
ਮਨੀ ਲਾਂਡਰਿੰਗ ਕੇਸ: ਹਾਈ ਕੋਰਟ ਵੱਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ ਮਨਜ਼ੂਰ, ਜੇਲ੍ਹ ’ਚੋਂ ਰਿਹਾਅ ਕਰਨ ਦੇ ਹੁਕਮ
ਮੁਹਾਲੀ ਅਦਾਲਤ ਨੇ ਖਹਿਰਾ ਨੂੰ ਦੁਪਹਿਰ ਵੇਲੇ ਹੀ ਦੇ ਦਿੱਤੀ ਸੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਜਾਜ਼ਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਉਂਜ ਇਸ ਤੋਂ ਪਹਿਲਾਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਖਹਿਰਾ ਨੂੰ ਦੁਪਹਿਰ ਵੇਲੇ ਹੀ 31 ਜਨਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਸਮੇਂ ਸੁਖਪਾਲ ਖਹਿਰਾ ਨਿਆਇਕ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਨ। ਹਾਈ ਕੋਰਟ ਨੇ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਜੇਲ੍ਹ ’ਚੋਂ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਸੁਖਪਾਲ ਖਹਿਰਾ ਨੂੰ ਬੇਕਸੂਰ ਦੱਸਦੇ ਹੋਏ ਈਡੀ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਲਈ ਕਾਂਗਰਸ ਆਗੂ ਦੀ ਜ਼ਮਾਨਤ ਮਨਜ਼ੂਰ ਕਰਕੇ ਉਸ ਨੂੰ ਜੇਲ੍ਹ ’ਚੋਂ ਰਿਹਾਅ ਕੀਤਾ ਜਾਵੇ। ਜਦੋਂਕਿ ਈਡੀ ਦੇ ਵਕੀਲਾਂ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਾਂਗਰਸ ਆਗੂ ਵਿਰੁੱਧ ਤੱਥਾਂ ਦੇ ਆਧਾਰ ’ਤੇ ਪਰਚਾ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਚ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਅਤੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਅੱਜ ਸੁਖਪਾਲ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ। ਉਹ ਭੁਲੱਥ ਹਲਕੇ ਤੋਂ ਚੋਣ ਲੜ ਰਹੇ ਹਨ।
ਜ਼ਿਕਰਯੋਗ ਹੈ ਸੁਖਪਾਲ ਖਹਿਰਾ ਨੂੰ ਬੀਤੀ 11 ਨਵੰਬਰ ਨੂੰ ਉਕਤ ਮਾਮਲੇ ਵਿੱਚ ਪੁੱਛਗਿੱਛ ਲਈ ਈਡੀ ਦੇ ਸੈਕਟਰ-18 ਸਥਿਤ ਦਫ਼ਤਰ ਵਿੱਚ ਸੱਦਿਆ ਗਿਆ ਸੀ। ਜਿੱਥੇ ਮੁੱਢਲੀ ਪੁੱਛਗਿੱਛ ਦੌਰਾਨ ਕਾਂਗਰਸ ਆਗੂ ਦੀ ਗ੍ਰਿਫ਼ਤਾਰੀ ਪਾ ਲਈ ਗਈ ਸੀ। ਈਡੀ ਵੱਲੋਂ ਸਾਲ 2015 ਵਿੱਚ ਫਾਜ਼ਿਲਕਾ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ। ਖਹਿਰਾ ’ਤੇ ਵੱਖ-ਵੱਖ ਵਿਦੇਸ਼ੀ ਮੁਲਕਾਂ ’ਚੋਂ ਚੰਦੇ ਦੇ ਰੂਪ ਵਿੱਚ ਵੱਡੀ ਮਾਤਰਾ ਵਿੱਚ ਪੈਸਾ ਇਕੱਠਾ ਕਰਨ ਦਾ ਗੰਭੀਰ ਦੋਸ਼ ਹੈ। ਪੁੱਛਗਿੱਛ ਮਗਰੋਂ ਈਡੀ ਨੇ ਇਸ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਨਾਮਜ਼ਦ ਕਰ ਲਿਆ ਗਿਆ।
(ਬਾਕਸ ਆਈਟਮ)
ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ ਸਪੁੱਤਰ ਅਤੇ ਵਕੀਲ ਮਹਿਤਾਬ ਸਿੰਘ ਖਹਿਰਾ ਨੇ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਹਿਗੁਰੂ ਦੇ ਅਸੀਰਵਾਦ ਅਤੇ ਸਮਰਥਕਾਂ ਦੀਆਂ ਅਰਦਾਸਾਂ ਕਾਰਨ ਉਸ ਦੇ ਪਿਤਾ ਨੂੰ ਜ਼ਮਾਨਤ ਮਿਲ ਗਈ ਹੈ ਜਦੋਂਕਿ ਉਨ੍ਹਾਂ ਦੇ ਸਿਆਸੀ ਵਿਰੋਧੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖਹਿਰਾ ਨੂੰ ਜੇਲ੍ਹ ’ਚੋਂ ਬਾਹਰ ਨਾ ਆਉਣ ਲਈ ਯੋਜਨਾ ਘੜ ਰਹੀ ਸੀ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਉਸ ਦੇ ਪਿਤਾ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ ਅਤੇ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਕਾਰਨ ਅੱਜ ਅੱਧੀ ਜੰਗ ਤਾਂ ਉਨ੍ਹਾਂ ਨੇ ਜਿੱਤ ਲਈ ਹੈ ਅਤੇ ਬਾਕੀ ਦੀ ਲੜਾਈ 20 ਫਰਵਰੀ ਨੂੰ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਦੇ ਹੱਕ ਵਿੱਚ ਫਤਵਾ ਦੇ ਕੇ ਜਿਤਾ ਦੇਣੀ ਹੈ। ਉਨ੍ਹਾਂ ਕਿਹਾ ਕਿ ਖਹਿਰਾ ਪਰਿਵਾਰ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਅਤੇ ਈਡੀ ਕੇਸ ਵਿੱਚ ਉਹ ਜਲਦੀ ਹੀ ਬੇਗੁਨਾਹ ਸਾਬਤ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿੰਦਗੀ ਵਿੱਚ ਉਸ ਦੇ ਪਿਤਾ ਨੇ ਕਦੇ ਵੀ ਕੋਈ ਗਲਤ ਕੰਮ ਨਹੀਂ ਕੀਤਾ ਹੈ ਬਲਕਿ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਉਹ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਭ੍ਰਿਸ਼ਟ ਸਿਸਟਮ ਵਿਰੁੱਧ ਲੜਾਈ ਜਾਰੀ ਰੱਖਣਗੇ।