Nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਨਿਰਣਾਇਕ ਮੋੜ ’ਤੇ ਪੁੱਜੀ: ਡੀਸੀ ਗਿਰੀਸ਼ ਦਿਆਲਨ

ਮੁਹਾਲੀ ਜ਼ਿਲ੍ਹੇ ਨਾਲ ਲੱਗਦੀਆਂ ਗੁਆਂਢੀਆਂ ਸੂਬਿਆਂ ਦੀਆਂ ਹੱਦਾਂ ’ਤੇ ਹੋਰ ਚੌਕਸੀ ਵਧਾਉਣ ਦੇ ਆਦੇਸ਼

ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਅਫ਼ਸਰਾਂ/ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨੀਤੀ ਤਹਿਤ ਨਸ਼ਿਆਂ ਖ਼ਿਲਾਫ਼ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਜ਼ਿਲ੍ਹਾ ਪੱਧਰੀ ਮਿਸ਼ਨ ਟੀਮ ਦੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਜੰਗ ਹੁਣ ਨਿਰਣਾਇਕ ਮੋੜ ’ਤੇ ਪਹੁੰਚ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਇਸ ਜੰਗ ਨੂੰ ਜਿੱਤਣ ਲਈ ਅਧਿਕਾਰੀਆਂ ਨੂੰ ਠੋਸ ਰਣਨੀਤੀ ਤਿਆਰ ਕਰ ਕੇ ਸਖ਼ਤ ਕਦਮ ਚੁੱਕਣ ਦੇ ਆਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸਪੀ (ਐੱਚ) ਗੁਰਸੇਵਕ ਸਿੰਘ ਬਰਾੜ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਪੰਜਾਬ ਸਰਕਾਰ ਦੀ ਪਹਿਲੀ ਤਰਜ਼ੀਹ ਹੈ ਅਤੇ ਜ਼ਿਲ੍ਹਾ ਮਿਸ਼ਨ ਟੀਮ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਤਿੰਨ ਬਿੰਦੂਆਂ ਐਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਅਜਿਹੀਆਂ ਥਾਵਾਂ ਦੀ ਪਛਾਣ ਕੀਤੀ ਜਾਵੇ, ਜਿੱਥੇ ਨਸ਼ਾ ਵਿਕਦਾ ਹੈ ਅਤੇ ਜ਼ਿਲ੍ਹੇ ਦੀਆਂ ਦੂਜੇ ਰਾਜਾਂ ਨਾਲ ਲੱਗਦੀਆਂ ਹੱਦਾਂ ’ਤੇ ਚੌਕਸੀ ਵਧਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ ਤਾਂ ਜੋ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਨਸ਼ੇ ਨੂੰ ਰੋਕਿਆ ਜਾ ਸਕੇ। ਇਸੇ ਨਾਲ ਹੀ ਜ਼ਿਲ੍ਹੇ ਦੇ ਝੁੱਗੀ-ਝੌਪੜੀ ਵਾਲੇ ਖੇਤਰਾਂ, ਜਿੱਥੇ ਨਸ਼ਾ ਵੇਚਿਆ ਜਾਂਦਾ ਹੈ, ਦੀ ਸ਼ਨਾਖ਼ਤ ਕਰ ਕੇ ਉੱਥੇ ਹੁੰਦੀ ਨਸ਼ੇ ਦੀ ਵਿਕਰੀ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ।
