ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ, ਨਹੀਂ ਮਿਲੀ ਰਾਹਤ

ਮੁਹਾਲੀ ਅਦਾਲਤ ਨੇ ਸੁਮੇਧ ਸੈਣੀ ਦੀ ਜ਼ਮਾਨਤ ਬਾਰੇ 29 ਅਗਸਤ ਤੱਕ ਫੈਸਲਾ ਰਾਖਵਾਂ ਰੱਖਿਆ

ਸੁਮੇਧ ਸੈਣੀ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਝੂਠਾ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ: ਬਚਾਅ ਪੱਖ

ਸੈਣੀ ’ਤੇ 29 ਸਾਲ ਪਹਿਲਾਂ ਨੌਜਵਾਨ ਨੂੰ ਘਰੋਂ ਅਗਵਾ ਕਰਕੇ ਲਿਜਾਉਣ ਤੇ ਮਗਰੋਂ ਗਾਇਬ ਕਰਨ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਮੁਹਾਲੀ ਅਦਾਲਤ ਨੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਕਾਫ਼ੀ ਵਧ ਗਈਆਂ ਹਨ। ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਮੌਕੇ ਬਚਾਅ ਪੱਖ ਦੇ ਵਕੀਲ ਏਪੀਐਸ ਦਿਉਲ ਅਤੇ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਵਿੱਚ ਕਰੀਬ ਤਿੰਨ ਘੰਟੇ ਲਗਾਤਾਰ ਭਖਵੀਂ ਬਹਿਸ ਹੋਈ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਕੋਈ ਰਾਹਤ ਨਾ ਦਿੰਦਿਆਂ ਜ਼ਮਾਨਤ ਅਰਜ਼ੀ ’ਤੇ ਆਪਣਾ ਫੈਸਲਾ 29 ਅਗਸਤ ਤੱਕ ਰਾਖਵਾਂ ਰੱਖ ਲਿਆ।
ਅਦਾਲਤ ਵਿੱਚ ਸੁਣਵਾਈ ਦੌਰਾਨ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ, ਸਿੱਟ ਦੇ ਮੈਂਬਰ ਡੀਐਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਵੀ ਹਾਜ਼ਰ ਸਨ। ਸੈਣੀ ਦੇ ਵਕੀਲ ਏਪੀਐਸ ਦਿਉਲ ਨੇ ਅਦਾਲਤ ਨੂੰ ਦੱਸਿਆ ਕਿ ਇਹ 29 ਸਾਲ ਪੁਰਾਣਾ ਕੇਸ ਹੈ। ਇਸ ਸਬੰਧੀ ਪਹਿਲਾਂ ਸੀਬੀਆਈ ਨੇ ਐਫ਼ਆਈਆਰ ਦਰਜ ਕੀਤੀ ਪਰ ਕੌਮੀ ਜਾਂਚ ਏਜੰਸੀ ਸੈਣੀ ਦੇ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਸੀ। ਜਿਸ ਕਾਰਨ ਸੁਪਰੀਮ ਕੋਰਟ ਨੇ ਐਫਆਈਆਰ ਰੱਦ ਕਰ ਦਿੱਤੀ ਸੀ। ਵੈਸੇ ਵੀ ਮੁਲਤਾਨੀ ’ਤੇ ਸੈਕਟਰ-17 ਥਾਣੇ ਵਿੱਚ ਤਸ਼ੱਦਦ ਢਾਹੁਣ ਦੀ ਗੱਲ ਕਹੀ ਹੈ। ਇਸ ਤਰਾਂ ਤਿੰਨ ਦਹਾਕੇ ਪੁਰਾਣੇ ਕੇਸ ਵਿੱਚ ਮੁਹਾਲੀ ਦੇ ਮਟੌਰ ਥਾਣੇ ਵਿੱਚ ਨਵੇਂ ਸਿਰਿਓਂ ਕੇਸ ਦਰਜ ਕਰਨ ਦੀ ਕੋਈ ਤੁਕ ਨਹੀਂ ਬਣਦੀ ਹੈ। ਲਿਹਾਜ਼ਾ ਸਾਬਕਾ ਪੁਲੀਸ ਅਧਿਕਾਰੀ ਨੂੰ ਪੱਕੀ ਜ਼ਮਾਨਤ ਦਿੱਤੀ ਜਾਵੇ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਸੈਣੀ ਖ਼ਿਲਾਫ਼ ਦਰਜ ਝੂਠਾ ਕੇਸ ਪੂਰੀ ਤਰ੍ਹਾਂ ਤੋਂ ਪ੍ਰੇਰਿਤ ਹੈ ਅਤੇ ਦੋ ਮੁਲਜ਼ਮਾਂ ਨੂੰ ਡਰਾ ਧਮਕਾ ਦੇ ਕੇ ਵਾਅਦਾ ਮੁਆਫ਼ ਗਵਾਹ ਬਣਾਇਆ ਗਿਆ ਹੈ। ਜਦੋਂਕਿ ਮੁਲਤਾਨੀ ਮਾਮਲੇ ਵਿੱਚ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਹਨ।
ਉਧਰ, ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸਾਬਕਾ ਡੀਜੀਪੀ ’ਤੇ ਮੁਹਾਲੀ ਚੋਂ ਨੌਜਵਾਨ ਨੂੰ ਘਰੋਂ ਅਗਵਾ ਕਰਕੇ ਲਿਜਾਉਣ ਅਤੇ ਬਾਅਦ ਵਿੱਚ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਦੋਸ਼ ਹਨ। ਪਿਛਲੇ ਦਿਨੀਂ ਮੁਹਾਲੀ ਅਦਾਲਤ ਦੇ ਹੁਕਮਾਂ ’ਤੇ ਸੈਣੀ ਤੇ ਹੋਰਨਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੈਣੀ ਦੀ ਗ੍ਰਿਫ਼ਤਾਰੀ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਸੁਣਨ ਤੋਂ ਬਾਅਦ ਸੈਣੀ ਨੂੰ ਕੋਈ ਰਾਹਤ ਨਾ ਦਿੰਦੇ ਹੋਏ ਜ਼ਮਾਨਤ ਬਾਰੇ ਆਪਣਾ ਫੈਸਲਾ 29 ਅਗਸਤ ਤੱਕ ਰਾਖਵਾਂ ਰੱਖ ਲਿਆ। ਉਧਰ, ਸੁਣਵਾਈ ਦੌਰਾਨ ਜੱਜ ਦੇ ਕਹਿਣ ’ਤੇ ਕੁੱਝ ਅਹਿਮ ਦਸਤਾਵੇਜ਼ਾਂ ਨੂੰ ਲੈ ਕੇ ਡੀਐਸਪੀ (ਡੀ) ਤੇ ਸਿੱਟ ਦੇ ਮੈਂਬਰ ਬਿਕਮਰਜੀਤ ਸਿੰਘ ਬਰਾੜ ਦੇ ਬਿਆਨ ਦਰਜ ਕੀਤੇ ਗਏ।
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰ ਦੇਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਹੁਣ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣ ਚੁੱਕੇ ਹਨ ਅਤੇ ਇਹ ਦੋਵੇਂ ਸਾਬਕਾ ਅਧਿਕਾਰੀ ਧਾਰਾ 164 ਤਹਿਤ ਅਦਾਲਤ ਵਿੱਚ ਆਪਣੇ ਬਿਆਨ ਵੀ ਦਰਜ ਕਰਵਾ ਚੁੱਕੇ ਹਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…