Share on Facebook Share on Twitter Share on Google+ Share on Pinterest Share on Linkedin ਮੁਲਤਾਨੀ ਕੇਸ: ਸਰਕਾਰ, ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਪੈਰਾਂ ਵਿੱਚ ਬੇੜੀਆਂ ਪਾਉਣ ਲਈ ਕਾਹਲੀ? ਭੀੜ ਪਈ ’ਤੇ ਸਾਥ ਛੱਡ ਕੇ ਭੱਜੇ ਸੈਣੀ ਦੇ ਚਹੇਤੇ ਸਾਬਕਾ ਅਫ਼ਸਰ ਸੈਣੀ ਪਹਿਲਾਂ ਹੀ ਕਹਿ ਚੁੱਕ ਨੇ ‘ਯੂਟੀ ਪੁਲੀਸ ਦੇ ਕਿਸੇ ਮੁਲਾਜ਼ਮ ਨੇ ਮੇਰੇ ਤੋਂ ਨਹੀਂ ਲਈ ਸੀ ਇਜਾਜ਼ਤ’ 29 ਸਾਲ ਪਹਿਲਾਂ ਨੌਜਵਾਨ ਨੂੰ ਘਰੋਂ ਅਗਵਾ ਕਰਕੇ ਲਿਜਾਉਣ ਤੇ ਮਗਰੋਂ ਗਾਇਬ ਕਰਨ ਦਾ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ: ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਲਗਾਤਾਰ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਦੀ ਅਪੀਲ ’ਤੇ ਸੈਣੀ ਖ਼ਿਲਾਫ਼ ਕੇਸ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਨਵੀਂ ਅਦਾਲਤ ਵਿੱਚ ਤਬਦੀਲ ਕੀਤਾ ਗਿਆ ਹੈ। ਨਵੀਂ ਅਦਾਲਤ ਵਿੱਚ 7 ਅਗਸਤ ਨੂੰ ਸੁਣਵਾਈ ਹੋਣੀ ਹੈ। ਜਿੱਥੇ ਮੋਤੀਆਂ ਵਾਲੀ ਸਰਕਾਰ ਸੈਣੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰ ਹੀਲਾ ਵਰਤ ਰਹੀ ਹੈ? ਉਧਰ, ਪੁਰਾਣੇ ਸਾਥੀ ਵੀ ਹੁਣ ਸਾਬਕਾ ਡੀਜੀਪੀ ਦੀ ਬੇੜੀ ਡੁੱਬਦੀ ਹੋਈ ਦੇਖ ਅਤੇ ਆਪਣੀ ਜਾਨ ਬਚਾਉਣ ਲਈ ਛਾਲਾਂ ਮਾਰ ਕੇ ਭੱਜ ਗਏ ਹਨ। ਚੰਡੀਗੜ੍ਹ ਵਿੱਚ ਐਸਐਸਪੀ ਵਜੋਂ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੀ ਖਾਸ ਟੀਮ ਦੇ ਸ਼ਾਮਲ ਯੂਟੀ ਪੁਲੀਸ ਦੇ ਤਿੰਨ ਸਾਬਕਾ ਇੰਸਪੈਕਟਰ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ੀ ਗਵਾਹ ਬਣਨ ਲਈ ਤਿਆਰ ਹੋ ਗਏ ਹਨ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰ ਦੇਣ ਦਾ ਦੋਸ਼ ਹੈ। ਹੁਣ ਸੈਣੀ ਦੇ ਤਿੰਨ ਚਹੇਤੇ ਸਾਬਕਾ ਪੁਲੀਸ ਅਧਿਕਾਰੀਆਂ ਹਰ ਸਹਾਏ ਸ਼ਰਮਾ, ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੇ ਯੂ ਟਰਨ ਲੈਂਦਿਆਂ ਵਾਅਦਾ ਮੁਆਫ਼ੀ ਗਵਾਹ ਬਣਨ ਰਾਜ਼ੀ ਹੋ ਗਏ ਹਨ। ਪਿਛਲੇ ਦਿਨੀਂ ਉਨ੍ਹਾਂ ਨੇ ਮੁਹਾਲੀ ਦੀ ਇਕ ਅਦਾਲਤ ਵਿੱਚ ਧਾਰਾ 164 ਤਹਿਤ ਆਪਣੇ ਬਿਆਨ ਵੀ ਦਰਜ ਕਰਵਾਉਣ ਬਾਰੇ ਪਤਾ ਲੱਗਾ ਹੈ, ਪ੍ਰੰਤੂ ਇਸ ਬਾਰੇ ਕੋਈ ਵੀ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ। ਕਿਉਂਕਿ ਸੈਣੀ ਖ਼ਿਲਾਫ਼ ਕੇਸ ਦੂਜੀ ਅਦਾਲਤ ਵਿੱਚ ਚਲ ਰਿਹਾ ਹੈ ਅਤੇ ਇਸ ਕੇਸ ਦੀ ਅਗਲੀ ਸੁਣਵਾਈ 7 ਅਗਸਤ ਨੂੰ ਹੋਣੀ ਹੈ। ਬੀਤੀ 30 ਜੁਲਾਈ ਨੂੰ ਸੁਣਵਾਈ ਦੌਰਾਨ ਸਬੰਧਤ ਅਦਾਲਤ ਵਿੱਚ ਕਿਸੇ ਬਿਆਨ ਦਰਜ ਨਹੀਂ ਹੋਏ ਹਨ। ਉਸ ਦਿਨ ਸਿਰਫ਼ ਦੋ ਮੁਲਜ਼ਮਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਨੂੰ ਪੱਕੀ ਜ਼ਮਾਨਤ ਦੇਣ ਬਾਰੇ ਬਹਿਸ ਹੋਈ ਸੀ। ਉਧਰ, ਮੁਹਾਲੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਮੁਲਤਾਨੀ ਨੂੰ ਘਰੋਂ ਚੁੱਕ ਕੇ ਲਿਜਾਉਣ ਲਈ ਵਾਲੀ ਯੂਟੀ ਪੁਲੀਸ ਦੀ ਟੀਮ ਨੇ ਆਪਣੇ ਸੀਨੀਅਰ ਅਧਿਕਾਰੀਆਂ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਸੀ। ਜਾਂਚ ਅਧਿਕਾਰੀ ਦੀ ਮੌਜੂਦਗੀ ਵਿੱਚ ਅਦਾਲਤ ਵਿੱਚ ਸੁਮੇਧ ਸੈਣੀ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਜਾ ਚੁੱਕਾ ਹੈ ਕਿ ਮੁਲਤਾਨੀ ਕੇਸ ਬਾਰੇ ਹੋਈ ਪੁੱਛਗਿੱਛ ਦੌਰਾਨ ਸੈਣੀ ਨੇ ਸਪੱਸ਼ਟ ਆਖਿਆ ਸੀ ਕਿ ਨੌਜਵਾਨ ਨੂੰ ਘਰੋਂ ਚੁੱਕਣ ਜਾਂ ਗ੍ਰਿਫ਼ਤਾਰੀ ਪਾਉਣ ਬਾਰੇ ਯੂਟੀ ਪੁਲੀਸ ਦੇ ਕਿਸੇ ਮੁਲਾਜ਼ਮ ਨੇ ਉਨ੍ਹਾਂ ਤੋਂ ਇਜਾਜ਼ਤ ਨਹੀਂ ਲਈ ਸੀ, ਹੋ ਸਕਦਾ ਹੈ ਕਿ ਸਬੰਧਤ ਪੁਲੀਸ ਟੀਮ ਨੇ ਆਪਣੇ ਪੱਧਰ ’ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੋਵੇ। ਉਸ ਸਮੇਂ ਸੁਮੇਧ ਸੈਣੀ ਚੰਡੀਗੜ੍ਹ ਵਿੱਚ ਐਸਐਸਪੀ ਦੇ ਅਹੁਦੇ ’ਤੇ ਤਾਇਨਾਤ ਸਨ। (ਧੰਨਵਾਦ ਸਾਹਿਤ, ਪੰਜਾਬੀ ਟ੍ਰਿਬਿਊਨ)
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