
ਕਿਸਾਨਾਂ ਲਈ ਆਉਣ ਵਾਲਾ ਪਾਰਲੀਮੈਂਟ ਦਾ ਮੌਨਸੂਨ ਸੈਸ਼ਨ ਘਾਤਕ ਹੋਵੇਗਾ: ਬੱਬੀ ਬਾਦਲ
ਬਾਦਲਾਂ ਦੇ ਕੁਰਸੀ ਦੇ ਮੋਹ ਅਤੇ ਭਾਜਪਾ ਦੇ ਵਪਾਰੀ ਮੋਹ ਵਿੱਚ ਪਿਸ ਰਹੇ ਹਨ ਕਿਸਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਲਈ ਸਤੰਬਰ ਵਿੱਚ ਆਉਣ ਵਾਲਾ ਪਾਰਲੀਮੈਂਟ ਦਾ ਮੌਨਸੂਨ ਸੈਸ਼ਨ ਘਾਤਕ ਸਾਬਤ ਹੋਵਗਾ ਕਿਉਂਕਿ ਇਸ ਸੈਸ਼ਨ ਵਿੱਚ ਉਸ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਕਾਨੂੰਨ ਬਣਾ ਕੇ ਪੱਕੇ ਤੌਰ ’ਤੇ ਪਾਸ ਕੀਤਾ ਜਾਵੇਗਾ। ਜਿਸ ਨੂੰ ਕਿ ਪਹਿਲਾਂ ਕੇਂਦਰੀ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਮੁਹਾਲੀ ਵਿਖੇ ਕਿਸਾਨਾਂ ਦੇ ਇੱਕ ਵਫ਼ਦ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਇਹ ਬਿੱਲ ਸੰਸਦ ਵਿੱਚ ਕਾਨੂੰਨ ਬਣ ਗਿਆ ਤਾਂ ਇਸ ਨਾਲ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਵਰਗ ਦੀ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਨੂੰ ਆਪਣੀ ਮਨਮਰਜ਼ੀ ਨਾਲ ਲੁੱਟ ਕਰਨ ਵਾਸਤੇ ਖੁੱਲ੍ਹ ਮਿਲ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਅਤੇ ਮਿਹਨਤ ਦਾ ਸਹੀ ਮੁੱਲ ਨਹੀਂ ਮਿਲ ਪਾਵੇਗਾ। ਜਿਸ ਕਾਰਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ ਦੇਸ਼ ਦਾ ਅੰਨਦਾਤਾ ਹੋਰ ਕਰਜ਼ੇ ਦੀ ਮਾਰ ਹੇਠ ਆ ਜਾਵੇਗਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕਿਸਾਨਾਂ ਅਤੇ ਸੂਬੇ ਦੇ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਅਕਾਲੀ ਦਲ ਨੂੰ ਬਾਦਲਾਂ ਨੇ ਹਾਈਜੈਕ ਕਰ ਕੇ ਕੁਰਸੀ ਅਤੇ ਵਪਾਰੀ ਮੋਹ ਵਿੱਚ ਕਿਸਾਨ ਵਿਰੋਧੀ ਆਰਡੀਨੈਂਸ ਉੱਤੇ ਕੇਂਦਰੀ ਕੈਬਨਿਟ ਵਿੱਚ ਦਸਤਖ਼ਤ ਕਰ ਕੇ ਪਹਿਲਾਂ ਹੀ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਅੱਜ ਪੰਜਾਬ ਵਿੱਚ ਆ ਕੇ ਕਿਸਾਨ ਹਿਤੈਸ਼ੀ ਹੋਣ ਦੇ ਡਰਾਮੇ ਕਰ ਰਿਹੇ ਹਨ। ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਬੱਬੀ ਬਾਦਲ ਨੇ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਬਚਾਉਣ ਲਈ ਸਿਆਸੀ ਪਾਰਟੀ ਅਤੇ ਕਿਸਾਨ ਯੂਨੀਅਨਾਂ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਲੜਾਈ ਲੜਨ ਤਾਂ ਜੋ ਇਸ ਕਿਸਾਨਾਂ ਵਿਰੋਧੀ ਬਿੱਲ ਨੂੰ ਸੰਸਦ ਵਿੱਚ ਪਾਸ ਨਾ ਕਰਵਾਇਆ ਜਾ ਸਕੇ।