nabaz-e-punjab.com

ਮਨੀ ਲਾਂਡਰਿੰਗ ਕੇਸ: ਮੁਹਾਲੀ ਅਦਾਲਤ ਨੇ ਦੇਰ ਰਾਤ ਸੁਖਪਾਲ ਖਹਿਰਾ ਨੂੰ 1 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

‘ਕੇਂਦਰ ਸਰਕਾਰ ਵੱਲੋਂ ਮੈਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹੈ’: ਸੁਖਪਾਲ ਖਹਿਰਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਮੁਹਾਲੀ, 11 ਨਵੰਬਰ:
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਮਨੀ ਲਾਂਡਰਿੰਗ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਖਹਿਰਾ ਨੂੰ ਅੱਜ ਉਕਤ ਮਾਮਲੇ ਵਿੱਚ ਪੁੱਛਗਿੱਛ ਲਈ ਈਡੀ ਦੇ ਸੈਕਟਰ-18 ਸਥਿਤ ਦਫ਼ਤਰ ਵਿੱਚ ਸੱਦਿਆ ਗਿਆ ਸੀ। ਜਿੱਥੇ ਮੁੱਢਲੀ ਪੁੱਛ ਪੜਤਾਲ ਤੋਂ ਬਾਅਦ ਕਾਂਗਰਸ ਆਗੂ ਦੀ ਗ੍ਰਿਫ਼ਤਾਰੀ ਪਾ ਲਈ ਗਈ। ਖਹਿਰਾ ਦੀ ਗ੍ਰਿਫ਼ਤਾਰੀ ਨਾਲ ਸੂਬੇ ਵਿੱਚ ਸਿਆਸੀ ਹਲਚਲ ਪੈਦਾ ਹੋ ਗਈ ਹੈ। ਈਡੀ ਵੱਲੋਂ ਸਾਲ 2015 ਵਿੱਚ ਫਾਜ਼ਿਲਕਾ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ ਗੁਰਦੇਵ ਸਿੰਘ ਸਮੇਤ ਹੋਰਨਾਂ ’ਤੇ ਪਰਚਾ ਦਰਜ ਕੀਤਾ ਗਿਆ ਸੀ। ਯੂਕੇ ਅਤੇ ਪਾਕਿਸਤਾਨ ਤੋਂ ਹੈਰੋਇਨ ਸਪਲਾਈ ਕਰਨ ਦੀ ਗੱਲ ਕਹੀ ਸੀ। ਬਾਅਦ ਵਿੱਚ ਈਡੀ ਵੱਲੋਂ ਇਸ ਬਹੁ-ਚਰਚਿਤ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਨਾਮਜ਼ਦ ਕਰ ਲਿਆ ਗਿਆ ਸੀ।
ਈਡੀ ਦੀ ਟੀਮ ਵੱਲੋਂ ਵੀਰਵਾਰ ਨੂੰ ਦੇਰ ਸ਼ਾਮ ਸੁਖਪਾਲ ਸਿੰਘ ਖਹਿਰਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਜਾਂਚ ਟੀਮ ਵੱਲੋਂ ਸਰਕਾਰੀ ਜਨਰਲ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ-16 ਵਿੱਚ ਕਾਂਗਰਸ ਆਗੂ ਦਾ ਮੈਡੀਕਲ ਕਰਵਾਇਆ ਗਿਆ। ਹਾਲਾਂਕਿ ਸ਼ਾਮ ਨੂੰ 5 ਵਜੇ ਅਦਾਲਤ ਦਾ ਸਮਾਂ ਖ਼ਤਮ ਹੋ ਗਿਆ ਸੀ ਪ੍ਰੰਤੂ ਕੇਸ ਦੀ ਸੁਣਵਾਈ ਲਈ ਜੱਜ ਨੂੰ ਦੁਬਾਰਾ ਘਰੋਂ ਅਦਾਲਤ ਵਿੱਚ ਆਉਣਾ ਪਿਆ। ਇਸ ਸਮੇਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਖੁੱਲਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਈਡੀ ਦੇ ਵਕੀਲ ਨੇ ਮੁਹਾਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ 14 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਮੁਲਜ਼ਮ ਖਹਿਰਾ ਉਸ ਦੇ ਖ਼ਿਲਾਫ਼ ਲੱਗੇ ਗੰਭੀਰ ਦੋਸ਼ਾਂ ਬਾਰੇ ਈਡੀ ਦੀ ਜਾਂਚ ਟੀਮ ਨੂੰ ਸਹਿਯੋਗ ਨਹੀਂ ਦੇ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਖਹਿਰਾ ਦਾ 14 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਜਾਵੇ ਤਾਂ ਜੋ ਉਸ ਕੋਲੋਂ ਬਰੀਕੀ ਨਾਲ ਪੁੱਛ ਪੜਤਾਲ ਕੀਤੀ ਜਾ ਸਕੇ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਈਡੀ ਦੀ ਕਾਰਵਾਈ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਕਾਂਗਰਸ ਆਗੂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਖਹਿਰਾ ਅੱਜ ਖ਼ੁਦ ਈਡੀ ਦਫ਼ਤਰ ਵਿੱਚ ਤਫ਼ਤੀਸ਼ ਵਿੱਚ ਸ਼ਾਮਲ ਹੋਣ ਗਏ ਸੀ। ਜਿੱਥੇ ਈਡੀ ਨੇ ਉਨ੍ਹਾਂ ਦੀ ਗਲਤ ਤਰੀਕੇ ਨਾਲ ਗ੍ਰਿਫ਼ਤਾਰੀ ਪਾ ਲਈ ਗਈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੁੱਝ ਸਮੇਂ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਦੇਰ ਰਾਤ ਅਦਾਲਤ ਨੇ ਖਹਿਰਾ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕਰਦਿਆਂ ਸ਼ੁੱਕਰਵਾਰ ਨੂੰ ਈਡੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ।
ਉਹ 2017 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਟਿਕਟ ਉੱਤੇ ਜ਼ਿਲ੍ਹਾ ਕਪੂਰਥਲਾ ਦੇ ਭੁਲੱਥ ਹਲਕੇ ਤੋਂ ਚੋਣ ਜਿੱਤੇ ਸਨ ਅਤੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਵੀ ਰਹੇ ਹਨ। ਪ੍ਰੰਤੂ ਕੁਝ ਸਮਾਂ ਪਹਿਲਾਂ ਉਹ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਖਹਿਰਾ ਵਿਰੁੱਧ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਮਨੀ ਲਾਂਡਰਿੰਗ ਦੇ ਕਥਿਤ ਦੋਸ਼ ਲੱਗਦੇ ਰਹੇ ਹਨ। ਬੀਤੀ 10 ਮਾਰਚ ਨੂੰ ਵੀ ਈਡੀ ਦੀ ਟੀਮ ਵੱਲੋਂ ਖਹਿਰਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਛਾਪੇਮਾਰੀ ਕਰਕੇ ਲਗਾਤਾਰ ਕਈ ਘੰਟੇ ਸਰਚ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ ਸਨ। ਲੇਕਿਨ ਖਹਿਰਾ ਮੁਤਾਬਕ ਜਾਂਚ ਟੀਮ ਨੂੰ ਹੁਣ ਤੱਕ ਉਸ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲੇ।
ਉਧਰ, ਦੂਜੇ ਪਾਸੇ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਈਡੀ ਵੱਲੋਂ ਡੰੂਘੀ ਸਾਜ਼ਿਸ਼ ਤਹਿਤ ਉਸ ਨੂੰ ਮਨੀ ਲਾਂਡਰਿੰਗ ਦੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਉਸ ਦੇ ਪਿੱਛੇ ਪਈ ਹੋਈ ਹੈ ਅਤੇ ਦੇਸ਼ ਦੇ ਹੁਕਮਰਾਨ ਉਸ (ਖਹਿਰਾ) ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਲੀਡਰਸ਼ਿਪ ਆਪਣੇ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਈਡੀ ਨੂੰ ਆਪਣੇ ਨਿੱਜੀ ਹਥਿਆਰ ਵਜੋਂ ਵਰਤ ਰਹੀ ਹੈ। ਇਸ ਤੋਂ ਪਹਿਲਾਂ ਵੀ ਉਸ ਦੇ ਘਰ ’ਤੇ ਕਈ ਵਾਰ ਛਾਪੇਮਾਰੀ ਕੀਤੀ ਜਾ ਚੁੱਕੀ ਹੈ ਲੇਕਿਨ ਹੁਣ ਤੱਕ ਈਡੀ ਦੀ ਜਾਂਚ ਟੀਮ ਨੂੰ ਉਸ ਦੇ ਘਰੋਂ ਕੁੱਝ ਵੀ ਨਹੀਂ ਲੱਭਿਆ ਅਤੇ ਹਮੇਸ਼ਾ ਖਾਲੀ ਹੱਥ ਵਾਪਸ ਮੁੜਨਾ ਪਿਆ ਹੈ। ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਕੇਂਦਰ ਸਰਕਾਰ ਨੇ ਮੁੜ ਪ੍ਰੇਸ਼ਾਨ ਦੀਆਂ ਚਾਲਾਂ ਚੱਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਸ ਨੂੰ ਨਿਆਂਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਅਤੇ ਜਲਦੀ ਹੀ ਸਚਾਈ ਲੋਕਾਂ ਸਾਹਮਣੇ ਆ ਜਾਵੇਗੀ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …