ਪਿੰਡ ਰੁੜਕਾ ਵਿੱਚ ਝਗੜੇ ਦੌਰਾਨ ਅੌਰਤ ਨਾਲ ਛੇੜਛਾੜ, ਕੇਸ ਦਰਜ

ਪੰਜ ਸਾਲ ਪਹਿਲਾਂ ਵੀ ਹੋਇਆ ਸੀ ਛੇੜਛਾੜ ਦਾ ਕੇਸ ਦਰਜ, ਸਿਆਸੀ ਦਬਾਅ ਕਾਰਨ ਹੁਣ ਤੱਕ ਕਿਸੇ ਕੰਢੇ ਨਹੀਂ ਲੱਗਾ ਕੇਸ

ਜਯੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਇੱਥੋਂ ਦੇ ਨਜ਼ਦੀਕੀ ਪਿੰਡ ਰੁੜਕਾ ਵਿੱਚ ਕੁਝ ਵਿਅਕਤੀਆਂ ਵੱਲੋਂ ਸ਼ਰ੍ਹੇਆਮ ਕਰਫਿਊ ਨਿਯਮਾਂ ਦੀ ਉਲੰਘਣਾ ਕਰਦਿਆਂ ਗਰੁੱਪ ਬਣਾ ਕੇ ਲੜਾਈ ਝਗੜਾ ਕਰਨ ਅਤੇ ਇਕ ਅੌਰਤ (ਮੈਂਬਰ ਪੰਚਾਇਤ) ਦੀ ਇੱਜ਼ਤ ਨੂੰ ਹੱਥ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੋਹਾਣਾ ਪੁਲੀਸ ਨੇ ਪੀੜਤ ਅੌਰਤ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਪਿੰਡ ਦੇ ਵਸਨੀਕ ਗੁਰਪ੍ਰੀਤ ਸਿੰਘ, ਗੁਰਦਰਸ਼ਨ ਸਿੰਘ, ਗੁਰਜੰਟ, ਬਿੱਲਾ, ਲਾਡੀ ਅਤੇ ਕਈ ਹੋਰਨਾਂ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 354,342, 509, 294, 149, 506, 188, 279 ਅਤੇ 270 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਉਕਤ ਸਾਰੇ ਵਿਅਕਤੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੁਲੀਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਥਾਣਾ ਸੋਹਾਣਾ ਦੇ ਐਸਐਚਓ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ਦਿਨੀਂ ਪੀੜਤ ਅੌਰਤ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਕਤ ਵਿਅਕਤੀਆਂ ਨੇ ਕਰਫਿਊ ਨਿਯਮਾਂ ਦੀ ਉਲੰਘਣਾ ਕਰਦਿਆਂ ਇਕੱਠੇ ਹੋ ਕੇ ਲੜਾਈ ਝਗੜਾ ਕੀਤਾ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਇਤਰਾਜ਼ਯੋਗ ਕੂਮੈਂਟ ਕਰਕੇ ਜਨਤਕ ਤੌਰ ’ਤੇ ਜਲੀਲ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਪਿੰਡ ਦੇ ਮੋਹਤਬਰ ਬੰਦਿਆਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਵਰਜ਼ਿਆ ਤਾਂ ਉਹ ਲਲਕਾਰੇ ਮਾਰਦੇ ਹੋਏ ਫਰਾਰ ਹੋ ਗਏ।
ਪੀੜਤ ਅੌਰਤ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਗੁਰਪ੍ਰੀਤ ਸਿੰਘ ਤੇ ਕਈ ਹੋਰਨਾਂ ਖ਼ਿਲਾਫ਼ ਜੁਲਾਈ 2015 ਵਿੱਚ ਵੀ ਪਿੰਡ ਦੀ ਇਕ ਅੌਰਤ ਨਾਲ ਛੇੜਛਾੜ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ ਲੇਕਿਨ ਬਾਅਦ ਵਿੱਚ ਸਿਆਸੀ ਦਬਾਅ ਪੈਣ ਕਾਰਨ ਇਹ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ ਅਤੇ ਹੁਣ ਤੱਕ ਕਿਸੇ ਕੰਢੇ ਨਹੀਂ ਲੱਗਾ। ਜਾਂਚ ਅਧਿਕਾਰੀ ਸਬ ਇੰਸਪੈਕਰ ਨੈਬ ਸਿੰਘ ਦਾ ਕਹਿਣਾ ਹੈ ਕਿ ਪੁਲੀਸ ਨੇ ਕੇਸ ਦਰਜ ਕਰਕੇ ਵੱਖ-ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫ਼ਤਾਰੀ ਕਰਨ ਲਈ ਉਨ੍ਹਾਂ ਦੇ ਘਰਾਂ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਲੇਕਿਨ ਉਹ ਫਰਾਰ ਦੱਸੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…