ਮੁਹਾਲੀ ਨੂੰ ਪੰਜਾਬ ਦੇ ਮਾਡਲ ਸਿਟੀ ਵਜੋਂ ਵਿਕਸਤ ਕੀਤਾ ਜਾਵੇਗਾ: ਕੈਪਟਨ ਸਿੱਧੂ

ਚੰਡੀਗੜ੍ਹ ਦੀ ਤਰਜ਼ ’ਤੇ ਮੁਹਾਲੀ ਨੂੰ ਹਰਿਆ-ਭਰਿਆ ਬਣਾਉਣ, ਵੇਸਟ ਮੈਨੇਜਮੈਂਟ ਦੀ ਵਿਵਸਥਾ ਅਤੇ ਮੈਟਰੋ ਰੇਲ ਨੂੰ ਦਿੱਤੀ ਜਾਵੇਗੀ ਤਰਜੀਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਨੇੜਲੇ ਪਿੰਡ ਸੋਹਾਣਾ ਵਿਖੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਕਰਵਾਈ ਗਈ ਮੀਟਿੰਗ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੱੁਖ ਉਦੇਸ਼ ਰਾਜਨੀਤੀ ਕਰਨਾ ਨਹੀਂ, ਸਗੋਂ ਲੋਕ ਸੇਵਾ ਹੈ। ਇਸ ਮੌਕੇ ਸੋਹਾਣਾ ਵਾਸੀਆਂ ਲੋਕਾਂ ਨੇ ਕੈਪਟਨ ਸਿੱਧੂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਨ ਹਮਾਇਤ ਦੇਣ ਦਾ ਭਰੋਸਾ ਦਿੱਤਾ।
ਕੈਪਟਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਮੁਹਾਲੀ ਹਲਕੇ ਨੂੰ ਪੰਜਾਬ ਦੇ ਮੋਹਰੀ ਹਲਕੇ ਵਜੋਂ ਵਿਕਸਤ ਕਰਨ ਦਾ ਬੀੜਾ ਚੱੁਕਿਆ ਹੈ ਅਤੇ ਇਸ ਲਈ ਉਹ ਹਰ ਸੰਭਵ ਕਦਮ ਚੁੱਕਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਡੀ.ਸੀ. ਰਹਿੰਦਿਆਂ ਮੁਹਾਲੀ ਸ਼ਹਿਰ ਦੇ ਨਾਲ-ਨਾਲ ਸਮੁੱਚੇ ਹਲਕੇ ਦੇ ਪਿੰਡਾਂ ਦੀਆਂ ਅਨੇਕਾਂ ਸਮੱਸਿਆਵਾਂ ਹੱਲ ਕੀਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਜਿੱਤਣ ਉਪਰੰਤ ਪਿੰਡਾਂ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਦੇ ਸਹਿਯੋਗ ਨਾਲ ਪਹਿਲ ਦੇ ਅਧਾਰ ’ਤੇ ਗਰਾਂਟਾਂ ਅਤੇ ਹੋਰ ਪ੍ਰਾਜੈਕਟ ਲਿਆ ਕੇ ਮੁਹਾਲੀ ਨੂੰ ਪੰਜਾਬ ਦੇ ਮੋਹਰੀ ਹਲਕੇ ਵਜੋਂ ਵਿਕਸਤ ਕਰਨ ਦਾ ਉਨ੍ਹਾਂ ਨੇ ਤਹੱਈਆ ਕੀਤਾ ਹੈ।
ਇਸ ਮੌਕੇ ਬੋਲਦਿਆਂ ਲੇਬਰਫੈੱਡ ਪੰਜਾਬ ਦੇ ਐਮ.ਡੀ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਕੈਪਟਨ ਸਿੱਧੂ ਇਕ ਪੜ੍ਹੇ-ਲਿਖੇ ਅਤੇ ਅਗਾਂਹਵਧੂ ਸੋਚ ਵਾਲੇ ਇਨਸਾਨ ਹਨ ਅਤੇ ਉਹ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਿੱਧੂ ਮੁਹਾਲੀ ਹਲਕੇ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਉਹ ਮੁਹਾਲੀ ਨੂੰ ਚੰਡੀਗੜ੍ਹ ਸ਼ਹਿਰ ਵਰਗਾ ਹਰਾ-ਭਰਾ, ਆਧੁਨਿਕ ਅਤੇ ਮੈਟਰੋ ਸ਼ਹਿਰ ਵਜੋਂ ਵਿਕਸਤ ਕਰਨਾ ਚਾਹੁੰਦੇ ਹਨ। ਜਿਥੇ ਪਿੰਡਾਂ ਅਤੇ ਸ਼ਹਿਰ ਦੇ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ, ਵਿੱਦਿਆ ਅਤੇ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਹੋਰ ਵੱਡੇ ਪ੍ਰਾਜੈਕਟ ਲਿਆਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈਆ ਡਿਜ਼ੀਟਲ ਇੰਡੀਆ, ਸਕਿੱਲ ਇੰਡੀਆ ਤੇ ਹੋਰ ਪ੍ਰਾਜੈਕਟਾਂ ਨੂੰ ਅੱਗੇ ਲਿਜਾਉਣ ਲਈ ਅਕਾਲੀ ਦਲ ਅਤੇ ਬਾਦਲ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਨੂੰ ਪਹਿਲ ਦੇ ਅਧਾਰ ’ਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣਗੇ।
ਕੈਪਟਨ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਭਾਜਪਾ ਸਰਕਾਰ ਨੇ ਗਰੀਬਾਂ ਲਈ ਚਲਾਈ ਆਟਾ-ਦਾਲ ਸਕੀਮ, ਕਿਸਾਨਾਂ ਦੇ ਟਿਊਬਵੈਲਾਂ ਲਈ ਮੁਫ਼ਤ ਬਿਜਲੀ, ਗਰੀਬ ਵਰਗ ਦੀਆਂ ਲੜਕੀਆਂ ਦੇ ਵਿਆਹ ਵਾਸਤੇ ਸ਼ਗਨ ਸਕੀਮ, ਲੜਕੀਆਂ ਲਈ ਮਾਈ ਭਾਗੋ ਸਕੀਮ ਅਧੀਨ ਸਾਈਕਲ ਦੇਣ ਆਦਿ ਤੋਂ ਇਲਾਵਾ ਬਜ਼ੁਰਗਾਂ, ਅਪਾਹਜਾਂ ਅਤੇ ਹੋਰ ਆਸ਼ਰਿਤ ਲੋਕਾਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਉਹ ਲੋੜਵੰਦ ਲੋਕਾਂ ਤੱਕ ਪੁੱਜਦਾ ਕਰਨਗੇ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਨੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ’ਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਕੈਪਟਨ ਸਿੱਧੂ ਨੇ ਕਿਹਾ ਕਿ ਉਹ ਮੁਹਾਲੀ ਹਲਕੇ ਦੇ ਪਿੰਡਾਂ ਦੀ ਦਿੱਖ ਸੁਧਾਰਨ ਲਈ ਦਿਨ-ਰਾਤ ਇਕ ਕਰ ਦੇਣਗੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ ਤੇ ਬੀਬੀ ਕਮਲਜੀਤ ਕੌਰ, ਸੀਨੀਅਰ ਆਗੂ ਮਾਨ ਸਿੰਘ ਸੋਹਾਣਾ, ਨੰਬਰਦਾਰ ਹਰਵਿੰਦਰ ਸਿੰਘ ਤੇ ਹਰਸੰਗਤ ਸਿੰਘ, ਲੈਂਡ ਮਾਰਗੇਜ਼ ਬੈਂਕ ਦੇ ਸਾਬਕਾ ਚੇਅਰਮੈਨ ਸੁਭਾਸ਼ ਬੱਬਰ, ਹਰਜੀਤ ਸਿੰਘ ਮਾਨ, ਨੰਬਰਦਾਰ ਪ੍ਰੇਮ ਸਿੰਘ, ਮਹਿਲਾ ਮੰਡਲ ਸੋਹਾਣਾ ਦੀ ਪ੍ਰਧਾਨ ਬੀਬੀ ਬਲਵੀਰ ਕੌਰ, ਟਰੱਕ ਯੂਨੀਅਨ ਮੁਹਾਲੀ ਦੇ ਪ੍ਰਧਾਨ ਦੀਦਾਰ ਸਿੰਘ, ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਲਾਭ ਸਿੰਘ, ਵਕੀਲ ਗਗਨਦੀਪ ਸਿੰਘ ਸੋਹਾਣਾ, ਸਾਬਕਾ ਸਰਪੰਚ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…