Nabaz-e-punjab.com

ਮੁਲਤਾਨੀ ਕੇਸ: ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਮੰਗਲਵਾਰ ਨੂੰ ਹੋਵੇਗਾ ਫੈਸਲਾ

ਪੁਲੀਸ ਹਿਰਾਸਤ ਵਿੱਚ ਨੌਜਵਾਨ ਦੀ ਮੌਤ ਹੋਣ ਬਾਰੇ ਸਰਕਾਰ ਕੋਲ ਪੁਖ਼ਤਾ ਸਬੂਤ: ਨਰੂਲਾ

ਹਾਈਕੋਰਟ ਵਿੱਚ ਪੰਜ ਘੰਟੇ ਚੱਲੀ ਸੁਣਵਾਈ, ਦੋਵਾਂ ਧਿਰਾਂ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅੱਜ ਉਨ੍ਹਾਂ ਨੂੰ ਹਾਈ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਮਿਲੀ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਪਹਿਲੇ ਜੱਜ ਜਸਟਿਸ ਸੁਵੀਰ ਸਹਿਗਲ ਨੇ ਸਾਬਕਾ ਪੁਲੀਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ। ਜਿਸ ਕਾਰਨ ਅੱਜ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਅਤੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੀ ਜਾਂਚ ਪੰਜਾਬ ਪੁਲੀਸ ਤੋਂ ਵਾਪਸ ਲੈ ਕੇ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਦੇ ਮਾਮਲੇ ਦੀ ਸੁਣਵਾਈ ਕੀਤੀ। ਦੋਵੇਂ ਮਾਮਲਿਆਂ ਬਾਰੇ ਅਦਾਲਤ ਵਿੱਚ ਕਰੀਬ ਪੌਣੇ ਪੰਜ ਘੰਟੇ ਲਗਾਤਾਰ ਸੁਣਵਾਈ ਚੱਲੀ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ ਹੋਈ।
ਸੈਣੀ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ ਪ੍ਰੰਤੂ ਕੇਸ ਦੀ ਸੁਣਵਾਈ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਜਿਸ ਕਾਰਨ ਸੁਪਰੀਮ ਕੋਰਟ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਲੇਕਿਨ ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਤਿੰਨ ਦਹਾਕੇ ਬਾਅਦ ਕੇਸ ਦਰਜ ਕਰਕੇ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਅਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।
ਉਧਰ, ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸੈਣੀ ਖ਼ਿਲਾਫ਼ ਬਹੁਤ ਗੰਭੀਰ ਦੋਸ਼ ਹਨ। ਲਿਹਾਜ਼ਾ ਕਿਸੇ ਵੀ ਸੂਰਤ ਵਿੱਚ ਮੁਲਜ਼ਮ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਸ੍ਰੀ ਨਰੂਲਾ ਨੇ ਕਿਹਾ ਕਿ ਸੈਣੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਬਣਦੀ ਹੈ। ਕਿਉਂਕਿ ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਨੇ ਪੁਲੀਸ ਨੂੰ ਜਾਂਚ ਵਿੱਚ ਕਿਸੇ ਕਿਸਮ ਦਾ ਸਹਿਯੋਗ ਨਹੀਂ ਦਿੱਤਾ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਨੌਜਵਾਨ ਦੀ ਪੁਲੀਸ ਹਿਰਾਸਤ ਵਿੱਚ ਮੌਤ ਹੋਣ ਸਬੰਧੀ ਸਰਕਾਰ ਕੋਲ ਪੁਖ਼ਤਾ ਸਬੂਤ ਹਨ। ਸਵੇਰੇ ਸਵਾ 11 ਵਜੇ ਸ਼ੁਰੂ ਹੋਈ ਸੁਣਵਾਈ ਸ਼ਾਮ ਸਵਾ ਚਾਰ ਵਜੇ ਤੱਕ ਚੱਲੀ। ਪਹਿਲਾਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਜਿਰ੍ਹਾ ਹੋਈ। ਇਸ ਮਗਰੋਂ ਸੈਣੀ ਦੀ ਪਟੀਸ਼ਨ ਕੀ ਪੰਜਾਬ ਪੁਲੀਸ ਤੋਂ ਜਾਂਚ ਵਾਪਸ ਲੈ ਕੇ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਨੂੰ ਸੌਂਪੀ ਜਾਵੇ, ਬਾਰੇ ਸੁਣਵਾਈ ਹੋਈ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਭਲਕੇ ਮੰਗਲਵਾਰ ਤੱਕ ਰਾਖਵਾਂ ਰੱਖ ਲਿਆ। ਉਂਜ ਅੱਜ ਹਾਈ ਕੋਰਟ ਨੇ ਸੈਣੀ ਨੂੰ ਕੋਈ ਆਰਜ਼ੀ ਰਾਹਤ ਵੀ ਨਹੀਂ ਦਿੱਤੀ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਅਦਾਲਤ ਮੁਹਾਲੀ ਨੇ ਸਾਬਕਾ ਡੀਜੀਪੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਅਦਾਲਤ ਦਾ ਮੰਨਣਾ ਹੈ ਕਿ ਉਨ੍ਹਾਂ (ਸੈਣੀ) ਦੇ ਖ਼ਿਲਾਫ਼ ਬਹੁਤ ਗੰਭੀਰ ਕਿਸਮ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਪੁਲੀਸ ਦੀ ਜਾਂਚ ਅਤੇ ਮੁਲਜ਼ਮ ਦੀ ਪੁੱਛਗਿੱਛ ਬਹੁਤ ਜ਼ਰੂਰੀ ਹੈ। ਜਿਸ ਕਾਰਨ ਸੈਣੀ ਦੀ ਕਿਸੇ ਵੀ ਸੂਰਤ ਵਿੱਚ ਜ਼ਮਾਨਤ ਮਨਜ਼ੂਰ ਨਹੀਂ ਕੀਤੀ ਜਾ ਸਕਦੀ ਹੈ।
ਉਧਰ, ਮੁਹਾਲੀ ਪੁਲੀਸ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਗੁਪਤ ਤਰੀਕੇ ਨਾਲ ਆਪਣੀ ਕਾਰਵਾਈ ਕਰ ਰਹੀ ਹੈ। ਅੱਜ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਪ੍ਰੰਤੂ ਮੀਡੀਆ ਨਾਲ ਕੋਈ ਵੀ ਜਾਣਕਾਰੀ ਇਸ ਕਰਕੇ ਸਾਂਝੀ ਨਹੀਂ ਕੀਤੀ ਜਾ ਸਕਦੀ ਹੈ ਕਿਉਂਕਿ ਪੁਲੀਸ ਜਾਂਚ ਪ੍ਰਭਾਵਿਤ ਹੋ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …