Nabaz-e-punjab.com

ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਟਲੀ

ਸੈਣੀ ਧਿਰ ਨੇ ਅੱਜ ਵੀ ਨਹੀਂ ਦਿੱਤਾ ਪੰਜਾਬ ਸਰਕਾਰ ਤੇ ਪੀੜਤ ਪਰਿਵਾਰਾਂ ਦੇ ਇਤਰਾਜ਼ਾਂ ਦਾ ਜਵਾਬ

ਸੈਣੀ ਦੇ ਵਕੀਲ ਨੇ ਕਿਹਾ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਦਿਆਂਗੇ ਜਵਾਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਧਾਰਾ 364 ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਅੱਗੇ ਟਲ ਗਈ ਹੈ। ਬੀਤੀ 11 ਮਈ ਨੂੰ ਮੁਹਾਲੀ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕੀਤੀ ਗਈ ਸੀ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਆਦੇਸ਼ ਦਿੱਤੇ ਸੀ ਕਿ ਉਹ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਅਤੇ ਅਦਾਲਤ ਨੂੰ ਦੱਸੇ ਬਿਨਾਂ ਆਪਣੇ ਘਰ ਤੋਂ ਬਿਲਕੁਲ ਬਾਹਰ ਨਹੀਂ ਜਾਣਗੇ, ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੈਂਸੀ ਨਾ ਹੋਵੇ।
ਸਰਕਾਰੀ ਵਕੀਲ ਨੇ ਦੱਸਿਆ ਕਿ ਸੁਮੇਧ ਸੈਣੀ ਨੇ ਪਿਛਲੇ ਸਮੇਂ ਦੌਰਾਨ ਅਦਾਲਤ ਅਤੇ ਸਿੱਟ ਨੂੰ ਕੁੱਝ ਦੱਸੇ ਬਿਨਾਂ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੈਣੀ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਚੇਤੇ ਰਹੇ ਜਦੋਂ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਸੀ ਤਾਂ ਉਹ ਜ਼ੈੱਡ ਪਲੱਸ ਸੁਰੱਖਿਆ ਛੱਤਰੀ ਛੱਡ ਕੇ ਆਪਣੇ ਘਰੋਂ ਅਚਾਨਕ ਰੂਪੋਸ਼ ਹੋ ਗਏ ਸੀ। ਪੰਜਾਬ ਸਰਕਾਰ ਅਤੇ ਪੁਲੀਸ ਦਾ ਮੰਨਣਾ ਹੈ ਕਿ ਸਾਬਕਾ ਪੁਲੀਸ ਮੁਖੀ ਨੇ ਆਪਣੇ ਘਰੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਘੋਰ ਉਲੰਘਣਾ ਕੀਤੀ ਹੈ। ਲਿਹਾਜ਼ਾ ਉਸ ਦੀ ਦਿੱਤੀ ਜ਼ਮਾਨਤ ਰੱਦ ਕੀਤੀ ਜਾਵੇ।
ਉਧਰ, ਅੱਜ ਸੁਣਵਾਈ ਦੌਰਾਨ ਸੈਣੀ ਵੱਲੋਂ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਵੱਲੋਂ ਲਗਾਏ ਇਤਰਾਜ਼ਾਂ ਬਾਰੇ ਆਪਣਾ ਲਿਖਤੀ ਪੱਖ ਨਹੀਂ ਰੱਖਿਆ ਗਿਆ ਸਗੋਂ ਉਕਤ ਕਾਰਵਾਈ ਲਈ ਅਦਾਲਤ ਤੋਂ ਕੁੱਝ ਹੋਰ ਸਮੇਂ ਦੀ ਇਹ ਕਹਿ ਕੇ ਮੋਹਲਤ ਮੰਗੀ ਗਈ ਕਿ ਸਾਬਕਾ ਡੀਜੀਪੀ ਦੀ ਪੱਕੀ ਜ਼ਮਾਨਤ ਬਾਰੇ ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਰਾਖਵਾਂ ਰੱਖਿਆ ਗਿਆ ਹੈ ਅਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਉਹ ਆਪਣਾ ਜਵਾਬ ਦਾਇਰ ਕਰ ਦੇਣਗੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਰਕਾਰ ਦੀ ਅਰਜ਼ੀ ’ਤੇ ਸੁਣਵਾਈ ਲਈ 3 ਦਸੰਬਰ ਦਾ ਦਿਨ ਨਿਰਧਾਰਿਤ ਕੀਤਾ ਹੈ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …