Nabaz-e-punjab.com

ਮੁਹਾਲੀ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ: ਬਲਬੀਰ ਸਿੱਧੂ

ਮੁਹਾਲੀ ਵਿੱਚ ਬਣਨ ਵਾਲੇ ਨਵੇਂ ਸਰਕਾਰੀ ਹਸਪਤਾਲ ਲਈ ਗਮਾਡਾ ਨੇ ਜ਼ਮੀਨ ਅਲਾਟ ਕੀਤੀ

ਡੇਰਾਬੱਸੀ ਵਿੱਚ 50 ਬੈੱਡਾਂ ਵਾਲੇ ਆਯੂਸ਼ ਹਸਪਤਾਲ ਦੀ ਕੀਤੀ ਜਾ ਰਹੀ ਉਸਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਸਰਕਾਰੀ ਮੈਡੀਕਲ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਮੁਹਾਲੀ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਮੁਹਾਲੀ ਵਿੱਚ ਨਵੇਂ ਸਰਕਾਰੀ ਹਸਪਤਾਲ ਦੀ ਉਸਾਰੀ ਲਈ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ 8.72 ਏਕੜ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਉਸਾਰੀ ਲਈ ਸੈਕਟਰ-66 ਵਿੱਚ 18 ਕਰੋੜ ਰੁਪਏ ਤੋਂ ਜ਼ਿਆਦਾ ਦੀ ਕੀਮਤ ਵਾਲੀ 42204.8 ਵਰਗ ਗਜ ਜ਼ਮੀਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਛੇਤੀ ਹੀ ਡੇਰਾਬੱਸੀ ਤੱਕ ਦੇ ਵੱਡੇ ਹਿੱਸੇ ਨੂੰ ਸਿਹਤ ਸਬੰਧੀ ਲੋੜਾਂ ਨੂੰ ਪੂਰਾ ਕਰੇਗਾ। ਇਹ ਹਸਪਤਾਲ ਸਾਰੀਆਂ ਡਾਕਟਰੀ ਸਹੂਲਤਾਂ ਅਤੇ ਆਧੁਨਿਕ ਡਾਕਟਰੀ ਉਪਕਰਨਾਂ ਨਾਲ ਲੈਸ ਹੋਵੇਗਾ।
ਸਿਹਤ ਮੰਤਰੀ ਨੇ ਕਿਹਾ ਮੁੱਖ ਮੰਤਰੀ ਨੇ ਹਸਪਤਾਲ ਦੀ ਉਸਾਰੀ ਲਈ ਫੰਡ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਲੈਂਟਰ ਆਫ਼ ਇੰਟੈਂਟ (ਐਲਓਆਈ) ਜਲਦ ਜਾਰੀ ਕਰਨ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦਾ ਧੰਨਵਾਦ ਕੀਤਾ। ਇਸ ਦੌਰਾਨ, ਖੇਤਰ ਵਿਚ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਦਿਆਲਪੁਰਾ, ਡੇਰਾਬੱਸੀ ਵਿਖੇ ਆਪਣੀ ਤਰ੍ਹਾਂ ਦਾ ਪਹਿਲਾ ਆਯੂਸ਼ ਹਸਪਤਾਲ ਸਥਾਪਤ ਕੀਤਾ ਜਾ ਰਿਹਾ ਹੈ। ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਨ ਅਤੇ ਕੁਦਰਤੀ ਢੰਗ ਨਾਲ ਸਿਹਤਮੰਦ ਜ਼ਿੰਦਗੀ ਜਿਊਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਯੂਸ਼ ਹਸਪਤਾਲ ਨੂੰ 9 ਏਕੜ ਤੋਂ ਵੱਧ ਰਕਬੇ ਵਿੱਚ ਸਥਾਪਤ ਕੀਤਾ ਜਾਵੇਗਾ। ਇਹ 50 ਬੈੱਡਾਂ ਵਾਲਾ ਹਸਪਤਾਲ ਹੋਵੇਗਾ ਜੋ ਆਯੁਰਵੈਦ, ਯੋਗਾ ਯੁਨਾਨੀ, ਸਿੱਧ ਅਤੇ ਹੋਮੀਓਪੈਥੀ ਦਵਾਈਆਂ ਦੇ ਰੂਪ ਵਿੱਚ ਸਿਹਤ ਜਾਂਚ ਅਤੇ ਇਲਾਜ ਸੇਵਾਵਾਂ ਪ੍ਰਦਾਨ ਕਰੇਗਾ।
