
ਮੁਹਾਲੀ: ਮੰਡੀਆਂ ਵਿੱਚ ਖ਼ਰੀਦ ਏਜੰਸੀਆਂ ਨੇ ਇੱਕ ਦਿਨ ’ਚ ਸਿਰਜਿਆ ਲਿਫ਼ਟਿੰਗ ਦਾ ਨਵਾਂ ਰਿਕਾਰਡ
ਪਿਛਲੇ ਸੀਜ਼ਨਾਂ ਦੇ ਮੁਕਾਬਲੇ ਚਾਲੂ ਸੀਜ਼ਨ ਵਿੱਚ ਇੱਕ ਦਿਨ ਵਿੱਚ 6474 ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ
ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 81076 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ
ਨਬਜ਼-ਏ-ਪੰਜਾਬ, ਮੁਹਾਲੀ, 23 ਅਪਰੈਲ:
ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਸੀਜ਼ਨਾਂ ਦੇ ਮੁਕਾਬਲੇ ਇੱਕ ਦਿਨ ਵਿੱਚ ਸਭ ਤੋਂ ਵੱਧ ਲਿਫ਼ਟਿੰਗ ਦਾ ਰਿਕਾਰਡ ਕਾਇਮ ਕਰਦੇ ਹੋਏ ਚਾਲੂ ਸੀਜ਼ਨ ਵਿੱਚ ਇੱਕ ਦਿਨ ਵਿੱਚ 6474 ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਨਾਲ ਹੀ ਜੇਕਰ ਪ੍ਰਾਈਵੇਟ ਵਪਾਰੀਆਂ ਵੱਲੋਂ ਕੀਤੀ ਲਿਫ਼ਟਿੰਗ ਨੂੰ ਵੀ ਜੋੜਿਆ ਜਾਵੇ ਤਾਂ ਇੱਕ ਦਿਨ ਦੀ ਕੁੱਲ ਲਿਫ਼ਟਿੰਗ 8015 ਮੀਟਰਿਕ ਟਨ ’ਤੇ ਪੁੱਜ ਜਾਵੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੰਡੀਆਂ ਵਿੱਚ ਲਿਫ਼ਟਿੰਗ ਨੂੰ ਤੇਜ਼ ਕਰਦਿਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਕਣਕ ਤੇਜ਼ੀ ਨਾਲ ਆਪਣੇ ਸਟੋਰੇਜ ਪੁਆਇੰਟਾਂ ’ਤੇ ਲਿਜਾਈ ਜਾ ਰਹੀ ਹੈ। ਇਸ ਤੋਂ ਇਲਾਵਾ ਰੇਲਵੇ ਰਾਹੀਂ ਸਪੈਸ਼ਲਾਂ ਅਤੇ ਕੰਨਟੇਨਰਾਂ ਦਾ ਲਗਾਤਾਰ ਇੰਤਜ਼ਾਮ ਕੀਤਾ ਜਾ ਰਿਹਾ ਹੈ, ਜਿਸ ਨਾਲ ਕਣਕ ਦੂਜੇ ਸੂਬਿਆਂ ਵਿਚ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਮੂਵਮੈਂਟ ਪੂਰੇ ਜ਼ੋਰਾਂ ’ਤੇ ਹੈ।
ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਦੱਸਿਆ ਕਿ ਹੁਣ ਤੱਕ ਮੁਹਾਲੀ ਜ਼ਿਲ੍ਹੇ ਵਿਚ ਖ਼ਰੀਦ ਏਜੰਸੀਆਂ ਵੱਲੋਂ ਕੁੱਲ 81076 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ, ਜਿਸ ’ਚੋਂ 37153 ਮੀਟਰਿਕ ਟਨ (ਸਰਕਾਰੀ ਹਦਾਇਤਾਂ ਅਨੁਸਾਰ ਖ਼ਰੀਦ ਤੋਂ 72 ਘੰਟਿਆਂ ਵਿੱਚ) ਜੋ 66 ਫਿੱਸਦੀ ਬਣਦੀ ਹੈ, ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਕਣਕ ਦੀ ਲਿਫ਼ਟਿੰਗ ਵੀ ਜਲਦ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਮੰਡੀਆਂ ਵਿਚ ਕਣਕ ਦੀ ਆਮਦ ਸਿਖ਼ਰਾਂ ’ਤੇ ਹੈ।
ਜ਼ਿਲ੍ਹੇ ਵਿਚ ਖ਼ਰੀਦ ਲਈ ਗੱਠਾਂ ਅਤੇ ਹੋਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਨਾਲ ਹੀ 48 ਘੰਟੇ ਦੀ ਅਦਾਇਗੀ 119 ਪ੍ਰਤੀਸ਼ਤ ਅਤੇ 22 ਅਪੈ੍ਰਲ ਤੱਕ ਕੁੱਲ 181.60 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚੋਂ ਸਾਰੀ ਕਣਕ ਦੀ ਲਿਫ਼ਟਿੰਗ ਅਤੇ ਮੰਡੀਆਂ ਨੂੰ ਖਾਲੀ ਕਰਨ ਲਈ ਖ਼ਰੀਦ ਏਜੰਸੀਆਂ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ।