Share on Facebook Share on Twitter Share on Google+ Share on Pinterest Share on Linkedin ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੱਕੀ ਜ਼ਮਾਨਤ ਦੇਣ ਦੀ ਸੁਣਵਾਈ ਟਲੀ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਹੈ ਅਪਰਾਧਿਕ ਮਾਮਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ: ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੱਕੀ ਜ਼ਮਾਨਤ ਦੇਣ ਦੀ ਕਾਰਵਾਈ ਅੱਗੇ ਟਲ ਗਈ ਹੈ। ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਅੱਜ ਦੁਬਾਰਾ ਫਿਰ ਤੋਂ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਸਟੇਅ ਆਰਡਰ ਬਰਕਰਾਰ ਰੱਖਦਿਆਂ ਸਾਬਕਾ ਡੀਜੀਪੀ ਨੂੰ ਪੱਕੀ ਜ਼ਮਾਨਤ ਦੇਣ ਸਬੰਧੀ ਸੁਣਵਾਈ 6 ਜੁਲਾਈ ਤੱਕ ਅੱਗੇ ਟਾਲ ਦਿੱਤੀ। ਪੰਜਾਬ ਸਰਕਾਰ ਵੱਲੋਂ ਇਸ ਬਹੁ-ਚਰਚਿਤ ਕੇਸ ਦੀ ਪੈਰਵੀ ਲਈ ਨਿਯੁਕਤ ਕੀਤੇ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ਵਿੱਚ ਭਖਵੀਂ ਬਹਿਸ ਹੋਈ। ਉਂਜ ਸੁਣਵਾਈ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ਵਿੱਚ ਹਾਜ਼ਰ ਸਨ। ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਕਿਹਾ ਕਿ ਸਾਬਕਾ ਡੀਜੀਪੀ ਸੈਣੀ ਦੇ ਖ਼ਿਲਾਫ਼ ਪੁਲੀਸ ਵੱਲੋਂ ਹਾਲੇ ਤੱਕ ਧਾਰਾ 302 ਦੇ ਜੁਰਮ ਦਾ ਵਾਧਾ ਹੀ ਨਹੀਂ ਕੀਤਾ ਗਿਆ ਹੈ, ਫਿਰ ਪਹਿਲਾਂ ਹੀ ਮੁਲਜ਼ਮ ਅਧਿਕਾਰੀ ਦੀ ਸਟੇਅ ਬਰਕਰਾਰ ਰੱਖਣ ਦੀ ਕੋਈ ਤੁਕ ਨਹੀਂ ਬਣਦੀ ਹੈ। ਉਂਜ ਵੀ ਪੀੜਤ ਪਰਿਵਾਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਕੇਸ ਦੀ ਸੁਣਵਾਈ 29 ਜੂਨ ਨੂੰ ਹੋਣੀ ਹੈ। ਉਧਰ, ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਨੇ ਕਿਹਾ ਕਿ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਬਾਰੇ ਕੇਸ ਜ਼ਰੂਰ ਪੈਂਡਿੰਗ ਹੈ ਪ੍ਰੰਤੂ ਹਾਲੇ ਤੱਕ ਸੈਸ਼ਨ ਜੱਜ ਦੀ ਅਦਾਲਤ ਨੇ ਸੁਣਵਾਈ ’ਤੇ ਕੋਈ ਸਟੇਅ ਨਹੀਂ ਦਿੱਤੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਸਟੇਅ ਆਰਡਰ ਬਰਕਰਾਰ ਰੱਖਦਿਆਂ ਪੱਕੀ ਜ਼ਮਾਨਤ ਦੇਣ ਸਬੰਧੀ ਸੁਣਵਾਈ ਲਈ 6 ਜੁਲਾਈ ਦਾ ਦਿਨ ਨਿਰਧਾਰਿਤ ਕੀਤਾ ਹੈ। ਸੁਮੇਧ ਸੈਣੀ ’ਤੇ 29 ਸਾਲ ਪਹਿਲਾਂ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਜ਼ਬਰਦਸਤੀ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦਾ ਦੋਸ਼ ਹੈ। ਇਸ ਸਬੰਧੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330 ਅਤੇ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੈਣੀ ਸਮੇਤ ਇਸ ਮਾਮਲੇ ਵਿੱਚ ਨਾਮਜ਼ਦ ਚਾਰ ਹੋਰ ਮੁਲਜ਼ਮ ਹਰ ਸਹਾਏ ਸ਼ਰਮਾ ਵਾਸੀ ਸੈਕਟਰ-51ਡੀ, ਜਗੀਰ ਸਿੰਘ ਵਾਸੀ ਸੈਕਟਰ-51, ਅਨੌਖ ਸਿੰਘ ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ ਵਾਸੀ ਮਨੀਮਾਜਰਾ ਵੀ ਜ਼ਮਾਨਤ ’ਤੇ ਹਨ। ਇਹ ਚਾਰੇ ਮੁਲਜ਼ਮ ਯੂਟੀ ਪੁਲੀਸ ’ਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹਨ ਅਤੇ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