
ਸ੍ਰੀਮਤੀ ਸਵਾਤੀ ਟਿਵਾਣਾ ਨੇ ਸਿੱਖਿਆ ਬੋਰਡ ਦੇ ਸਕੱਤਰ ਦਾ ਅਹੁਦਾ ਸੰਭਾਲਿਆ
ਬੋਰਡ ਨੂੰ ਦਰਪੇਸ਼ ਚੁਣੌਤੀਆਂ ਤੇ ਸਮੱਸਿਆਵਾਂ ਨੂੰ ਮਿਲ ਬੈਠ ਕੇ ਹੱਲ ਕੀਤਾ ਜਾਵੇਗਾ: ਸ੍ਰੀਮਤੀ ਟਿਵਾਣਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਸਕੱਤਰ ਸ੍ਰੀਮਤੀ ਸਵਾਤੀ ਟਿਵਾਣਾ ਨੇ ਅੱਜ ਵੀਰਵਾਰ ਨੂੰ ਬਾਅਦ ਦੁਪਹਿਰ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਅਤੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਸਮੇਤ ਸਕੂਲ ਬੋਰਡ ਦੇ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੂਦ ਸਨ।
ਸ੍ਰੀਮਤੀ ਸਵਾਤੀ ਟਿਵਾਣਾ 2016 ਬੈਚ ਦੇ ਪੀਸੀਐੱਸ ਅਧਿਕਾਰੀ ਹਨ। ਇਸ ਪਹਿਲਾਂ ਉਹ ਅਸਿਸਟੈਂਟ ਕਮਿਸ਼ਨਰ ਲੁਧਿਆਣਾ, ਐਸਡੀਐਮ ਸੁਨਾਮ, ਐਸਡੀਐਮ ਪਾਇਲ ਅਤੇ ਐਸਡੀਐਮ ਡੇਰਾਬੱਸੀ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਆਪਣੀ ਨਿਯੁਕਤੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਬੋਰਡ ਸੂਬੇ ਦਾ ਇੱਕ ਬਹੁਤ ਹੀ ਮਹੱਤਵਪੂਰਨ ਅਦਾਰਾ ਹੈ ਅਤੇ ਬੋਰਡ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਣੌਤੀਆਂ ਆਉਂਦੇ ਸਮੇਂ ਵਿੱਚ ਮਿਲ ਬੈਠ ਕੇ ਉੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਦਸਵੀਂ ਅਤੇ ਬਾਰ੍ਹਵੀਂ ਦੀਆਂ ਮੌਜੂਦਾ ਸਮੇਂ ਵਿੱਚ ਚਲ ਰਹੀਆਂ ਸਾਲਾਨਾ ਪ੍ਰੀਖਿਆਵਾਂ ਦਾ ਸਮੁੱਚਾ ਪ੍ਰਬੰਧ ਚੈੱਕ ਕਰਨ ਲਈ ਉਹ ਖ਼ੁਦ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣਗੇ ਅਤੇ ਇਸ ਸਬੰਧੀ ਪ੍ਰੀਖਿਆ ਅਮਲੇ ਸਮੇਤ ਬੱਚਿਆਂ ਦੇ ਮਾਪਿਆਂ ਨੂੰ ਲਾਮਬੰਦ ਕੀਤਾ ਜਾਵੇਗਾ।