Nabaz-e-punjab.com

ਮੁਲਤਾਨੀ ਕੇਸ: ਸਾਬਕਾ ਡੀਜੀਪੀ ਦੇ ਸੁਰੱਖਿਆ ਇੰਚਾਰਜ ਸਮੇਤ 26 ਪੁਲੀਸ ਮੁਲਾਜ਼ਮਾਂ ਦੇ ਬਿਆਨ ਦਰਜ

ਮੁਹਾਲੀ ਪੁਲੀਸ ਦੀਆਂ ਟੀਮਾਂ ਵੱਲੋਂ ਐਤਵਾਰ ਨੂੰ ਕਈ ਥਾਵਾਂ ’ਤੇ ਛਾਪੇਮਾਰੀ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਪੰਜਾਬ ਦੇ ਸਾਬਕਾ ਆਈਏਐਸ ਅਫ਼ਸਰ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਗ੍ਰਿਫ਼ਤਾਰ ਵਾਰੰਟ ਜਾਰੀ ਹੋਣ ਤੋਂ ਬਾਅਦ ਮੁਹਾਲੀ ਪੁਲੀਸ ਨੇ ਉਸ ਦੀ ਭਾਲ ਤੇਜ਼ ਕਰ ਦਿੱਤੀ ਹੈ ਪ੍ਰੰਤੂ ਹਾਲੇ ਤੱਕ ਪੁਲੀਸ ਨੂੰ ਸੈਣੀ ਦੀ ਮੌਜੂਦਗੀ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ।
ਉਧਰ, ਮੁਹਾਲੀ ਪੁਲੀਸ ਨੇ ਸੈਣੀ ਦੀ ਸੁਰੱਖਿਆ ਵਿੱਚ ਤਾਇਨਾਤ ਇੰਸਪੈਕਟਰ, ਸਬ ਇੰਸਪੈਕਟਰ, ਏਐਸਆਈ, ਹੌਲਦਾਰ ਅਤੇ ਸਿਪਾਹੀ ਰੈਂਕ ਦੇ 26 ਪੁਲੀਸ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਹ ਸਾਰੇ ਪੁਲੀਸ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸੈਣੀ ਨਾਲ ਤਾਇਨਾਤ ਹਨ। ਜਿਨ੍ਹਾਂ ਵਿੱਚ ਸੈਣੀ ਦੀ ਸੁਰੱਖਿਆ ਛੱਤਰੀ ਦਾ ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਅਤੇ ਗੱਡੀ ਦਾ ਡਰਾਈਵਰ ਹੌਲਦਾਰ ਸੁਖਬੀਰ ਸਿੰਘ ਵੀ ਸ਼ਾਮਲ ਹਨ। ਪਰਮਜੀਤ ਸਿੰਘ ਨੇ ਆਪਣੇ ਬਿਆਨਾਂ ਵਿੱਚ ਕਿਹਾ ਕਿ ਨਵੀਂ ਦਿੱਲੀ ਸਥਿਤ ਸੈਣੀ ਦੀ ਰਿਹਾਇਸ਼ੀ ’ਤੇ ਬੀਤੀ 21 ਅਗਸਤ ਤੱਕ ਤਾਇਨਾਤ ਰਿਹਾ ਹੈ ਅਤੇ 22 ਅਗਸਤ ਨੂੰ ਉਸ ਨੂੰ ਸਾਬਕਾ ਡੀਜੀਪੀ ਨੇ ਵਾਪਸ ਪੰਜਾਬ ਭੇਜ ਦਿੱਤਾ ਸੀ।
ਏਐਸਆਈ ਸਤਨਾਮ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਆਖਰੀ ਵਾਰ ਸੈਣੀ ਨੂੰ 12 ਅਗਸਤ ਨੂੰ ਚੰਡੀਗੜ੍ਹ ਸਥਿਤ ਘਰ ’ਤੇ ਦੇਖਿਆ ਸੀ। ਹੌਲਦਾਰ ਅਮਨਦੀਪ ਸਿੰਘ ਵੀ 12 ਅਗਸਤ ਤੱਕ ਨਾਲ ਰਿਹਾ ਹੈ। ਹੌਲਦਾਰ ਗੁਰਨਾਮ ਸਿੰਘ ਨੇ ਕਿਹਾ ਕਿ ਉਹ 12 ਅਗਸਤ ਤੱਕ ਸੈਣੀ ਨਾਲ ਡਿਊਟੀ ’ਤੇ ਰਿਹਾ ਹੈ। ਉਸ ਦਿਨ ਸੈਣੀ ਨੇ ਕਰਨਾਲ ਬਾਈਪਾਸ ਦਿੱਲੀ ਤੋਂ ਉਨ੍ਹਾਂ ਨੂੰ ਵਾਪਸ ਪੰਜਾਬ ਭੇਜ ਦਿੱਤਾ ਸੀ। ਹੌਲਦਾਰ ਵਿਜੇ ਕੁਮਾਰ ਨੇ ਦੱਸਿਆ ਕਿ ਉਹ 22 ਅਗਸਤ ਤੱਕ ਸੈਣੀ ਨਾਲ ਦਿੱਲੀ ਵਿੱਚ ਤਾਇਨਾਤ ਰਿਹਾ ਹੈ। ਸੈਣੀ ਦੀ ਕਾਰ ਦੇ ਡਰਾਈਵਰ ਹੌਲਦਾਰ ਸੁਖਬੀਰ ਸਿੰਘ ਅਨੁਸਾਰ ਉਹ ਵੀ 22 ਅਗਸਤ ਤੱਕ ਸੈਣੀ ਨਾਲ ਰਿਹਾ ਹੈ। ਬਾਅਦ ਵਿੱਚ ਉਸ ਨੂੰ ਵਾਪਸ ਭੇਜ ਦਿੱਤਾ ਸੀ।
