Nabaz-e-punjab.com

ਮੁਲਤਾਨੀ ਕੇਸ: ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਟਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਪੰਜਾਬ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਦੇ ਸਪੁੱਤਰ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਕਰੀਬ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਅੱਗੇ ਟਲ ਗਈ ਹੈ। ਜਾਣਕਾਰੀ ਅਨੁਸਾਰ ਬੀਤੀ 11 ਮਈ ਨੂੰ ਮੁਹਾਲੀ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕੀਤੀ ਗਈ ਸੀ ਅਤੇ ਅਦਾਲਤ ਨੇ ਸਾਬਕਾ ਡੀਜੀਪੀ ਨੂੰ ਆਦੇਸ਼ ਦਿੱਤੇ ਸੀ ਕਿ ਉਹ ਪੁਲੀਸ ਜਾਂਚ ਵਿੱਚ ਸ਼ਾਮਲ ਹੋਣਗੇ ਅਤੇ ਅਦਾਲਤ ਨੂੰ ਦੱਸੇ ਬਿਨਾਂ ਆਪਣੇ ਘਰ ਤੋਂ ਬਾਹਰ ਨਹੀਂ ਜਾਣਗੇ, ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੈਂਸੀ ਨਾ ਹੋਵੇ।
ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ਼ ਸਿੰਘ ਨਰੂਲਾ ਨੇ ਦੱਸਿਆ ਕਿ ਸੁਮੇਧ ਸੈਣੀ ਨੇ ਅਦਾਲਤ ਅਤੇ ਸਿੱਟ ਨੂੰ ਕੁੱਝ ਦੱਸੇ ਬਿਨਾਂ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੈਣੀ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਚੇਤੇ ਰਹੇ ਜਦੋਂ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਸੀ ਤਾਂ ਉਹ ਜ਼ੈੱਡ ਪਲੱਸ ਸੁਰੱਖਿਆ ਛੱਤਰੀ ਛੱਡ ਕੇ ਆਪਣੇ ਘਰੋਂ ਅਚਾਨਕ ਰੂਪੋਸ਼ ਹੋ ਗਏ ਸੀ। ਪੰਜਾਬ ਸਰਕਾਰ ਅਤੇ ਪੁਲੀਸ ਦਾ ਮੰਨਣਾ ਹੈ ਕਿ ਸਾਬਕਾ ਪੁਲੀਸ ਮੁਖੀ ਨੇ ਆਪਣੇ ਘਰੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਘੋਰ ਉਲੰਘਣਾ ਕੀਤੀ ਹੈ। ਲਿਹਾਜ਼ਾ ਉਸ ਦੀ ਦਿੱਤੀ ਜ਼ਮਾਨਤ ਰੱਦ ਕੀਤੀ ਜਾਵੇ।
ਅੱਜ ਮੁਹਾਲੀ ਅਦਾਲਤ ਵਿੱਚ ਸਰਕਾਰ ਦੀ ਉਕਤ ਅਰਜ਼ੀ ’ਤੇ ਸੁਣਵਾਈ ਹੋਣੀ ਸੀ ਪ੍ਰੰਤੂ ਸਬੰਧਤ ਜੱਜ ਕੇ ਛੁੱਟੀ ’ਤੇ ਹੋਣ ਕਾਰਨ ਉਸ ਦੀ ਜ਼ਮਾਨਤ ਰੱਦ ਕਰਵਾਉਣ ਲਈ ਸਰਕਾਰ ਦੀ ਅਰਜ਼ੀ ’ਤੇ 27 ਅਕਤੂਬਰ ਤੱਕ ਸੁਣਵਾਈ ਅੱਗੇ ਟਲ ਗਈ ਹੈ। ਇਸੇ ਦਿਨ ਸੈਣੀ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਐਫ਼ਆਈਆਈ ਰੱਦ ਕਰਨ ਅਤੇ ਉਸ ਨੂੰ ਪੱਕੀ ਜ਼ਮਾਨਤ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਹਾਲਾਂਕਿ ਅਦਾਲਤ ਨੇ ਸੈਣੀ ਦੀ ਜ਼ਮਾਨਤ ਮਨਜ਼ੂਰ ਕਰਨ ਸਮੇਂ ਇਹ ਵੀ ਹੁਕਮ ਦਿੱਤੇ ਸੀ ਕਿ ਉਹ ਜ਼ਮਾਨਤ ਪੀਰੀਅਡ ਦੌਰਾਨ ਕਿਸੇ ਨੂੰ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਨਹੀਂ ਕਰਨਗੇ ਅਤੇ ਉਕਤ ਕੇਸ ਸਬੰਧੀ ਪੁਲੀਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ। ਪ੍ਰੰਤੂ ਸੈਣੀ ’ਤੇ ਪੁਲੀਸ ਨੂੰ ਜਾਂਚ ਵਿੱਚ ਸਹਿਯੋਗ ਨਾ ਦੇਣ ਅਤੇ ਗਵਾਹਾਂ ਨੂੰ ਧਮਕਾਉਣ ਦੇ ਦੋਸ਼ ਵੀ ਲੱਗਦੇ ਰਹੇ ਹਨ। ਇਸ ਸਬੰਧੀ ਸੈਣੀ ਦੀ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਉਸ ਦੀ ਟੀਮ ਵਿੱਚ ਸ਼ਾਮਲ ਦੋ ਸਾਬਕਾ ਇੰਸਪੈਕਟਰਾਂ ਖ਼ਿਲਾਫ਼ ਖਰੜ ਥਾਣੇ ਵਿੱਚ ਪਰਚਾ ਵੀ ਦਰਜ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…