ਪੰਜਾਬ ਸਰਕਾਰ ਤੋਂ ਦੁਖੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੋਟਰਸਾਈਕਲ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂਟੀ ਦੀ ਅਗਵਾਈ ਹੇਠ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਵੀਰਵਾਰ ਨੂੰ ਵਿਸ਼ਾਲ ਮੋਟਰਸਾਇਕਲ ਰੋਸ ਰੈਲੀ ਕੱਢੀ ਗਈ। ਇਸ ਮੌਕੇ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਘਾਨ ਸਭਾ ਚੋਣਾਂ ਵੇਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵਾਅਦੇ ਪੂਰੇ ਕਰਨ ਦੀ ਥਾਂ ਉਲਟਾ ਮੁਲਜ਼ਮਾਂ ਅਤੇ ਪੈਨਸ਼ਨਰਾਂ ਨੂੰ ਖੱਜਲਖੁਆਰ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਐਲਾਨ ਕੀਤਾ ਸੀ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ। ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਡੀਏ ਦੀਆਂ ਬਕਾਇਆ ਕਿਸ਼ਤਾ ਜਾਰੀ ਕਰਨਾ ਅਤੇ ਨਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਦੀ ਪੂਰਤੀ ਕਰਨ ਦੀ ਬਜਾਏ ਉਲਟਾ ਉਨ੍ਹਾਂ ਨੂੰ ਪਹਿਲਾਂ ਤੋਂ ਦਿੱਤੇ ਜਾਣ ਵਾਲੇ ਮੋਬਾਇਲ ਭੱਤੇ ਨੂੰ ਅੱਧਾ ਕਰਨ ਦੇ ਨਾਲ ਡਿਵੈਲਪਮੈਂਟ ਟੈਕਸ ਲਗਾ ਦਿੱਤੇ ਗਏ ਹਨ। ਜਿਸ ਕਾਰਨ ਮੁਲਾਜਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸ੍ਰੀ ਖੰਗੂੜਾ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਗਈਆਂ ਤਾਂ ਆਜ਼ਾਦੀ ਦਿਹਾੜੇ (15 ਅਗਸਤ) ਨੂੰ ਕਾਲੇ ਝੰਡੇ ਲਹਿਰਾਏ ਜਾਣਗੇ ਅਤੇ 18 ਅਤੇ 20 ਅਗਸਤ ਨੂੰ ਪੂਰਾ ਪੰਜਾਬ ਬੰਦ ਰੱਖਿਆ ਜਾਵੇਗਾ। ਰੈਲੀ ਵਿੱਚ ਸੁਖਚੈਨ ਸਿੰਘ ਸੈਣੀ, ਜਗਜੀਤ ਸਿੰਘ ਖਾਲਸਾ, ਸੁਖਦੇਵ ਸਿੰਘ ਸੈਣੀ, ਪਰਮਜੀਤ ਸਿੰਘ ਬੈਨੀਪਾਲ, ਅਮਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਸਿੱਧੂ, ਹਰਪਾਲ ਸਿੰਘ, ਗੁਰਮੇਲ ਸਿੰਘ ਮੋਜੇਵਾਲ, ਸੁਰਿੰਦਰ ਸਿੰਘ, ਬਲਬੀਰ ਸਿੰਘ ਧਾਨੀਆ, ਜਗਦੀਸ਼ ਸਿੰਘ, ਬਾਬੂ ਸਿੰਘ ਅਤੇ ਹੋਰ ਮੁਲਾਜ਼ਮ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…