nabaz-e-punjab.com

ਮੁਹਾਲੀ ਗੋਲੀਕਾਂਡ: ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਦੀ ਭੈਣ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ

ਐਸਐਸਪੀ ਚਾਹਲ ਅਤੇ ਡੀਐਸਪੀ ਵਿਜੇ ਆਲਮ ਸਿੰਘ ਨੇ ਫੇਜ਼1 ਥਾਣੇ ਵਿੱਚ ਕੀਤੀ ਪੁੱਛਗਿੱਛ

ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ’ਤੇ ਪਹਿਲਾਂ ਵੀ ਚਲ ਰਹੇ ਹਨ ਕਤਲ, ਡਕੈਤੀਆਂ ਤੇ ਹੋਰ ਅਪਰਾਧਿਕ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ’ਤੇ ਗੋਲੀ ਚਲਾਉਣ ਦੇ ਮਾਮਲੇ ਦੀ ਫੇਸਬੁੱਕ ’ਤੇ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਅਜੇ ਤਾਈਂ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਹਾਦਸੇ ਨੂੰ ਮਹੀਨਾ ਬੀਤ ਜਾਣ ਦੇ ਬਾਵਜੂਦ ਪੁਲੀਸ ਗੈਂਗਸਟਰ ਨੂੰ ਨਹੀਂ ਫੜ ਸਕੀ। ਉਧਰ, ਮੁਹਾਲੀ ਪੁਲੀਸ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਦੀ ਭੈਣ ਬੀਬੀ ਰਮਨਪ੍ਰੀਤ ਕੌਰ ਨੂੰ ਪੁੱਛਗਿੱਛ ਲਈ ਆਪਣੀ ਹਿਰਾਸਤ ਵਿੱਚ ਲਿਆ ਹੈ। ਵੀਰਵਾਰ ਨੂੰ ਬਾਅਦ ਦੁਪਹਿਰ ਐਸਐਸਪੀ ਕੁਲਦੀਪ ਸਿੰਘ ਚਾਹਲ ਅਤੇ ਡੀਐਸਪੀ (ਸਿਟੀ-1) ਵਿਜੇ ਆਲਮ ਸਿੰਘ ਵੱਲੋਂ ਵੀ ਫੇਜ਼-1 ਥਾਣੇ ਵਿੱਚ ਗੈਂਗਸਟਰ ਦੀ ਭੈਣ ਤੋਂ ਪੁੱਛਗਿੱਛ ਕੀਤੀ ਗਈ। ਲੇਕਿਨ ਪੁੱਛਗਿੱਛ ਦੌਰਾਨ ਕੀ ਗੱਲ ਸਾਹਮਣੇ ਆਈ। ਇਸ ਸਬੰਧੀ ਪੁਲੀਸ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਇੱਥੋਂ ਤੱਕ ਕਿ ਥਾਣੇ ਮੁਨਸ਼ੀ ਦਾ ਕਹਿਣਾ ਸੀ ਕਿ ਪੁਲੀਸ ਨੇ ਗਾਇਕ ਗੋਲੀਕਾਂਡ ਮਾਮਲੇ ਵਿੱਚ ਕਿਸੇ ਬੀਬੀ ਨੂੰ ਹਿਰਾਸਤ ਵਿੱਚ ਨਹੀਂ ਲਿਆ ਹੈ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਡੀਐਸਪੀ (ਸਿਟੀ-1) ਵਿਜੇ ਆਲਮ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪੁਲੀਸ ਵੱਲੋਂ ਪੁੱਛਗਿੱਛ ਲਈ ਗੈਂਗਸਟਰ ਦਿਲਪ੍ਰੀਤ ਸਿੰਘ ਦੀ ਭੈਣ ਬੀਬੀ ਰਮਨਪ੍ਰੀਤ ਕੌਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਬੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਗੈਂਗਸਟਰ ਦੇ ਟਿਕਾਣੇ ਬਾਰੇ ਸੁਰਾਗ ਲਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਬੀਤੀ 13 ਅਪਰੈਲ ਦੀ ਕਰੀਬ ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਰਸਤੇ ਵਿੱਚ ਘੇਰ ਕੇ ਫਾਇਰਿੰਗ ਕੀਤੀ ਗਈ ਸੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਇਸ ਹਮਲੇ ਵਿੱਚ ਗਾਇਕ ਦਾ ਦੋਸਤ ਕੁਲਵੰਤ ਸਿੰਘ ਉਰਫ਼ ਲਾਡੀ ਵੀ ਜ਼ਖ਼ਮੀ ਹੋਇਆ ਸੀ। ਦੋਵਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਸਨ। ਉਨ੍ਹਾਂ ਨੂੰ ਕਈ ਦਿਨ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਵੀ ਰਹਿਣਾ ਪਿਆ ਹੈ। ਹਾਲਾਂਕਿ ਪਰਮੀਸ਼ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਕਿਹਾ ਸੀ ਕਿ ਉਹ ਕਿਸੇ ਹਮਲਾਵਰ ਨੂੰ ਨਹੀਂ ਜਾਣਦਾ ਪ੍ਰੰਤੂ ਫੇਸਬੁੱਕ ’ਤੇ ਗੈਂਗਸਟਰ ਦਿਲਪ੍ਰੀਤ ਸਿੰਘ ਨੇ ਗਾਇਕ ਨੂੰ ਗੋਲੀ ਮਾਰਨ ਦੀ ਗੱਲ ਕਬੂਲ ਕੇ ਸਾਰੀ ਸਥਿਤੀ ਸਪੱਸ਼ਟ ਕਰ ਦਿੱਤੀ ਸੀ। ਇਸ ਸਬੰਧੀ ਪੁਲੀਸ ਵੱਲੋਂ ਸੋਸ਼ਲ ਮੀਡੀਆ ’ਤੇ ਅਪਲੋਡ ਹੋਈ ਜਾਣਕਾਰੀ ਅਤੇ ਗਾਇਕ ਦੇ ਜਾਣਕਾਰ ਲਾਡੀ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਤੇ ਹੋਰਨਾਂ ਦੇ ਖ਼ਿਲਾਫ਼ ਧਾਰਾ 307, 148, 149 ਅਤੇ ਅਸਲਾ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।
(ਬਾਕਸ ਆਈਟਮ)
ਗੈਂਗਸਟਰ ਦਿਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਉਹ ਜ਼ਿਲ੍ਹਾ ਰੂਪਨਗਰ ਦੇ ਕਸਬਾ ਨੁਰਪੂਰਬੇਦੀ ਦਾ ਰਹਿਣ ਵਾਲਾ ਹੈ ਅਤੇ ਉਸ ’ਤੇ ਪਹਿਲਾਂ ਵੀ ਕਤਲ, ਡਕੈਤੀਆਂ ਤੇ ਕੋਈ ਹੋਰ ਅਪਰਾਧਿਕ ਮਾਮਲੇ ਦਰਜ ਹਨ। ਦਿਲਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਦੀ ਜ਼ਿੰਮੇਵਾਰੀ ਆਪਣੇ ਸਿਰ ਲਏ ਜਾਣ ਤੋਂ ਬਾਅਦ ਪੁਲੀਸ ਨੇ ਉਸ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੈਂਗਸਟਰ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲੀਸ ਨੇ ਫੇਸਬੁੱਕ ਅਕਾਉਂਟ ਅਤੇ ਹੋਰ ਹੀਲੇ ਵਸੀਲਿਆਂ ਰਾਹੀਂ ਉਸ ਦੀ ਭਾਲ ਕੀਤੀ ਜਾ ਰਹੀ ਹੈ ਲੇਕਿਨ ਹੁਣ ਤੱਕ ਪੁਲੀਸ ਨੂੰ ਉਸ ਦੇ ਟਿਕਾਣੇ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…