ਮੈਡੀਕਲ ਕਾਲਜ ਮੁਹਾਲੀ ਦਾ ਕੰਮ ਜ਼ੋਰ-ਸ਼ੋਰ ਨਾਲ ਜਾਰੀ ਹੈ ਅਤੇ ਇਹ ਰਾਜ ਵਿੱਚ ਡਾਕਟਰਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ ਮੁਹਾਲੀ ਵਿੱਚ ਸਰਕਾਰੀ ਕਾਲਜ ਕੈਂਪਸ ਨੇੜੇ 3 ਏਕੜ ਵਿੱਚ ਬੀਐਸਸੀ ਨਰਸਿੰਗ ਕਾਲਜ ਵੀ ਸਥਾਪਤ ਕੀਤਾ ਜਾਵੇਗਾ। ਇਸ ਸਬੰਧੀ ਐਨਓਸੀ ਜਾਰੀ ਹੋ ਚੁੱਕਾ ਹੈ। ਇਸਦੇ ਨਾਲ ਸ਼ਹਿਰ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੁਹਾਲੀ ਵਿੱਚ ਹੋਰ ਸਿਹਤ ਸੰਭਾਲ ਸੰਸਥਾਵਾਂ ਜਿਵੇਂ ਫੇਜ਼-3ਬੀ1 ਵਿੱਚ ਕਮਿਉਨਿਟੀ ਹੈਲਥ ਸੈਂਟਰ (ਸੀਐਚਸੀ), ਸਨੇਟਾ ਵਿੱਚ ਮੁੱਢਲਾ ਸਿਹਤ ਸੈਂਟਰ (ਪੀਐਚਸੀ) ਅਤੇ ਸੈਕਟਰ-69 ਅਤੇ 79 ਵਿੱਚ ਡਿਸਪੈਂਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ।
ਇਹ ਦੁਹਰਾਉਂਦਿਆਂ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਘੱਟ ਕੀਮਤ ਵਿੱਚ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਉਪਰਾਲੇ ਕਰ ਰਹੀ ਹੈ ਕਿ ਕੋਈ ਵੀ ਸੂਬਾ ਵਾਸੀ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ, ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਲਈ ਬਜਟ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਦੁਆਰਾ ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ, ਪੈਰਾ ਮੈਡਿਕਸ ਅਤੇ ਹੋਰ ਸਹਾਇਕ ਸਟਾਫ਼ ਦੀ ਭਰਤੀ ਨਿਯਮਤ ਅੰਤਰਾਲਾਂ ’ਤੇ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਮੁਹਾਲੀ ਦੇ ਮੈਡੀਕਲ ਕਾਲਜ ਤੋਂ ਇਲਾਵਾ ਜੂਬੇ ਵਿਚ ਚਾਰ ਨਵੇਂ ਮੈਡੀਕਲ ਕਾਲਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆਂ ਨੂੰ ਕੋਵਿਡ-19 ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨੇ ਵਿਸ਼ਵਵਿਆਪੀ ਸਿਹਤ ਸੰਕਟ ਪੈਦਾ ਕਰ ਦਿੱਤਾ ਹੈ। ਮਹਾਮਾਰੀ ਖ਼ਿਲਾਫ਼ ਲੜਾਈ ਚੁਨੌਤੀਪੂਰਨ ਰਹੀ ਹੈ ਅਤੇ ਅਸੀਂ ਅਜਿਹੇ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਮੁਹਾਲੀ ਨੂੰ ਮੈਡੀਕਲ ਹੱਬ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…