ਸ੍ਰੀ ਗਰੀਸ਼ ਦਿਆਲਨ ਨੇ ਕਿਹਾ ਕਿ ਸਬ ਡਿਵੀਜ਼ਨ ਪੱਧਰ ’ਤੇ ਐਸਡੀਐਮ ਐਕਸ਼ਨ ਪਲਾਨ ਤਹਿਤ ਕੰਮ ਕਰਨ ਅਤੇ ਪਿੰਡ ਪੱਧਰ ’ਤੇ ਵਿਲੇਜ ਮਿਸ਼ਨ ਟੀਮਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਨਿਗਰਾਨ ਕਮੇਟੀਆਂ ਬਣਾ ਕੇ ਨਸ਼ਿਆਂ ਖ਼ਿਲਾਫ਼ ਇਸ ਜੰਗ ਨੂੰ ਅੱਗੇ ਵਧਾਇਆ ਜਾਵੇ। ਵਿਲੇਜ ਮਿਸ਼ਨ ਟੀਮਾਂ ਵਿੱਚ ਪੰਚਾਇਤ ਸਕੱਤਰਾਂ ਤੋਂ ਇਲਾਵਾ ਆਂਗਨਵਾੜੀ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਜਾਵੇ ਤੇ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਬਾਕਾਇਦਾ ਟਰੇਨਿੰਗ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਾ ਮੁਕਤ ਪਿੰਡਾਂ/ਖੇਤਰਾਂ ਬਾਰੇ ਵਿਵਹਾਰਕ ਅੰਕੜੇ ਇਕੱਠੇ ਕਰਨ ਅਤੇ ਜੇ ਇਨ੍ਹਾਂ ਪਿੰਡਾਂ/ਖੇਤਰਾਂ ਵਿੱਚ ਕੋਈ ਨਸ਼ਾ ਪੀੜਤ ਮਿਲਦਾ ਹੈ ਤਾਂ ਉਸ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਲਈ ਉਪਰਾਲੇ ਕਰਨ ਤਾਂ ਜੋ ਇਨ੍ਹਾਂ ਨਸ਼ਾ ਮੁਕਤ ਪਿੰਡਾਂ/ਖੇਤਰਾਂ ਦੀ ਗਿਣਤੀ ਨੂੰ ਕਾਇਮ ਰੱਖਣ ਤੋਂ ਇਲਾਵਾ ਭਵਿੱਖ ਵਿੱਚ ਵਧਾਇਆ ਜਾ ਸਕੇ।
ਡੀਸੀ ਨੇ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਨਸ਼ਾ ਛੱਡਣ ਲਈ 25 ਦਿਨ ਲਗਾਤਾਰ ਆਉਣ ਵਾਲੇ ਮਰੀਜ਼ਾਂ ’ਤੇ ਨਸ਼ਾ ਛੱਡਣ ਤੋਂ ਬਾਅਦ ਵੀ ਨਜ਼ਰ ਰੱਖੀ ਜਾਵੇ ਅਤੇ ਨਸ਼ਾ ਮੁਕਤੀ ਤੇ ਓਟ ਸੈਂਟਰਾਂ ਵਿੱਚ ਇਨਫਰਾਸਟਰਕਚਰ ਸਬੰਧੀ ਮੁਸ਼ਕਲਾਂ ਨੂੰ ਜਲਦੀ ਦੂਰ ਕੀਤਾ ਜਾਵੇ। ਨਾਲ ਹੀ ਡੈਪੋ ਅਤੇ ਬਡੀ ਲਈ ਟੀਚੇ ਨਿਰਧਾਰਿਤ ਕੀਤੇ ਜਾਣ ਤਾਂ ਜੋ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਉਨ੍ਹਾਂ ਦੇ ਪ੍ਰਭਾਵ ਨੂੰ ਹੋਰ ਵਧਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਵੀ ਇਸ ਲੜਾਈ ਵਿੱਚ ਸ਼ਾਮਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਬਾਕਸ ਲਾਇਆ ਜਾਵੇਗਾ, ਜਿਸ ਵਿੱਚ ਕੋਈ ਵੀ ਨਸ਼ਿਆਂ ਦੀ ਵਿਕਰੀ ਸਬੰਧੀ ਸੂਚਨਾ ਲਿਖ ਕੇ ਪਾ ਸਕੇਗਾ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਖਰੜ ਦੇ ਐਸਡੀਐਮ ਵਿਨੋਦ ਬਾਂਸਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ, ਜ਼ਿਲ੍ਹਾ ਮੈਡੀਕਲ ਅਫ਼ਸਰ ਡਾ. ਰਮੇਸ਼ ਸਿੰਗਲਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਵਿੰਦਰ ਕੌਰ, ਆਰਐਮਓ ਡਾ. ਜਗਜੀਤ ਸਿੰਘ, ਐਮਓ ਡਾ. ਗੁਰਮਨ ਸਿੰਘ ਸਮੇਤ ਹੋਰ ਵੀ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…