
ਮੁਹਾਲੀ ਵਾਸੀਆਂ ਨੂੰ ਮਿਲਿਆ ਵਰਕਿੰਗ ਵਿਮੈਨ ਹੋਸਟਲ ਦਾ ਤੋਹਫ਼ਾ: ਕੁਲਜੀਤ ਬੇਦੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਧੰਨਵਾਦ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਮੁਹਾਲੀ ਦੇ ਸਮਾਜ ਸੇਵੀ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਬਜਟ ਨੂੰ ਸਰਬਪੱਖੀ ਵਿਕਾਸ ਅਤੇ ਉਣੱਤੀ ਵਾਲਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਵਧੀਆ ਬਜਟ ਲਿਆਉਣ ਲਈ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਸਿਹਤ ਖੇਤਰ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਲਗਭਗ ਅੱਠ ਹਜ਼ਾਰ ਕਰੋੜ ਰੁਪਏ ਦਾ ਬਜਟ ਐਲੋਕੇਟ ਕਰਾਉਣ ਵਿੱਚ ਕਾਮਯਾਬ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਿਹਤ ਮੰਤਰੀ ਪੰਜਾਬ ਵਿੱਚ ਮਿਆਰੀ ਸਿਹਤ ਸੁਵਿਧਾਵਾਂ ਲਿਆਉਣ ਦੇ ਸਮਰੱਥ ਹੋਣਗੇ। ਜਿਸ ਦਾ ਵੱਡਾ ਲਾਭ ਮੁਹਾਲੀ ਵਾਸੀਆਂ ਨੂੰ ਵੀ ਹੋਵੇਗਾ ਕਿਉਂਕਿ ਸ੍ਰੀ ਸਿੱਧੂ ਮੁਹਾਲੀ ਦੇ ਹਲਕਾ ਵਿਧਾਇਕ ਵੀ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸੇ ਬਜਟ ਵਿੱਚ ਮੁਹਾਲੀ ਲਈ ਵਰਕਿੰਗ ਵਿਮੈਨ ਹੋਸਟਲ ਲਿਆਉਣ ਵਿੱਚ ਵੀ ਮੰਤਰੀ ਸਿੱਧੂ ਕਾਮਯਾਬ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਹਾਲੀ ਵਾਸਤੇ ਬਹੁਤ ਵੱਡੀ ਪ੍ਰਾਪਤੀ ਹੈ ਕਿਉਂਕਿ ਇਸ ਨਾਲ ਮੁਹਾਲੀ ਵਿੱਚ ਕੰਮਕਾਜ ਲਈ ਆਉਣ ਵਾਲੀਆਂ ਲੜਕੀਆਂ ਨੂੰ ਵਾਜਬ ਮੁੱਲ ‘ਤੇ ਸੁਰੱਖਿਅਤ ਰਿਹਾਇਸ਼ਗਾਹ ਮੁਹੱਈਆ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਬਜਟ ਵਿੱਚ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਕਾਲਜਾਂ ਤੱਕ ਦੇ ਬੱਚਿਆਂ ਤੋਂ ਇਲਾਵਾ ਅੌਰਤਾਂ ਲਈ ਮੁਫ਼ਤ ਬੱਸ ਸਰਵਿਸ ਮੁਹੱਈਆ ਕਰਵਾਉਣ ਦਾ ਵੱਡਾ ਲੋਕ ਹਿੱਤ ਫ਼ੈਸਲਾ ਲਿਆ ਹੈ ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ।
ਉਨ੍ਹਾਂ ਕਿਹਾ ਕਿ ਇਹੀ ਨਹੀਂ ਪੰਜਾਬ ਸਰਕਾਰ ਨੇ ਸਮਾਰਟ ਰਾਸ਼ਨ ਕਾਰਡ ਆਪਣੇ ਪੱਧਰ ਤੇ ਬਣਾਉਣ ਦਾ ਫ਼ੈਸਲਾ ਕੀਤਾ ਹੈ ਜਿਸ ਰਾਹੀਂ ਹੋਰ ਪਰਿਵਾਰਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇਗਾ ਅਤੇ ਇਸ ਨਾਲ ਲੋੜਵੰਦ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਪੈਨਸ਼ਨ ਸਕੀਮ ਵਿਚ ਵਾਧਾ ਕੀਤਾ ਗਿਆ ਹੈ ਜਿਸ ਦੇ ਤਹਿਤ ਅੰਗਹੀਣ ਵਿਧਵਾ ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਹੈ, ਜਦੋਂਕਿ ਸ਼ਗਨ ਸਕੀਮ 21 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਕੀਤੀ ਗਈ ਹੈ। ਜਿਸ ਨਾਲ ਪੈਨਸ਼ਨ ਲਾਭਪਾਤਰੀਆਂ ਨੂੰ ਹੋਰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਪੰਜਾਬ ਸਰਕਾਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਜੁਲਾਈ 2021 ਤੋਂ ਲਾਗੂ ਕਰਨ ਦਾ ਫੈਸਲਾ ਕਰਕੇ ਮੁਲਾਜ਼ਮ ਹਿੱਤ ਵਾਲੀ ਸਰਕਾਰ ਹੋਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਬਜਟ ਪੇਸ਼ ਕਰਕੇ ਸਾਬਿਤ ਕੀਤਾ ਹੈ ਕਿ ਕੇਂਦਰ ਸਰਕਾਰ ਵਾਂਗ ਕੋਈ ਅੰਕੜਿਆਂ ਦੇ ਹੇਰ ਫੇਰ ਨਹੀਂ ਕੀਤੀ ਗਈ ਸਗੋਂ ਸਿੱਧੇ ਤੌਰ ’ਤੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਫਾਇਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਪੰਜਾਬ ਸਰਕਾਰ ਨੇ 2017 ਦੀਆਂ ਚੋਣਾਂ ਸਮੇਂ ਕੀਤੇ ਗਏ ਵਾਅਦੇ ਪੂਰੇ ਕੀਤੇ ਹਨ ਅਤੇ ਸਮੁੱਚੇ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਤੋਰਿਆ ਗਿਆ ਹੈ।