾਡਲ ਸਕੂਲ ਫੇਜ਼-3ਬੀ1 ਦੇ ਬੱਚੇ ਰਾਸ਼ਟਰੀ ਗੀਤ ਪੇਸ਼ ਕਰਨਗੇ। ਇਸ ਮੌਕੇ ਜਨਤਕ ਸੇਵਾਵਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਰੈੱਡ ਕਰਾਸ ਸੁਸਾਇਟੀ ਵੱਲੋਂ ਸਿਲਾਈ ਮਸ਼ੀਨਾਂ, ਵ੍ਹੀਲ ਚੇਅਰਾਂ ਅਤੇ ਬਿਊਟੀ ਕਿੱਟਾਂ ਵੰਡੀਆਂ ਜਾਣਗੀਆਂ। ਵੱਖ-ਵੱਖ ਵਿਭਾਗ ਝਾਕੀਆਂ ਰਾਹੀਂ ਆਪਣੇ ਕੰਮਾਂ ਨੂੰ ਪ੍ਰਦਰਸ਼ਿਤ ਕਰਨਗੇ। ਬਾਜਰੇ ਦੇ ਪੌਸ਼ਟਿਕ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਬਾਜਰੇ ਦਾ ਸਟਾਲ ਵੀ ਲਗਾਇਆ ਜਾ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਸਟੇਜ ਦੀ ਸਜਾਵਟ, ਗਰਾਊਂਡ ਦੀ ਸਾਫ਼-ਸਫ਼ਾਈ, ਸੈਨੇਟਾਈਜ਼ੇਸ਼ਨ, ਪਰੇਡ, ਝਾਕੀਆਂ, ਸੁਰੱਖਿਆ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਸਵਾਗਤੀ ਗੇਟ, ਪਬਲਿਕ ਐਡਰੈੱਸ ਸਿਸਟਮ, ਰਿਕਵਰੀ ਵੈਨ, ਫਾਇਰ ਟੈਂਡਰ, ਚੌਕਾਂ ਦੀ ਸਜਾਵਟ, ਰਿਫਰੈਸ਼ਮੈਂਟ, ਬੈਰੀਕੇਡਿੰਗ,ਸੁਰੱਖਿਆ ਦੇ ਮੱਦੇਨਜ਼ਰ ਸੀਸੀਟੀਵੀ ਕੈਮਰਿਆਂ ਦਾ ਪ੍ਰਬੰਧ ਕਰਨ , ਕੋਵਿਡ ਦੀਆਂ ਹਦਾਇਤਾ ਦਾ ਪਲਣ ਕਰਨ ਅਤੇ ਬੈਠਣ ਦੇ ਪ੍ਰਬੰਧਾਂ ਆਦਿ ਨੂੰ ਸੁਚੱਜੇ ਢੰਗ ਨਾਲ ਮਿੱਥੇ ਸਮੇਂ ਵਿੱਚ ਕਰਨ ਲਈ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਮੀਟਿੰਗ ਵਿੱਚ ਏਡੀਸੀ (ਜ) ਅਮਨਿੰਦਰ ਕੌਰ ਬਰਾੜ, ਏਡੀਸੀ (ਪੇਂਡੂ ਵਿਕਾਸ) ਅਵਨੀਤ ਕੌਰ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇੰਦਰਪਾਲ, ਐਸਡੀਐਮ ਸਰਬਜੀਤ ਕੌਰ, ਐਸਪੀ ਅਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।