Nabaz-e-punjab.com

ਮੁਲਤਾਨੀ ਕੇਸ: ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਹਾਈ ਕੋਰਟ ’ਚ ਅਰਜ਼ੀ ਦਾਇਰ

ਹਾਈ ਕੋਰਟ ਦੇ ਜੱਜ ਨੇ ਸੈਣੀ ਕੇਸ ਤੋਂ ਖ਼ੁਦ ਨੂੰ ਅਲੱਗ ਕਰਕੇ ਪਟੀਸ਼ਨ ਮੁੱਖ ਜੱਜ ਕੋਲ ਭੇਜੀ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਮੁਹਾਲੀ ਦੇ ਵਸਨੀਕ ਅਤੇ ਸਿੱਟਕੋ ਦੇ ਜੇਈ ਰਹੇ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਸਾਬਕਾ ਡੀਜੀਪੀ ਨੇ ਆਪਣੇ ਵਕੀਲ ਏਪੀਐਸ ਦਿਉਲ ਰਾਹੀਂ ਹਾਈ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਇਰ ਕਰਕੇ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਚੁਨੌਤੀ ਦਿੱਤੀ ਹੈ। ਚੇਤੇ ਰਹੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ਼ ਕਰ ਦਿੱਤਾ ਸੀ। ਅਦਾਲਤ ਦਾ ਮੰਨਣਾ ਸੀ ਕਿ ਉਨ੍ਹਾਂ (ਸੈਣੀ) ਦੇ ਖ਼ਿਲਾਫ਼ ਬਹੁਤ ਗੰਭੀਰ ਕਿਸਮ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਪੁਲੀਸ ਦੀ ਜਾਂਚ ਅਤੇ ਮੁਲਜ਼ਮ ਦੀ ਪੁੱਛਗਿੱਛ ਬਹੁਤ ਜ਼ਰੂਰੀ ਹੈ। ਜਿਸ ਕਾਰਨ ਸੈਣੀ ਦੀ ਕਿਸੇ ਵੀ ਸੂਰਤ ਵਿੱਚ ਜ਼ਮਾਨਤ ਮਨਜ਼ੂਰ ਨਹੀਂ ਕੀਤੀ ਜਾ ਸਕਦੀ ਹੈ।
ਉਧਰ, ਅੱਜ ਉੱਚ ਅਦਾਲਤ ਦੇ ਇਕ ਜੱਜ ਨੇ ਅਚਾਨਕ ਸੈਣੀ ਕੇਸ ਤੋਂ ਖ਼ੁਦ ਨੂੰ ਵੱਖ ਕਰਕੇ ਨਵੀਂ ਚਰਚਾ ਛੇੜ ਦਿੱਤੀ ਹੈ। ਸੈਣੀ ਨੇ ਮਟੌਰ ਥਾਣੇ ਵਿੱਚ ਦਰਜ ਐਫ਼ਆਈਆਰ ਰੱਦ ਕਰਵਾਉਣ ਲਈ ਪਿਛਲੇ ਦਿਨੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਅੱਜ ਉਨ੍ਹਾਂ ਦੀ ਅਰਜ਼ੀ ’ਤੇ ਸੁਣਵਾਈ ਹੋਣੀ ਸੀ ਪ੍ਰੰਤੂ ਸਬੰਧਤ ਜੱਜ ਨੇ ਇਸ ਮਾਮਲੇ ਤੋਂ ਖ਼ੁਦ ਨੂੰ ਵੱਖ ਕਰਦਿਆਂ ਸਾਬਕਾ ਪੁਲੀਸ ਅਧਿਕਾਰੀ ਦੀ ਅਰਜ਼ੀ ਨੂੰ ਅਗਲੀ ਕਾਰਵਾਈ ਲਈ ਚੀਫ਼ ਜਸਟਿਸ ਕੋਲ ਭੇਜ ਦਿੱਤਾ ਹੈ।
ਉਧਰ, ਇਹ ਵੀ ਪਤਾ ਲੱਗਾ ਹੈ ਕਿ ਮੁਹਾਲੀ ਪੁਲੀਸ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਸੱਤ ਟੀਮਾਂ ਦਾ ਗਠਨ ਕੀਤਾ ਹੈ ਪ੍ਰੰਤੂ ਇਸ ਸਬੰਧੀ ਕੋਈ ਵੀ ਵੱਡਾ ਜਾਂ ਛੋਟਾ ਪੁਲੀਸ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਲਈ ਤਿਆਰ ਨਹੀਂ ਹੈ। ਇਕ ਉੱਚ ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਸਿਰਫ਼ ਏਨਾ ਹੀ ਦੱਸਿਆ ਕਿ ਸੈਣੀ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਪੁਲੀਸ ਸੂਤਰਾਂ ਅਨੁਸਾਰ ਸੈਣੀ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਫਿਰ ਤੋਂ ਰੂਪੋਸ਼ ਹੋ ਗਏ ਹਨ ਅਤੇ ਉਹ ਆਪਣੀ ਰਿਹਾਇਸ਼ ’ਤੇ ਨਾ ਹੋ ਕੇ ਉਨ੍ਹਾਂ ਦੇ ਕਥਿਤ ਤੌਰ ’ਤੇ ਦਿੱਲੀ ਵਿੱਚ ਹੋਣ ਦੇ ਚਰਚੇ ਹਨ। ਜਦੋਂਕਿ ਅਦਾਲਤ ਨੇ ਧਾਰਾ 364 ਵਿੱਚ ਜ਼ਮਾਨਤ ਮਨਜ਼ੂਰ ਕਰਨ ਸਮੇਂ ਇਹ ਹੁਕਮ ਜਾਰੀ ਕੀਤੇ ਸਨ ਕਿ ਉਹ (ਸੈਣੀ) ਪੁਲੀਸ ਅਤੇ ਅਦਾਲਤ ਨੂੰ ਦੱਸੇ ਬਿਨਾਂ ਸ਼ਹਿਰ ਛੱਡ ਕੇ ਬਾਹਰ ਨਹੀਂ ਜਾ ਸਕਦੇ ਹਨ। ਸੈਣੀ ਦੀ ਗੈਰਮੌਜੂਦਗੀ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਮੰਨਿਆ ਜਾ ਰਿਹਾ ਹੈ। ਸੈਣੀ ਦੇ ਦਿੱਲੀ ਵਿੱਚ ਹੋਣ ਦੇ ਚਰਚੇ ਹਨ।

Load More Related Articles
Load More By Nabaz-e-Punjab
Load More In Court and Police

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…