ਸਿੱਟ ਦੇ ਇਕ ਮੈਂਬਰ ਨੇ ਦੱਸਿਆ ਕਿ ਐਤਵਾਰ ਨੂੰ ਵੀ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਬਾਰੇ ਵੱਖ-ਵੱਖ ’ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਸਿਵਲ ਵਰਦੀ ਵਿੱਚ ਕਈ ਪੁਲੀਸ ਟੀਮਾਂ ਵੱਲੋਂ ਸੈਣੀ ਦੀ ਚੰਡੀਗੜ੍ਹ ਅਤੇ ਦਿੱਲੀ ਸਥਿਤ ਰਿਹਾਇਸ਼ ਸਮੇਤ ਹੋਰਨਾਂ ਥਾਵਾਂ ’ਤੇ ਬਾਜ ਅੱਖ ਰੱਖੀ ਜਾ ਰਹੀ ਹੈ ਅਤੇ ਨਾਲ-ਨਾਲ ਅਦਾਲਤਾਂ ਵਿੱਚ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ। ਪੁਲੀਸ ਹਰ ਉਸ ਵਿਅਕਤੀ ’ਤੇ ਨਜ਼ਰ ਰੱਖ ਰਹੀ ਹੈ ਜੋ ਮਟੌਰ ਥਾਣੇ ਵਿੱਚ ਕੇਸ ਅਪਰਾਧਿਕ ਦਰਜ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੈਣੀ ਦੇ ਸੰਪਰਕ ਵਿੱਚ ਰਹੇ ਹਨ ਤਾਂ ਜੋ ਮੁਲਜ਼ਮ ਦੀ ਪੈੜ ਨੱਪੀ ਜਾ ਸਕੇ।
ਉਧਰ, ਬਚਾਅ ਪੱਖ ਦੇ ਵਕੀਲ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਵਿਚਲੀਆਂ ਤਰੁੱਟੀਆਂ ਦੂਰ ਕਰਨ ਵਿੱਚ ਲੱਗੇ ਹੋਏ ਹਨ। ਬੀਤੇ ਦਿਨੀਂ ਸੁਪਰੀਮ ਕੋਰਟ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਵਿੱਚ ਕਈ ਖ਼ਾਮੀਆਂ ਹੋਣ ਕਾਰਨ ਫਾਈਲ ਵਾਪਸ ਮੋੜ ਦਿੱਤੀ ਸੀ। ਸਾਬਕਾ ਡੀਜੀਪੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੁਨੌਤੀ ਦਿੱਤੀ ਗਈ ਸੀ। ਸਾਬਕਾ ਪੁਲੀਸ ਅਧਿਕਾਰੀ ਦੀ ਅਗਾਊਂ ਜ਼ਮਾਨਤ ਅਰਜ਼ੀ ਨਾਲ ਨੱਥੀ ਹਲਫ਼ਨਾਮਾ ਕਿਸੇ ਸਮਰੱਥ ਅਧਿਕਾਰੀ ਵੱਲੋਂ ਤਸਦੀਕ ਨਹੀਂ ਹੈ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਹੋਰ ਵੀ ਕਈ ਊਣਤਾਈਆਂ\ਤਰੁੱਟੀਆਂ ਸਨ।
ਉਧਰ, ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਕੇਵਟ ਫਾਈਲ ਦਾਖ਼ਲ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਸਰਕਾਰ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਹੈ ਕਿ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸਟੇਟ ਨੂੰ ਵੀ ਸੁਣਿਆ ਜਾਵੇ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…