nabaz-e-punjab.com

ਮੁਲਤਾਨੀ ਕੇਸ: ਯੂਟੀ ਪੁਲੀਸ ਦੇ ਚਾਰ ਸਾਬਕਾ ਇੰਸਪੈਕਟਰ ਜਾਂਚ ਵਿੱਚ ਸ਼ਾਮਲ

ਮੁਲਜ਼ਮਾਂ ਨੇ ਮਟੌਰ ਥਾਣੇ ਵਿੱਚ ਭਰਿਆ 50-50 ਹਜ਼ਾਰ ਰੁਪਏ ਦਾ ਨਿੱਜੀ ਮੁਚੱਲਕਾ, ਪਾਸਪੋਰਟ ਜ਼ਬਤ

ਮੁਹਾਲੀ ਅਦਾਲਤ ਨੇ ਮੁਲਜ਼ਮਾਂ ਨੂੰ 7 ਦਿਨਾਂ ਦੇ ਅੰਦਰ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਦੇ ਦਿੱਤੇ ਸੀ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਦੇ ਦੋਸ਼ਾਂ ਦਾ ਸਾਹਮਣੇ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਬਾਅਦ ਬਾਕੀ ਚਾਰ ਮੁਲਜ਼ਮਾਂ ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੌਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਵੀ ਜਾਂਚ ਵਿੱਚ ਸ਼ਾਮਲ ਹੋ ਗਏ ਹਨ। ਉਹ ਆਪਣੇ ਵਕੀਲ ਨਾਲ ਮੁਹਾਲੀ ਦੇ ਮਟੌਰ ਥਾਣੇ ਵਿੱਚ ਪਹੁੰਚੇ ਅਤੇ 50-50 ਹਜ਼ਾਰ ਰੁਪਏ ਦਾ ਨਿੱਜੀ ਮੁਚੱਲਕਾ ਭਰਿਆ ਅਤੇ ਆਪਣੇ ਪਾਸਪੋਰਟ ਥਾਣੇ ਵਿੱਚ ਜਮ੍ਹਾ ਕਰਵਾਏ ਗਏ। ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਨੂੰ ਵੀ ਜ਼ਮਾਨਤ ਦਿੱਤੀ ਜਾ ਚੁੱਕੀ ਹੈ ਅਤੇ ਉਹ ਦੋ ਵਾਰ ਜਾਂਚ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਲਈ ਸਾਬਕਾ ਪੁਲੀਸ ਅਫ਼ਸਰਾਂ ਨੂੰ ਦੁਬਾਰਾ ਨੋਟਿਸ ਜਾਰੀ ਕਰਕੇ ਥਾਣੇ ਤਲਬ ਕੀਤਾ ਜਾਵੇਗਾ।
ਇਸ ਸਬੰਧੀ ਮਟੌਰ ਥਾਣੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਧਾਰਾ 364, 201, 344, 330 ਅਤੇ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿੱਚ ਉਕਤ ਵਿਅਕਤੀ ਵੀ ਨਾਮਜ਼ਦ ਕੀਤੇ ਹਨ ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਹ ਚਾਰੇ ਮੁਲਜ਼ਮ ਯੂਟੀ ਪੁਲੀਸ ’ਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹਨ। ਇਹ ਸਾਰੇ ਅਫ਼ਸਰ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਸਨ। ਬੀਤੀ 19 ਮਈ ਨੂੰ ਮੁਹਾਲੀ ਅਦਾਲਤ ਨੇ ਮੁਲਜ਼ਮਾਂ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਸੱਤ ਦਿਨਾਂ ਦੇ ਅੰਦਰ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸੀ।
ਮੁਹਾਲੀ ਅਦਾਲਤ ਨੇ ਯੂਟੀ ਪੁਲੀਸ ਦੇ ਚਾਰ ਸਾਬਕਾ ਇੰਸਪੈਕਟਰਾਂ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸੱਤ ਦਿਨਾਂ ਦੇ ਅੰਦਰ ਅੰਦਰ ਸਬੰਧਤ ਜਾਂਚ ਅਧਿਕਾਰੀ\ਐਸਐਚਓ ਕੋਲ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਸਨ। ਅਦਾਲਤ ਨੇ ਮੁਲਜ਼ਮਾਂ ਨੂੰ ਆਪਣਾ ਪਾਸਪੋਰਟ ਪੁਲੀਸ ਕੋਲ ਜਮ੍ਹਾ ਕਰਵਾਉਣ ਦੇ ਆਦੇਸ਼ ਜਾਰੀ ਕਰਦਿਆਂ ਮਾਮਲੇ ਦੀ ਜਾਂਚ ਵਿੱਚ ਪੁਲੀਸ ਨੂੰ ਪੂਰਾ ਸਹਿਯੋਗ ਦੇਣ ਲਈ ਪਾਬੰਦ ਕੀਤਾ ਗਿਆ ਹੈ। ਮੁਲਜ਼ਮ ਅਦਾਲਤ ਦੀ ਪ੍ਰਵਾਨਗੀ ਤੋਂ ਬਿਨਾਂ ਦੇਸ਼ ਛੱਡ ਕੇ ਨਹੀਂ ਜਾ ਸਕਣਗੇ ਅਤੇ ਜ਼ਮਾਨਤ ਪੀਰੀਅਡ ਦੌਰਾਨ ਉਹ ਸ਼ਿਕਾਇਤ ਕਰਤਾ ਜਾਂ ਹੋਰ ਕਿਸੇ ਨੂੰ ਡਰਾਉਣ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਨਹੀਂ ਕਰਨਗੇ।
(ਬਾਕਸ ਆਈਟਮ)
ਸੂਤਰ ਦੱਸਦੇ ਹਨ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਯੂਟੀ ਪੁਲੀਸ ਦੇ ਉਕਤ ਚਾਰੋਂ ਸਾਬਕਾ ਇੰਸਪੈਕਟਰਾਂ ਨੂੰ ਆਹਮੋ ਸਾਹਮਣੇ ਬਿਠਾ ਕੇ ਕਰਾਸ ਪੁੱਛਗਿੱਛ ਹੋ ਸਕਦੀ ਹੈ। ਮੁਹਾਲੀ ਅਦਾਲਤ ਵਿੱਚ ਵਕੀਲਾਂ ਦੀ ਬਹਿਸ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਲਿਜਾਉਣ ਲਈ ਵਾਲੀ ਪੁਲੀਸ ਟੀਮ ਨੇ ਸੀਨੀਅਰ ਅਧਿਕਾਰੀਆਂ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਸੀ। ਸਰਕਾਰੀ ਵਕੀਲ ਨੇ ਜਾਂਚ ਅਧਿਕਾਰੀ ਤੇ ਐਸਪੀ ਹਰਮਨਦੀਪ ਸਿੰਘ ਹਾਂਸ ਦੀ ਮੌਜੂਦਗੀ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਮੁਲਤਾਨੀ ਨੂੰ ਘਰੋਂ ਚੁੱਕਣ ਜਾਂ ਗ੍ਰਿਫ਼ਤਾਰੀ ਪਾਉਣ ਬਾਰੇ ਯੂਟੀ ਪੁਲੀਸ ਦੇ ਕਿਸੇ ਮੁਲਾਜ਼ਮ ਨੇ ਉਨ੍ਹਾਂ (ਸੈਣੀ) ਤੋਂ ਇਜਾਜ਼ਤ ਨਹੀਂ ਲਈ ਸੀ, ਹੋ ਸਕਦਾ ਹੈ ਕਿ ਸਬੰਧਤ ਪੁਲੀਸ ਨੇ ਆਪਣੇ ਪੱਧਰ ’ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੋਵੇ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…