
ਮੁਲਤਾਨੀ ਕੇਸ: ਪੰਜਾਬ ਸਰਕਾਰ ਨੇ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਅਰਜ਼ੀ ਵਾਪਸ ਲਈ
ਐਸ.ਏ.ਐਸ. ਨਗਰ (ਮੁਹਾਲੀ), 3 ਨਵੰਬਰ
ਮੁਹਾਲੀ ਦੇ ਵਸਨੀਕ ਅਤੇ ਸਿੱਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਸਿੱਖ ਨੌਜਵਾਨ ਨੂੰ ਘਰੋਂ ਅਗਵਾ ਕਰਨ, ਲਾਸ਼ ਖੁਰਦ ਬੁਰਦ ਕਰਨ ਦੀ ਧਾਰਾ ਸਬੰਧੀ ਮਿਲੀ ਅਗਾਊਂ ਜ਼ਮਾਨਤ ਰੱਦ ਕਰਨ ਬਾਰੇ ਪੰਜਾਬ ਸਰਕਾਰ ਨੇ ਅੱਜ ਅਚਾਨਕ ਯੂ ਟਰਨ ਲੈਂਦਿਆਂ ਆਪਣੀ ਅਰਜ਼ੀ ਵਾਪਸ ਲੈ ਲਈ ਹੈ।
ਜਾਣਕਾਰੀ ਅਨੁਸਾਰ ਅਦਾਲਤ ਨੇ ਕੁੱਝ ਸਮਾਂ ਪਹਿਲਾਂ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਧਾਰਾ 364, 201 ਅਤੇ 120ਬੀ ਵਿੱਚ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕੀਤੀ ਗਈ ਸੀ ਅਤੇ ਅਦਾਲਤ ਨੇ ਸਾਬਕਾ ਡੀਜੀਪੀ ਨੂੰ ਆਦੇਸ਼ ਦਿੱਤੇ ਸੀ ਕਿ ਉਹ ਪੁਲੀਸ ਜਾਂਚ ਵਿੱਚ ਸ਼ਾਮਲ ਹੋਣਗੇ ਅਤੇ ਅਦਾਲਤ ਨੂੰ ਦੱਸੇ ਬਿਨਾਂ ਉਹ ਆਪਣੇ ਘਰ ਤੋਂ ਬਿਲਕੁਲ ਬਾਹਰ ਨਹੀਂ ਜਾਣਗੇ, ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੈਂਸੀ ਨਾ ਹੋਵੇ।
ਜਾਣਕਾਰੀ ਅਨੁਸਾਰ ਮੁਹਾਲੀ ਅਦਾਲਤ ਵੱਲੋਂ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ ਬਾਅਦ ਉਹ ਅਦਾਲਤ ਅਤੇ ਸਿੱਟ ਨੂੰ ਕੁੱਝ ਦੱਸੇ ਬਿਨਾਂ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੈਣੀ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਚੇਤੇ ਰਹੇ ਜਦੋਂ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਸੀ ਤਾਂ ਉਹ ਜ਼ੈੱਡ ਪਲੱਸ ਸੁਰੱਖਿਆ ਛੱਤਰੀ ਛੱਡ ਕੇ ਆਪਣੇ ਘਰੋਂ ਅਚਾਨਕ ਰੂਪੋਸ਼ ਹੋ ਗਏ ਸੀ। ਪੰਜਾਬ ਸਰਕਾਰ ਅਤੇ ਪੁਲੀਸ ਦਾ ਮੰਨਣਾ ਹੈ ਕਿ ਸਾਬਕਾ ਪੁਲੀਸ ਮੁਖੀ ਨੇ ਆਪਣੇ ਘਰੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਘੋਰ ਉਲੰਘਣਾ ਕੀਤੀ ਹੈ। ਲਿਹਾਜ਼ਾ ਉਸ ਦੀ ਦਿੱਤੀ ਜ਼ਮਾਨਤ ਰੱਦ ਕੀਤੀ ਜਾਵੇ। ਲੇਕਿਨ ਹੁਣ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਰੌਸ਼ਨੀ ਵਿੱਚ ਸੈਣੀ ਦੀ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਅਰਜ਼ੀ ਵਾਪਸ ਲੈ ਲਈ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਸੈਣੀ ਨੂੰ ਆਰਜ਼ੀ ਰਾਹਤ ਦੇਣ ਸਬੰਧੀ ਜਾਰੀ ਹੁਕਮਾਂ ਵਿੱਚ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਦੇ ਖ਼ਿਲਾਫ਼ ਦਰਜ ਸਾਰੀਆਂ ਧਾਰਾਵਾਂ ਅਤੇ ਨੁਕਤਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ਕਾਰਨ ਸਰਕਾਰ ਨੇ ਆਪਣੀ ਅਰਜ਼ੀ ਵਾਪਸ ਲੈ ਲਈ ਹੈ।