Nabaz-e-punjab.com

ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਦੀ ਕਰੋਨਾ ਰਿਪੋਰਟ ਪਾਜ਼ੇਟਿਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਕਰੋਨਾ ਮਹਾਮਾਰੀ ਦੇ 96 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 14 ਹਜ਼ਾਰ 396 ’ਤੇ ਪਹੁੰਚ ਗਈ ਹੈ। ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਵੀ ਕਰੋਨਾ ਦੇ ਲਪੇਟੇ ਵਿੱਚ ਆ ਗਏ ਹਨ। ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ. ਜੀਬੀ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਨੂੰ 10 ਦਿਨ ਆਈਸੋਲੇਸ਼ਨ ਅਤੇ ਸੱਤ ਦਿਨ ਆਪਣੇ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸਐਸਪੀ ਦੇ ਦਫ਼ਤਰੀ ਸਟਾਫ਼ ਦੀ ਸਿਹਤ ਜਾਂਚ ਲਈ ਸੈਂਪਲ ਲਏ ਜਾਣਗੇ। ਉਂਜ ਨਾਲ ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 116 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਜਦੋਂਕਿ ਹੁਣ ਤੱਕ 266 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ 96 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 76 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਬਨੂੜ ਵਿੱਚ 1, ਕੁਰਾਲੀ ਵਿੱਚ 2 ਅਤੇ ਖਰੜ ਵਿੱਚ 17 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1245 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 12 ਹਜ਼ਾਰ 885 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਫਿਰ ਤੋਂ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…