Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਕਰੋਨਾ ਦੇ ਤਿੰਨ ਹੋਰ ਪਾਜ਼ੇਟਿਵ ਮਰੀਜ਼ ਮਿਲੇ, ਲੋਕ ਭੈਅ-ਭੀਤ ਜ਼ਿਲ੍ਹਾ ਮੁਹਾਲੀ ਵਿੱਚ ਹੁਣ ਤੱਕ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 15 ਹੋਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ: ਮੁਹਾਲੀ ਵਿੱਚ ਸ਼ਨਿਚਰਵਾਰ ਨੂੰ ਕਰੋਨਾਵਾਇਰਸ ਦੇ ਤਿੰਨ ਹੋਰ ਪਾਜ਼ੇਟਿਵ ਮਰੀਜ਼ ਮਿਲਣ ਕਾਰਨ ਲੋਕ ਕਾਫੀ ਭੈਅ-ਭੀਤ ਹੋ ਗਏ ਹਨ। ਪੀੜਤਾਂ ਦੀ ਪਛਾਣ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਸਾਹਮਣੇ ਪੈਂਦੇ ਇੱਥੋਂ ਦੇ ਸੈਕਟਰ-91 ਦੀ ਵਸਨੀਕ ਮਹਿੰਦਰ ਕੌਰ (80) ਅਤੇ ਮਨਜੀਤ ਕੌਰ (55) ਸਮੇਤ ਪਿੰਡ ਜਵਾਹਰਪੁਰ (ਡੇਰਾਬੱਸੀ) ਦਾ ਮਲਕੀਤ ਸਿੰਘ (42) ਵਜੋਂ ਹੋਈ ਹੈ। ਇਨ੍ਹਾਂ ਤਿੰਨਾਂ ਮਰੀਜ਼ਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਮਰੀਜ਼ਾਂ ਸਣੇ ਹੁਣ ਤੱਕ ਮੁਹਾਲੀ ਜ਼ਿਲ੍ਹੇ ਵਿੱਚ 15 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਇਕ ਮਰੀਜ਼ ਓਮ ਪ੍ਰਕਾਸ਼ ਨਵਾਂ ਗਉਂ ਦੀ ਮੌਤ ਹੋ ਚੁੱਕੀ ਹੈ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਕਰਦਿਆਂ ਦੱਸਿਆ ਕਿ ਉਕਤ ਅੌਰਤਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਹੈ। ਬਾਅਦ ਵਿੱਚ ਇਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿੱਚ ਬਣਾਏ ਗਏ ਵਿਸ਼ੇਸ਼ ਜ਼ੋਨਲ ਆਈਸੋਲੇਸ਼ਟ ਵਾਰਡ ਵਿੱਚ ਰੈਫ਼ਰ ਕੀਤਾ ਗਿਆ। ਜਦੋਂਕਿ ਮਲਕੀਤ ਸਿੰਘ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਜਾਣਕਾਰੀ ਅਨੁਸਾਰ ਉਕਤ ਦੋਵੇਂ ਅੌਰਤਾਂ ਲੁਧਿਆਣਾ ਦੀ ਕਰੋਨਾਵਾਇਰਸ ਤੋਂ ਪੀੜਤ ਅੌਰਤ ਸੁਰਿੰਦਰ ਕੌਰ (70) ਦੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਦੱਸਿਆ ਗਿਆ ਹੈ ਕਿ ਸੁਰਿੰਦਰ ਕੌਰ ਕਾਫੀ ਦਿਨ ਮੁਹਾਲੀ ਵਿੱਚ ਉਕਤ ਦੇ ਘਰ ਰਹਿਣ ਆਈ ਸੀ। ਇੱਥੇ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ। ਸਿਹਤ ਵਿਭਾਗ ਨੂੰ ਇਸ ਦੀ ਜਾਣਕਾਰੀ ਮਿਲਣ ’ਤੇ ਜਦੋਂ ਬੀਤੀ 31 ਮਾਰਚ ਨੂੰ ਸੁਰਿੰਦਰ ਕੌਰ ਦੇ ਖੂਨ ਦੇ ਸੈਂਪਲ ਲੈ ਕੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਬਜ਼ੁਰਗ ਮਾਤਾ ਨੇ ਮੁਹਾਲੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਰਕਾਰੀ ਹਸਪਤਾਲ ਵਿੱਚ ਜਾ ਕੇ ਦਾਖ਼ਲ ਹੋਣ ਤੋਂ ਇਹ ਕਹਿ ਕੇ ਇਨਕਾਰ ਦਿੱਤਾ ਕਿ ਉਹ ਆਪਣਾ ਇਲਾਜ ਲੁਧਿਆਣਾ ਦੇ ਫੋਰਟਿਸ ਹਸਪਤਾਲ ਵਿੱਚ ਹੀ ਕਰਵਾਏਗੀ। ਇਸ ਤਰ੍ਹਾਂ ਮੁਹਾਲੀ ਪ੍ਰਸ਼ਾਸਨ ਨੇ ਲੁਧਿਆਣਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਬਜ਼ੁਰਗ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮਗਰੋਂ ਫੋਰਟਿਸ ਹਸਪਤਾਲ ਲੁਧਿਆਣਾ ਦੀ ਐਂਬੂਲੈਂਸ ਸੁਰਿੰਦਰ ਕੌਰ ਲੈਣ ਲਈ ਮੁਹਾਲੀ ਪਹੁੰਚ ਗਈ। ਜਾਂਚ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਮੁਹਾਲੀ ਵਿੱਚ ਰਹਿੰਦੀਆਂ ਉਸ ਦੀਆਂ ਦੋਵੇਂ ਰਿਸ਼ਤੇਦਾਰ ਅੌਰਤਾਂ ਨੂੰ ਆਈਸੋਲੇਟ ਕਰਕੇ ਉਨ੍ਹਾਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ। ਅੱਜ ਸ਼ਾਮ ਸਿਹਤ ਵਿਭਾਗ ਨੂੰ ਮਿਲੀ ਰਿਪੋਰਟ ਵਿੱਚ ਉਕਤ ਦੋਵੇਂ ਅੌਰਤਾਂ ਕਰੋਨਾ ਤੋਂ ਪਾਜ਼ੇਟਿਵ ਪਾਈਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਮਲਕੀਤ ਸਿੰਘ ਦੀ ਟਰੈਵਲ ਹਿਸਟਰੀ ਬਾਰੇ ਪਤਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਇਨ੍ਹਾਂ ਤਿੰਨੇ ਮਰੀਜ਼ਾਂ ਦੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਵੀ ਅਗਲੇ ਹੁਕਮਾਂ ਤੱਕ ਹਾਊਸ ਆਈਸੋਲੇਸ਼ਨ ਤਹਿਤ ਘਰਾਂ ਵਿੱਚ ਨਜ਼ਰਬੰਦ ਰਹਿਣ ਲਈ ਆਖਿਆ ਗਿਆ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਕਰੋਨਾਵਾਇਰਸ ਤੋਂ ਪੀੜਤ ਮਰੀਜ਼ਾਂ ਇੱਥੋਂ ਦੇ ਫੇਜ਼-3ਏ ਦੀ ਵਸਨੀਕ ਗੁਰਦੇਵ ਕੌਰ (69), ਉਸ ਵੱਡੀ ਭੈਣ ਰੇਸ਼ਮ ਕੌਰ (74), ਸੈਕਟਰ-69 ਦੀ ਆਰਤੀ ਸ਼ਰਮਾ (36), ਫੇਜ਼-5 ਦੀ ਰੰਜਨਾ ਦੇਵੀ ਅਤੇ ਉਸ ਦੀ ਪੀਜੀ ਮਾਲਕਣ ਕੁਲਵੰਤ ਕੌਰ, ਕਪਿਲ ਸ਼ਰਮਾ (55) ਵਾਸੀ ਜਗਤਪੁਰਾ, ਇੱਥੋਂ ਦੇ ਫੇਜ਼-9 ਦੀ ਵਸਨੀਕ ਜਗਦੀਸ਼ ਕੌਰ (76), ਉਸ ਦੀ ਦੋਹਤੀ ਏਕਮਵੀਰ ਕੌਰ (11), ਰਜਾਕ ਮੁਹੰਮਦ ਉਰਫ਼ ਰਾਜੂ ਵਾਸੀ ਮੌਲੀ ਬੈਦਵਾਨ ਅਤੇ ਗੁਲਜ਼ਾਰ ਖਾਨ ਵਾਸੀ ਪਿੰਡ ਕੁੰਭੜਾ (ਸੈਕਟਰ-68) ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਡਾਕਟਰਾਂ ਅਨੁਸਾਰ ਇਨ੍ਹਾਂ ਸਾਰਿਆਂ ਦੀ ਹਾਲਤ ਬਿਲਕੁਲ ਠੀਕ ਦੱਸੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