
ਮੁਲਤਾਨੀ ਕੇਸ: ਸੈਕਟਰ-17 ਥਾਣਾ ਦੇ ਸਾਬਕਾ ਐਸਐਚਓ ਦੇ ਗ੍ਰਿਫ਼ਤਾਰੀ ਵਰੰਟ ਜਾਰੀ
ਸੁਮੇਧ ਸੈਣੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੇ ਮਾਮਲੇ ਦੀ ਸੁਣਵਾਈ ਟਲੀ
ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-17 ਥਾਣਾ ਦੇ ਤਤਕਾਲੀ ਐਸਐਚਓ ਕੇ.ਆਈ.ਪੀ. ਸਿੰਘ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਗਏ ਹਨ। ਪੀੜਤ ਪਰਿਵਾਰ ਸ਼ੁਰੂ ਤੋਂ ਇਹ ਮੰਗ ਕਰਦਾ ਆ ਰਿਹਾ ਸੀ ਕਿ ਜਿਸ ਥਾਣੇ ਵਿੱਚ ਮੁਲਤਾਨੀ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਗੈਰ ਕਾਨੂੰਨੀ ਤਰੀਕੇ ਨਾਲ ਤਸ਼ੱਦਦ ਢਾਹਿਆ ਗਿਆ, ਉਸ ਸਮੇਂ ਦੇ ਐਸਐਚਓ ਖ਼ਿਲਾਫ਼ ਹੁਣ ਤੱਕ ਕਿਉਂ ਕੋਈ ਕਾਰਵਾਈ ਨਹੀਂ ਹੋ ਰਹੀ ਹੈ।
ਉਧਰ, ਉਕਤ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ 302, 364 ਸਮੇਤ ਹੋਰਨਾਂ ਸਖ਼ਤ ਧਰਾਵਾਂ ਤਹਿਤ ਦਰਜ ਕੇਸ ਤਹਿਤ ਜਾਰੀ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੇ ਮਾਮਲੇ ਦੀ ਸੁਣਵਾਈ ਅੱਗੇ ਟਲ ਗਈ ਹੈ। ਸੈਣੀ ਨੇ ਆਪਣੇ ਵਕੀਲ ਰਾਹੀਂ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਹੈ, ਜਦੋਂ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਗਈ ਹੈ ਤਾਂ ਉਨ੍ਹਾਂ ਖ਼ਿਲਾਫ਼ ਕੁੱਝ ਦਿਨ ਪਹਿਲਾਂ ਜਾਰੀ ਹੋਏ ਗ੍ਰਿਫ਼ਤਾਰੀ ਵਾਰੰਟ ਵਾਪਸ ਲਏ ਜਾਣ।
ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਪਰਦੀਪ ਸਿੰਘ ਵਿਰਕ ਨੇ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਸੀ ਕਿ 29 ਸਾਲ ਪਹਿਲਾਂ 11 ਦਸੰਬਰ 1991 ਨੂੰ ਸਾਬਕਾ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ। ਜਿੱਥੇ ਉਸ ’ਤੇ ਬੇਤਹਾਸ਼ਾ ਤਸ਼ੱਦਦ ਢਾਹਿਆਂ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪ੍ਰੰਤੂ ਸਬੰਧਤ ਥਾਣੇ ਦੇ ਉਸ ਸਮੇਂ ਦੇ ਐਸਐਚਓ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਤਰ੍ਹਾਂ ਜਦੋਂ ਸਾਬਕਾ ਡੀਜੀਪੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਗਿਆ ਤਾਂ ਉਦੋਂ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਤਤਕਾਲੀ ਥਾਣਾ ਮੁਖੀ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਪਰ ਉਹ ਹੁਣ ਤੱਕ ਕਾਨੂੰਨੀ ਕਾਰਵਾਈ ਤੋਂ ਬਚਦਾ ਆ ਰਿਹਾ ਸੀ।
ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸਮੇਤ ਐਸਪੀ ਬਲਦੇਵ ਸਿੰਘ ਸੈਣੀ ਅਤੇ ਪੰਜ ਸੇਵਾਮੁਕਤ ਇੰਸਪੈਕਟਰਾਂ ਸਤਵੀਰ ਸਿੰਘ, ਹਰ ਸਹਾਏ ਸ਼ਰਮਾ, ਜਗੀਰ ਸਿੰਘ, ਅਨੋਖ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਖ਼ਿਲਾਫ਼ ਧਾਰਾ 364, 201, 344, 330 ਅਤੇ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਕਤ ਦੀ ਧਾਰਾ 302 ਵੀ ਜੋੜ ਦਿੱਤੀ ਗਈ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਮੁਲਜ਼ਮ ਵਾਅਦਾ ਮੁਆਫ਼ ਗਵਾਹ ਬਣ ਚੁੱਕੇ ਹਨ। ਸੈਣੀ ਹੁਣ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਸੁਪਰੀਮ ਕੋਰਟ ਦੀ ਸ਼ਰਨ ਵਿੱਚ ਚਲਾ ਗਿਆ ਹੈ। ਉਸ ਨੇ ਸੁਪਰੀਮ ਕੋਰਟ ਵਿੱਚ ਉਸ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਨ ਅਤੇ ਪੱਕੀ ਜ਼ਮਾਨਤ ਦੀ ਗੁਹਾਰ ਲਗਾਈ ਗਈ ਹੈ। ਇਹ ਦੋਵੇਂ ਮਾਮਲੇ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹਨ। ਅਦਾਲਤ ਨੇ ਸੈਣੀ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਗਾਈ ਗਈ ਹੈ ਜਦੋਂਕਿ ਕੇਸ ਰੱਦ ਕਰਨ ਬਾਰੇ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਆਖਿਆ ਗਿਆ ਹੈ।