
ਮੁਹਾਲੀ ਵਿੱਚ ਹੋਵੇਗਾ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ, ਕੈਪਟਨ ਲਹਿਰਾਉਣਗੇ ਤਿਰੰਗਾ
ਡੀਸੀ ਗਿਰੀਸ਼ ਦਿਆਲਨ ਨੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲਿਆ, ਸਮਾਗਮ ਵਾਲੀ ਥਾਂ ਦਾ ਕੀਤਾ ਦੌਰਾ
ਸਿਹਤ ਤੇ ਸੁਰੱਖਿਆ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਲਈ ਦਿੱਤੇ ਦਿਸ਼ਾ-ਨਿਰਦੇਸ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਵਿੱਚ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿੱਚ ਮੁਹਾਲੀ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ।
ਡੀਸੀ ਨੇ ਕਰੋਨਾ ਸੰਕਟ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸ਼ਮੂਲੀਅਤ ਨਾ ਕਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਦਾ ਰਸਮੀ ਹਿੱਸਾ ਢੁਕਵੇਂ ਢੰਗ ਨਾਲ ਮਨਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਉਪਰੰਤ ਪੰਜਾਬ ਪੁਲੀਸ ਦੇ ਜਵਾਨ ਮਾਰਚ ਵਿੱਚ ਹਿੱਸਾ ਲੈਣਗੇ ਅਤੇ ਮੁੱਖ ਮੰਤਰੀ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਵੀ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲੀ ਵਿਦਿਆਰਥੀਆਂ ਨਾਲ ਸਬੰਧਤ ਕੋਈ ਵੀ ਸਭਿਆਚਾਰਕ ਪ੍ਰੋਗਰਾਮ ਪੇਸ਼ ਨਹੀਂ ਕੀਤਾ ਜਾਵੇਗਾ।
ਡੀਸੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਪ੍ਰਾਇਮਰੀ ਅਤੇ ਸੈਕੰਡਰੀ) ਨੂੰ ਇਹ ਯਕੀਨੀ ਬਣਾਉਣ ਹਦਾਇਤ ਦਿੱਤੀ ਕਿ ਕੋਈ ਵੀ ਸਰਕਾਰੀ ਸਕੂਲ ਜਾਂ ਪ੍ਰਾਈਵੇਟ ਸਕੂਲ ਆਪਣੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਕੋਈ ਵੀ ਦੇਸ਼ ਭਗਤੀ ਜਾਂ ਰੰਗਾਰੰਗ ਸਮਾਗਮ ਨਾ ਕਰਨ। ਉਨ੍ਹਾਂ ਨੇ ਸਮਾਗਮ ਵਾਲੀ ਥਾਂ ਦੀ ਸਾਫ਼-ਸਫ਼ਾਈ ਅਤੇ ਸਮੁੱਚੇ ਖੇਤਰ ਨੂੰ ਸੈਨੇਟਾਈਜੇਸ਼ਨ ਕਰਨ ਦੇ ਆਦੇਸ਼ ਵੀ ਦਿੱਤੇ ਅਤੇ ਸਬੰਧਤ ਅਧਿਕਾਰੀਆਂ ਨੂੰ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਐਸਡੀਐਮ ਜਗਦੀਪ ਸਹਿਗਲ ਸਮੇਤ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।