ਮੱਤੇਵਾੜਾ ਜੰਗਲ ਨੂੰ ਹੋਰ ਹਰਿਆ-ਭਰਿਆ ਬਣਾਉਣ ਲਈ 80 ਹਜ਼ਾਰ ਤੋਂ ਵੱਧ ਬੂਟੇ ਲਾਏ ਜਾਣਗੇ: ਕਟਾਰੂਚੱਕ

ਆਉਣ ਵਾਲੀਆਂ ਨਸਲਾਂ ਲਈ ਸਾਫ਼ ਸੁਥਰਾ ਵਾਤਾਵਰਨ ਸਿਰਜਣਾ ਸਾਡੀ ਜ਼ਿੰਮੇਵਾਰੀ: ਵਣ ਮੰਤਰੀ

ਵਣ ਵਿਭਾਗ, ਮੁਹਾਲੀ ਵਿਖੇ ਉੱਚ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਅਤੇ ਆਉਣ ਵਾਲੀਆਂ ਨਸਲਾਂ ਲਈ ਇੱਕ ਸੁਚੱਜਾ ਤੇ ਸਿਹਤਮੰਦ ਵਾਤਾਵਰਨ ਸਿਰਜਣ ਦੇ ਦ੍ਰਿੜ ਇਰਾਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਵਣ ਭਵਨ ਵਿਖੇ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਨੇ ਇਸ ਮੰਤਵ ਲਈ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਹਿੱਤ ਪੂਰੀ ਤਨਦੇਹੀ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਰੂਪ ਵਿੱਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਿਵੇਕਲੇ ਉੱਦਮ ’ਤੇ ਖਾਸ ਧਿਆਨ ਕੇਂਦਰਿਤ ਕੀਤਾ ਜਾਵੇ ਕਿਉਂ ਜੋ ਇਹ ਯੋਜਨਾ ਵਾਤਾਵਰਨ ਬਚਾਉਣ ਅਤੇ ਪੰਜਾਬ ਨੂੰ ਹੋਰ ਹਰਿਆ-ਭਰਿਆ ਬਣਾਉਣ ਵਿੱਚ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਮੱਤੇਵਾੜਾ ਜੰਗਲ ਬਾਰੇ ਬੋਲਦਿਆਂ ਕਿਹਾ ਕਿ ਇਹ ਲੁਧਿਆਣਾ ਸ਼ਹਿਰ ਲਈ ਫੇਫੜਿਆਂ ਦਾ ਕੰਮ ਕਰਦਾ ਹੈ। ਇਸ ਲਈ ਵਣ ਵਿਭਾਗ ਵੱਲੋਂ ਇੱਥੇ 80,115 ਬੂਟੇ ਲਗਾਏ ਜਾਣਗੇ ਤਾਂ ਜੋ ਵਾਤਾਵਰਨ ਹੋਰ ਸਾਫ਼ ਅਤੇ ਸ਼ੁੱਧ ਹੋ ਸਕੇ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਚੰਗੇ ਵਾਤਾਵਰਨ ਵਿੱਚ ਸਾਹ ਲੈਣ ਦਾ ਮੌਕਾ ਮਿਲ ਸਕੇ।
ਜੰਗਲਾਤ ਮੰਤਰੀ ਨੇ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਕਾਫ਼ੀ ਨਹੀਂ ਸਗੋਂ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਇਹ ਬੂਟੇ ਭਵਿੱਖ ਵਿੱਚ ਛਾਂ-ਦਾਰ ਰੁੱਖਾਂ ਦਾ ਰੂਪ ਧਾਰ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਣ। ਉਨ੍ਹਾਂ ਦੱਸਿਆ ਕਿ ਬੂਟੇ ਲਾਉਣ ਲਈ ਅਜਿਹੀਆਂ ਥਾਵਾਂ ਦੀ ਚੋਣ ਕੀਤੀ ਜਾਵੇ ਜਿੱਥੇ ਕਿ ਇਹ ਬਿਲਕੁਲ ਸੁਰੱਖਿਅਤ ਹੋਣ ਜਿਵੇਂ ਕਿ ਸਕੂਲ, ਹਸਪਤਾਲ ਅਤੇ ਡਿਸਪੈਂਸਰੀਆਂ ਆਦਿ। ਉਨ੍ਹਾਂ ਨੇ ਵਿਭਾਗ ਦੀਆਂ ਪ੍ਰਾਪਤੀਆਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਚਾਰਿਤ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਣ ਗਾਰਡਾਂ ਨੂੰ ਪਿੰਡਾਂ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਸਰਪੰਚਾਂ, ਪੰਚਾਂ ਨਾਲ ਰਾਬਤਾ ਕਰਕੇ ਵੱਧ ਤੋਂ ਵੱਧ ਬੂਟੇ ਲਗਾ ਕੇ ਸੂਬੇ ਨੂੰ ਹਰਿਆ-ਭਰਿਆ ਬਣਾਉਣ ਵਿੱਚ ਸਹਿਯੋਗ ਦੇ ਸਕਣ।
ਇਸ ਮੌਕੇ ਉੱਚ ਅਧਿਕਾਰੀਆਂ ਨੇ ਜੰਗਲਾਤ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਜਿਵੇਂ ਕਿ ਕੈਂਪਾਂ, ਗਰੀਨ ਇੰਡੀਆ ਅਤੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਵੰਨ-ਸੁਵੰਨੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਣੂ ਕਰਵਾਉਂਦਿਆਂ ਦੱਸਿਆ ਕਿ ਹਰਿਆਵਲ ਲਹਿਰ ਦੀ ਮਜ਼ਬੂਤੀ ਲਈ ਵਿਧਾਇਕਾਂ ਦਾ ਵੀ ਭਰਪੂਰ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਨਿਰਧਾਰਿਤ ਟੀਚੇ ਅਗਸਤ ਮਹੀਨੇ ਤੱਕ ਪੂਰੇ ਕਰ ਲਏ ਜਾਣਗੇ। ਇਸ ਮੌਕੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਵਣ ਤੇ ਜੰਗਲੀ ਜੀਵ) ਸ੍ਰੀਮਤੀ ਰਾਜ਼ੀ ਪੀ ਸ੍ਰੀਵਾਸਤਵਾ, ਪ੍ਰਧਾਨ ਮੁੱਖ ਵਣਪਾਲ ਆਰਕੇ ਮਿਸ਼ਰਾ ਅਤੇ ਧਰਮਿੰਦਰ ਸ਼ਰਮਾ ਵਧੀਕ ਪ੍ਰਧਾਨ ਮੁੱਖ ਵਣਪਾਲ (ਪ੍ਰਸ਼ਾਸਨ) ਅਤੇ ਸਮੂਹ ਵਣ ਮੰਡਲ ਅਫ਼ਸਰ ਮੌਜੂਦ ਸਨ।

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…