Nabaz-e-punjab.com

ਮੁਲਤਾਨੀ ਕੇਸ: ਮੁਲਜ਼ਮਾਂ ਦੀ ਸੁਮੇਧ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣਨ ਸਬੰਧੀ ਅਰਜ਼ੀ ਰੱਦ

ਮੁਹਾਲੀ ’ਚੋਂ 29 ਸਾਲ ਪਹਿਲਾਂ ਨੌਜਵਾਨ ਨੂੰ ਘਰੋਂ ਅਗਵਾ ਕਰਕੇ ਲਿਜਾਉਣ ਤੇ ਮਗਰੋਂ ਗਾਇਬ ਕਰਨ ਦਾ ਦੋਸ਼

ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਨੇ ਆਪਣਾ ਵਕਾਲਤ-ਨਾਮਾ ਵਾਪਸ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਉਸ ਸਮੇਂ ਰਾਹਤ ਮਿਲੀ ਜਦੋਂ ਮੁਹਾਲੀ ਅਦਾਲਤ ਨੇ ਅੱਜ ਸ਼ਾਮ ਉਨ੍ਹਾਂ (ਸੈਣੀ) ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣਨ ਦੀ ਇੱਛਾ ਪ੍ਰਗਟ ਕਰਨ ਵਾਲੇ ਤਿੰਨ ਮੁਲਜ਼ਮਾਂ ਹਰ ਸਹਾਏ ਸ਼ਰਮਾ, ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ। ਯੂਟੀ ਪੁਲੀਸ ਦੇ ਇਹ ਤਿੰਨੇ ਸਾਬਕਾ ਇੰਸਪੈਕਟਰ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਅਫ਼ਸਰਾਂ ਵਿੱਚ ਗਿਣੇ ਜਾਂਦੇ ਸੀ ਪਰ ਹੁਣ ਜਦੋਂ ਆਪਣੀ ਜਾਨ ਕੁੜਿੱਕੀ ਵਿੱਚ ਫਸੀ ਨਜ਼ਰ ਆਈ ਤਾਂ ਉਹ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਬਣਨ ਲਈ ਰਾਜ਼ੀ ਹੋ ਗਏ।
ਸਾਬਕਾ ਡੀਜੀਪੀ ਦੇ ਇਨ੍ਹਾਂ ਚਹੇਤੇ ਸਾਬਕਾ ਅਧਿਕਾਰੀਆਂ ਹਰ ਸਹਾਏ ਸ਼ਰਮਾ, ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੇ ਪਿਛਲੇ ਦਿਨੀਂ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣਨ ਲਈ ਮੁਹਾਲੀ ਦੀ ਕਿਸੇ ਦੂਜੀ ਅਦਾਲਤ ਵਿੱਚ ਧਾਰਾ 164 ਤਹਿਤ ਆਪਣੇ ਬਿਆਨ ਦਰਜ ਕਰਵਾਉਣ ਬਾਰੇ ਪਤਾ ਲੱਗਾ ਹੈ। ਅੱਜ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ-ਕਮ-ਡਿਊਟੀ ਮੈਜਿਸਟਰੇਟ ਸ੍ਰੀਮਤੀ ਦੀਪਿਕਾ ਸਿੰਘ ਦੀ ਅਦਾਲਤ ਵਿੱਚ ਮੁਲਜ਼ਮਾਂ ਦੇ ਵਾਅਦਾ ਮੁਆਫ਼ ਗਵਾਹ ਬਣਨ ਲਈ ਉਸਾਰੂ ਬਹਿਸ ਹੋਈ।
