Share on Facebook Share on Twitter Share on Google+ Share on Pinterest Share on Linkedin ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਸਾਬਕਾ ਡੀਜੀਪੀ ਸੈਣੀ ਦੀ ਗ੍ਰਿਫ਼ਤਾਰੀ ਸਬੰਧੀ ਪੁਲੀਸ ਵੱਲੋਂ ਜਾਰੀ ਅਗਾਊਂ ਨੋਟਿਸ ਦੀ ਮਿਆਦ ਖ਼ਤਮ ਹੋਈ ਬੀਤੀ 21 ਅਗਸਤ ਨੂੰ ਸੁਮੇਧ ਸੈਣੀ ਖ਼ਿਲਾਫ਼ ਕੀਤਾ ਗਿਆ ਸੀ ਧਾਰਾ 302 ਦੇ ਜੁਰਮ ਦਾ ਵਾਧਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ: ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਗ੍ਰਿਫ਼ਤਾਰੀ ਤੋਂ ਬਚਨ ਲਈ ਆਪਣੇ ਵਕੀਲਾਂ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਹੈ। ਸੈਣੀ ਦੇ ਵਕੀਲ ਏਪੀਐਸ ਦਿਊਲ ਅਤੇ ਐਚਐਸ ਧਨੋਆ ਨੇ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਸੈਸ਼ਨ ਜੱਜ ਵੱਲੋਂ ਭਲਕੇ ਮੰਗਲਵਾਰ ਨੂੰ ਸੈਣੀ ਦੀ ਅਰਜ਼ੀ ਨੂੰ ਸੁਣਵਾਈ ਲਈ ਕਿਸੇ ਜੱਜ ਕੋਲ ਰੈਫਰ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਸੈਣੀ ਕੇਸ ਨਾਲ ਸਬੰਧਤ ਸਾਰੇ ਮਾਮਲੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਚਲ ਰਹੇ ਹਨ। ਬਚਾਅ ਪੱਖ ਦੇ ਵਕੀਲਾਂ ਨੇ ਦੱਸਿਆ ਕਿ ਅਰਜ਼ੀ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਜਿਸ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਅਦਾਲਤ ’ਚੋਂ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਧਾਰਾ 302 ਵਿੱਚ ਵੀ ਉਕਤ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਸੀ ਪ੍ਰੰਤੂ ਬਾਅਦ ਵਿੱਚ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਇਹ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਭੇਜਿਆ ਗਿਆ ਸੀ। ਭਾਵੇਂ ਨਵੀਂ ਅਦਾਲਤ ਨੇ ਸੈਣੀ ਨੂੰ ਧਾਰਾ 302 ਵਿੱਚ ਦਿੱਤੀ ਜ਼ਮਾਨਤ ਰੱਦ ਕਰ ਦਿੱਤੀ ਸੀ ਪ੍ਰੰਤੂ ਅਦਾਲਤ ਨੇ ਪੁਲੀਸ ਨੂੰ ਇਹ ਹੁਕਮ ਦਿੱਤੇ ਸੀ ਕਿ ਸਾਬਕਾ ਡੀਜੀਪੀ ਸੈਣੀ ਦੇ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਉਪਰੰਤ ਗ੍ਰਿਫ਼ਤਾਰੀ ਤੋਂ ਪਹਿਲਾਂ ਤਿੰਨ ਦਿਨ ਦਾ ਨੋਟਿਸ ਦਿੱਤਾ ਜਾਵੇ। ਕਿਉਂਕਿ ਇਸ ਮਾਮਲੇ ਵਿੱਚ ਸੈਣੀ ਨੇ ਕੱਚੀ ਜ਼ਮਾਨਤ ਹਾਸਲ ਕੀਤੀ ਹੋਈ ਹੈ। ਜਿਸ ਦੇ ਚੱਲਦਿਆਂ ਮੁਹਾਲੀ ਪੁਲੀਸ ਨੇ ਸੈਣੀ ਖ਼ਿਲਾਫ਼ ਧਾਰਾ 302 ਦਾ ਕੇਸ ਦਰਜ ਕੀਤੇ ਜਾਣ ਮਗਰੋਂ ਬੀਤੀ 21 ਅਗਸਤ ਨੂੰ ਗ੍ਰਿਫ਼ਤਾਰੀ ਸਬੰਧੀ ਨੋਟਿਸ ਭੇਜਿਆ ਗਿਆ ਸੀ। ਸੈਣੀ ਨੂੰ ਜਾਰੀ ਨੋਟਿਸ ਦੀ ਮਿਆਦ ਹੁਣ ਖ਼ਤਮ ਹੋ ਚੁੱਕੀ ਹੈ। ਬਚਾਅ ਪੱਖ ਨੇ ਇਹ ਵੀ ਦਲੀਲ ਦਿੱਤੀ ਹੈ ਕਿ ਸੇਵਾਮੁਕਤ ਪੁਲੀਸ ਅਧਿਕਾਰੀ ਖ਼ਿਲਾਫ਼ ਪਹਿਲਾਂ ਸੀਬੀਆਈ ਨੇ ਕੇਸ ਦਰਜ ਕੀਤਾ ਸੀ ਪ੍ਰੰਤੂ ਸੁਪਰੀਮ ਕੋਰਟ ਵਿੱਚ ਕੌਮੀ ਜਾਂਚ ਏਜੰਸੀ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਸੁਪਰੀਮ ਕੋਰਟ ਨੇ ਸੈਣੀ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਲਿਹਾਜ਼ਾ ਪੁਰਾਣੇ ਦੋਸ਼ਾਂ ਤਹਿਤ ਦੂਜੀ ਵਾਰ ਕੇਸ ਦਰਜ ਨਹੀਂ ਕੀਤਾ ਜਾ ਸਕਦਾ ਹੈ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰ ਦੇਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਹੁਣ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣ ਚੁੱਕੇ ਹਨ ਅਤੇ ਇਹ ਦੋਵੇਂ ਸਾਬਕਾ ਅਧਿਕਾਰੀ ਧਾਰਾ 164 ਤਹਿਤ ਅਦਾਲਤ ਵਿੱਚ ਆਪਣੇ ਬਿਆਨ ਵੀ ਦਰਜ ਕਰਵਾ ਚੁੱਕੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