nabaz-e-punjab.com

ਮੁਲਤਾਨੀ ਕੇਸ: ਮੁਹਾਲੀ ਅਦਾਲਤ ਵੱਲੋਂ 4 ਸਾਬਕਾ ਪੁਲੀਸ ਇੰਸਪੈਕਟਰਾਂ ਦੀ ਜ਼ਮਾਨਤ ਮਨਜ਼ੂਰ

ਮੁਲਜ਼ਮਾਂ ਨੂੰ 7 ਦਿਨਾਂ ਦੇ ਅੰਦਰ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਤੇ ਆਪਣੇ ਪਾਸਪੋਰਟ ਜਮ੍ਹਾ ਕਰਵਾਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਦੇ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਬਾਅਦ ਮੁਹਾਲੀ ਅਦਾਲਤ ਨੇ ਬਾਕੀ ਚਾਰ ਮੁਲਜ਼ਮਾਂ ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੌਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਹ ਚਾਰੇ ਮੁਲਜ਼ਮ ਯੂਟੀ ਪੁਲੀਸ ’ਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹਨ। ਇਹ ਸਾਰੇ ਅਫ਼ਸਰ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਸਨ।
ਪੀੜਤ ਨੌਜਵਾਨ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ’ਤੇ ਮਟੌਰ ਥਾਣੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਧਾਰਾ 364, 201, 344, 330 ਅਤੇ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿੱਚ ਉਕਤ ਵਿਅਕਤੀ ਵੀ ਨਾਮਜ਼ਦ ਕੀਤੇ ਹਨ ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨੀਂ ਉਕਤ ਚਾਰ ਸੇਵਾਮੁਕਤ ਇੰਸਪੈਕਟਰਾਂ ਨੇ ਆਪਣੇ ਵਕੀਲਾਂ ਐਚਐਸ ਧਨੋਆ ਅਤੇ ਗੁਰਮੇਲ ਸਿੰਘ ਧਾਲੀਵਾਲ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਪੇਸ਼ਗੀ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਸੀ। ਮੁਹਾਲੀ ਦੀ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਨੇ ਪੀੜਤ ਪਰਿਵਾਰ, ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਪੁਲੀਸ ਅਫ਼ਸਰਾਂ ਦੀ ਜ਼ਮਾਨਤ ਅਰਜ਼ੀ ਬਾਰੇ ਆਪਣਾ ਫੈਸਲਾ ਅੱਜ ਲਈ ਰਾਖਵਾਂ ਰੱਖ ਲਿਆ ਸੀ। ਮੰਗਲਵਾਰ ਬਾਅਦ ਦੁਪਹਿਰ ਅਦਾਲਤ ਨੇ ਉਕਤ ਚਾਰਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਨੂੰ ਜ਼ਮਾਨਤ ਦਿੱਤੀ ਜਾ ਚੁੱਕੀ ਹੈ ਅਤੇ ਸੈਣੀ ਜਾਂਚ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।
ਮੁਹਾਲੀ ਅਦਾਲਤ ਨੇ ਯੂਟੀ ਪੁਲੀਸ ਦੇ ਚਾਰ ਸਾਬਕਾ ਇੰਸਪੈਕਟਰਾਂ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸੱਤ ਦਿਨਾਂ ਦੇ ਅੰਦਰ ਅੰਦਰ ਸਬੰਧਤ ਜਾਂਚ ਅਧਿਕਾਰੀ\ਐਸਐਚਓ ਕੋਲ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਨੇ ਮੁਲਜ਼ਮਾਂ ਨੂੰ ਆਪਣਾ ਪਾਸਪੋਰਟ ਪੁਲੀਸ ਕੋਲ ਜਮ੍ਹਾ ਕਰਵਾਉਣ ਦੇ ਆਦੇਸ਼ ਜਾਰੀ ਕਰਦਿਆਂ ਮਾਮਲੇ ਦੀ ਜਾਂਚ ਵਿੱਚ ਪੁਲੀਸ ਨੂੰ ਪੂਰਾ ਸਹਿਯੋਗ ਦੇਣ ਲਈ ਪਾਬੰਦ ਕੀਤਾ ਹੈ। ਇਹ ਵੀ ਕਿਹਾ ਕਿ ਉਹ ਅਦਾਲਤ ਦੀ ਪ੍ਰਵਾਨਗੀ ਤੋਂ ਬਿਨਾਂ ਦੇਸ਼ ਛੱਡ ਕੇ ਨਹੀਂ ਜਾ ਸਕਣਗੇ ਅਤੇ ਜ਼ਮਾਨਤ ਪੀਰੀਅਡ ਦੌਰਾਨ ਉਹ ਸ਼ਿਕਾਇਤ ਕਰਤਾ ਜਾਂ ਹੋਰ ਕਿਸੇ ਨੂੰ ਡਰਾਉਣ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਨਹੀਂ ਕਰਨਗੇ।
ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸਾਬਕਾ ਡੀਜੀਪੀ ਸਮੇਤ ਉਕਤ ਵਿਅਕਤੀਆਂ ਦੇ ਖ਼ਿਲਾਫ਼ ਗੰਭੀਰ ਦੋਸ਼ਾਂ ਤਹਿਤ ਮੁਹਾਲੀ ਦੇ ਮਟੌਰ ਥਾਣੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ’ਤੇ 29 ਸਾਲ ਪਹਿਲਾਂ ਸਾਬਕਾ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਦਾ ਦੋਸ਼ ਹੈ। ਪਰਦੀਪ ਵਿਰਕ ਨੇ ਕਿਹਾ ਕਿ ਮੁਲਜ਼ਮਾਂ ਨੂੰ ਜ਼ਮਾਨਤਾਂ ਮਿਲਣ ਕਾਰਨ ਸਮੁੱਚੇ ਮਾਮਲੇ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਕਿਉਂਕਿ ਹਾਲੇ ਵੀ ਸਾਬਕਾ ਡੀਜੀਪੀ ਸੈਣੀ ਦਾ ਪੁਲੀਸ ਤੰਤਰ ’ਤੇ ਪਹਿਲਾਂ ਵਾਂਗ ਰੁਤਬਾ ਕਾਇਮ ਹੈ ਅਤੇ ਹੁਣ ਪੁਲੀਸ ਲਈ ਪੂਰੀ ਤਰ੍ਹਾਂ ਆਜ਼ਾਦ ਹੋ ਕੇ ਜਾਂਚ ਨੂੰ ਅੱਗੇ ਤੋਰਨ ਵਿੱਚ ਦਿੱਕਤਾਂ ਆ ਸਕਦੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…