nabaz-e-punjab.com

ਮੁਹਾਲੀ: ਵਿਜੀਲੈਂਸ ਵੱਲੋਂ 7 ਲੱਖ ਰੁਪਏ ਰਿਸ਼ਵਤ ਲੈਂਦਾ ਟਰੈਫ਼ਿਕ ਪੁਲੀਸ ਦਾ ਇੰਸਪੈਕਟਰ ਗ੍ਰਿਫ਼ਤਾਰ

ਅਦਾਲਤੀ ਕੇਸ ਵਿੱਚ ਮਦਦ ਕਰਨ ਲਈ ਮੰਗੀ ਸੀ 10 ਲੱਖ ਰੁਪਏ ਦੀ ਰਿਸ਼ਵਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲੀਸ ਦੇ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਉਡਣ ਦਸਤਾ-1 ਦੇ ਮੁਹਾਲੀ ਸਥਿਤ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇੰਸਪੈਕਟਰ ਬਲਜੀਤ ਸਿੰਘ ਇਸ ਸਮੇਂ ਤਰਨਤਾਰਨ ਵਿੱਚ ਟਰੈਫ਼ਿਕ ਇੰਚਾਰਜ ਵਜੋਂ ਤਾਇਨਾਤ ਸਨ। ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਸ਼ਰਨਜੀਤ ਸਿੰਘ ਜਿੰਮੀ ਵਾਸੀ ਮਾਡਲ ਟਾਊਨ, ਖਰੜ (ਮੁਹਾਲੀ) ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਮੁਲਜ਼ਮ ਨੂੰ ਪਹਿਲਾਂ ਵੀ ਐਨਡੀਪੀਐਸ ਕੇਸ ਵਿੱਚ ਮੁਅੱਤਲ ਕੀਤਾ ਗਿਆ ਸੀ।
ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਦਫ਼ਤਰ ਵਿੱਚ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲੀਸ ਮੁਲਾਜ਼ਮ ਉਸ ਦੇ ਪਿਤਾ ਅਤੇ ਮਾਤਾ ਨੂੰ ਅਦਾਲਤੀ ਕੇਸ ਵਿੱਚ ਪੇਸ਼ੀ ਤੋਂ ਛੋਟ ਦਿਵਾਉਣ ਬਦਲੇ 10 ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਇਹ ਰਿਸ਼ਵਤ ਦੀ ਰਾਸ਼ੀ 7 ਲੱਖ ਅਤੇ 3 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਸੀ। ਵਿਜੀਲੈਂਸ ਅਨੁਸਾਰ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਉਡਣ ਦਸਤਾ-1 ਦੀ ਵਿਸ਼ੇਸ਼ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪਹਿਲੀ ਕਿਸ਼ਤ ਵਜੋਂ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਅਪਰਾਧਿਕ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …