
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੁਹਾਲੀ ਵਿੱਚ ਡੀਸੀ ਤੇ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
ਜ਼ੀਰਕਪੁਰ, ਪੀਰ ਮੁਛੱਲਾ ਤੇ ਡੇਰਾਬੱਸੀ ਵਿੱਚ ਟਰੈਫ਼ਿਕ, ਕਾਨੂੰਨ ਵਿਵਸਥਾ ਨਾਲ ਸਬੰਧਤ ਮੁੱਦੇ ਚੁੱਕੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਮੁਹਾਲੀ ਜ਼ਿਲ੍ਹੇ ਅਧੀਨ ਪੈਂਦੇ ਲੋਕ ਸਭਾ ਹਲਕਾ ਪਟਿਆਲਾ ਦੇ ਖੇਤਰ ਜ਼ੀਰਕਪੁਰ, ਪੀਰਮੁਛੱਲਾ ਅਤੇ ਡੇਰਾਬੱਸੀ ਨਾਲ ਸਬੰਧਤ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਚਰਚਾ ਕਰਦਿਆਂ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਸਮੇਤ ਹੋਰ ਸਿਵਲ ਤੇ ਪੁਲੀਸ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
ਇਸ ਸਬੰਧੀ ਦੇਰ ਸ਼ਾਮ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਖਾਸ ਤੌਰ ’ਤੇ ਜ਼ੀਰਕਪੁਰ ਖੇਤਰ ਵਿਖੇ ਟਰੈਫ਼ਿਕ ਦੀ ਸਮੱਸਿਆ ਦੇ ਨਾਲ-ਨਾਲ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ ਅਤੇ ਨਾਲ ਹੀ ਉਨ੍ਹਾਂ ਨੇ ਪੀਰ ਮੁਛੱਲਾ ਅਤੇ ਡੇਰਾਬੱਸੀ ਨਾਲ ਸਬੰਧਤ ਕਈ ਪੇਂਡੂ ਖੇਤਰਾਂ ਦੇ ਮਸਲਿਆਂ ’ਤੇ ਵੀ ਚਰਚਾ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸੰਸਦ ਮੈਂਬਰ ਨੂੰ ਇਹ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਏ ਗਏ ਉਪਰੋਕਤ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਅਤੇ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਡੀਸੀ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਸੰਸਦ ਮੈਂਬਰ ਵੱਲੋਂ ਚੁੱਕੇ ਗਏ ਮਸਲਿਆਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।