
ਮੁਹਾਲੀ: ਵਿਜੀਲੈਂਸ ਨੇ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਦੀ ਪੈਮਾਇਸ਼ ਕੀਤੀ
ਨਬਜ਼-ਏ-ਪੰਜਾਬ, ਮੁਹਾਲੀ, 5 ਜੁਲਾਈ:
ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਵੱਖ-ਵੱਖ ਅਹਿਮ ਵਿਭਾਗਾਂ ਦੇ ਕੈਬਨਿਟ ਮੰਤਰੀ ਰਹੇ ਬ੍ਰਹਮ ਮਹਿੰਦਰਾ ਦੇ ਮੁਹਾਲੀ ਨੇੜਲੇ ਫਾਰਮ ਹਾਊਸ ’ਤੇ ਅੱਜ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅਚਾਨਕ ਦਸਤਕ ਦਿੱਤੀ। ਬ੍ਰਹਮ ਮਹਿੰਦਰਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਵਿੱਚ ਅੱਜ ਵਿਜੀਲੈਂਸ ਦੀ ਤਕਨੀਕੀ ਟੀਮ ਨੇ ਮੁਹਾਲੀ ਨੇੜੇ ਮਾਜਰਾ ਫਾਰਮ ਹਾਊਸ ਦੀ ਡੂੰਘਾਈ ਨਾਲ ਪੈਮਾਇਸ਼ ਕੀਤੀ। ਵਿਜੀਲੈਂਸ ਦੇ ਅਧਿਕਾਰੀਆਂ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਅਤੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ।
ਇੱਥੇ ਇਹ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਜ਼ਮੀਨ ਤੋਂ ਕਰੀਬ 5 ਕਿੱਲੋਮੀਟਰ ਦੂਰੀ ’ਤੇ ਇਹ ਫਾਰਮ ਹਾਊਸ ਸਥਿਤ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਕਈ ਸਾਬਕਾ ਮੰਤਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਸਾਬਕਾ ਕੈਬਨਿਟ ਮੰਤਰੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਜਾ ਚੁੱਕਾ ਹੈ।