ਇਸ ਮੌਕੇ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੁਪਰੀਮ ਕੋਰਟ ਅਤੇ ਦਿੱਲੀ ਹਾਈ ਕੋਰਟ ਦੇ ਫੈਸਲਿਆਂ ਦਾ ਹਵਾਲਾ ਦਿੰਦਿਆਂ ਵੱਖ-ਵੱਖ ਜਜਮੈਂਟਾਂ ਪੇਸ਼ ਕੀਤੀਆਂ। ਉਨ੍ਹਾਂ ਦਲੀਲ ਦਿੱਤੀ ਕਿ ਮੁਲਜ਼ਮਾਂ ਨੇ ਜਾਂਚ ਅਧਿਕਾਰੀ ਕੋਲ ਆਪਣੀ ਇੱਛਾ ਜਾਹਰ ਕਰਨ ਦੀ ਬਜਾਏ ਸਿੱਧੇ ਤੌਰ ’ਤੇ ਅਦਾਲਤ ਵਿੱਚ ਅਰਜ਼ੀ ਦਿੱਤੀ ਹੈ, ਜੋ ਕਾਨੂੰਨੀ ਪੱਖ ਤੋਂ ਜਾਇਜ਼ ਨਹੀਂ ਹੈ। ਅਦਾਲਤ ਨੇ ਵੱਖਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਯੂਟੀ ਪੁਲੀਸ ਦੇ ਤਿੰਨ ਸਾਬਕਾ ਇੰਸਪੈਕਟਰਾਂ ਦੀ ਵਾਅਦਾ ਮੁਆਫ਼ ਬਣਨ ਦੀ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਉਹ ਸਿੱਧੇ ਤੌਰ ’ਤੇ ਅਦਾਲਤ ਵਿੱਚ ਨਹੀਂ ਆ ਸਕਦੇ ਹਨ। ਲਿਹਾਜ਼ਾ ਉਹ ਪਹਿਲਾਂ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਅਤੇ ਉਨ੍ਹਾਂ ਕੋਲ ਵਾਅਦਾ ਮੁਆਫ਼ ਗਵਾਹ ਬਣਨ ਦੀ ਇੱਛਾ ਜਾਹਰ ਕਰਨ। ਇਸ ਮਗਰੋਂ ਇਹ ਪੰਜਾਬ ਸਰਕਾਰ ਜਾਂ ਸਬੰਧਤ ਪੁਲੀਸ ਤੈਅ ਕਰੇਗੀ ਕਿ ਉਹ (ਮੁਲਜ਼ਮ) ਵਾਅਦਾ ਮੁਆਫ਼ ਗਵਾਹ ਬਣਨ ਦੇ ਯੋਗ ਹਨ ਜਾਂ ਨਹੀਂ। ਸਰਕਾਰ ਜਾਂ ਪੁਲੀਸ ਹੀ ਮੁਲਜ਼ਮਾਂ ਨੂੰ ਵਾਅਦਾ ਮੁਆਫ਼ ਗਵਾਹ ਬਣਾਉਣ ਲਈ ਅਦਾਲਤ ਵਿੱਚ ਅਪੀਲ ਦਾਇਰ ਕਰ ਸਕਦੀ ਹੈ।
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਸੈਣੀ ਸਮੇਤ ਬਾਕੀ ਮੁਲਜ਼ਮਾਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਭੇਤਭਰੀ ਹਾਲਤ ਵਿੱਚ ਗਾਇਬ ਕਰ ਦੇਣ ਦਾ ਦੋਸ਼ ਹੈ।
ਉਧਰ, ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਨੇ ਅੱਜ ਅਚਾਨਕ ਅਦਾਲਤ ਵਿੱਚ ਪੇਸ਼ ਹੋ ਕੇ ਆਪਣਾ ਵਕਾਲਤ-ਨਾਮਾ ਵਾਪਸ ਲੈ ਲਿਆ। ਇਸ ਤੋਂ ਪਹਿਲਾਂ ਉਹ ਮੁਲਜ਼ਮ ਦੇ ਹੱਕ ਵਿੱਚ ਪੈਰਵਾਈ ਕਰ ਰਹੇ ਸੀ। ਸ੍ਰੀ ਧਨੋਆ ਨੇ ਦੱਸਿਆ ਕਿ ਉਹ ਸਾਬਕਾ ਡੀਜੀਪੀ ਸੈਣੀ ਅਤੇ ਬਾਕੀ ਮੁਲਜ਼ਮਾਂ ਦੇ ਹੱਕ ਵਿੱਚ ਕੇਸ ਦੀ ਪੈਰਵੀ ਰਹੇ ਸੀ ਲੇਕਿਨ ਹੁਣ ਜਦੋਂ ਤਿੰਨ ਮੁਲਜ਼ਮਾਂ ਨੇ ਵਾਅਦਾ ਮੁਆਫ਼ ਗਵਾਹ ਬਣਨ ਲਈ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ ਤਾਂ ਉਨ੍ਹਾਂ ਨੇ ਪਿੱਛੇ ਹਟਣਾ ਜ਼ਰੂਰੀ ਸਮਝਿਆ। ਕਿਉਂਕਿ ਇਕ ਪਾਸੇ ਉਹ ਸੈਣੀ ਦਾ ਕੇਸ ਲੜ ਰਹੇ ਹਨ ਤਾਂ ਦੂਜੇ ਪਾਸੇ ਉਨ੍ਹਾਂ ਦੇ ਖ਼ਿਲਾਫ਼ ਸਰਕਾਰੀ ਗਵਾਹ ਬਣਨ ਵਾਲੇ ਮੁਲਜ਼ਮਾਂ ਦੀ ਕਿਸੇ ਪੈਰਵੀ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …