Share on Facebook Share on Twitter Share on Google+ Share on Pinterest Share on Linkedin ਮੁਲਤਾਨੀ ਕੇਸ: ਸੁਪਰੀਮ ਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਰਾਖਵਾਂ ਸਾਬਕਾ ਡੀਜੀਪੀ ਦੀ ਪੱਕੀ ਜ਼ਮਾਨਤ ਤੇ ਮਟੌਰ ਥਾਣੇ ਵਿੱਚ ਦਰਜ ਕੇਸ ਰੱਦ ਕਰਨ ਬਾਰੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੇ ਸ਼ਿਕਾਇਤ ਕਰਤਾ ਨੂੰ ਆਪਣਾ ਪੱਖ ਰੱਖਣ ਲਈ ਜਾਰੀ ਕੀਤਾ ਸੀ ਨੋਟਿਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਨਵੰਬਰ: ਸੁਪਰੀਮ ਕੋਰਟ ਨੇ ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਅਤੇ ਕਥਿਤ ਤੌਰ ’ਤੇ ਕਤਲ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ 302, 364 ਸਮੇਤ ਹੋਰਨਾਂ ਸਖ਼ਤ ਧਰਾਵਾਂ ਤਹਿਤ ਦਰਜ ਅਪਰਾਧਿਕ ਕੇਸ ਰੱਦ ਕਰਨ ਅਤੇ ਪੱਕੀ ਜ਼ਮਾਨਤ ਬਾਰੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਸਟਿਸ ਅਸ਼ੋਕ ਭੂਸਣ ਨੇ ਸਾਬਕਾ ਡੀਜੀਪੀ ਦੇ ਵਕੀਲ ਸਿਧਾਰਥ ਲੂਥਰਾ ਅਤੇ ਪੰਜਾਬ ਸਰਕਾਰ ਦੇ ਵਕੀਲ ਮੁਕੁਲ ਰੋਹਤਗੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੈਣੀ ਨੂੰ ਪਹਿਲਾਂ ਦਿੱਤੀ ਆਰਜ਼ੀ ਜ਼ਮਾਨਤ ਨੂੰ ਬਰਕਰਾਰ ਰੱਖਦਿਆਂ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਸਾਬਕਾ ਡੀਜੀਪੀ ਨੇ ਆਪਣੇ ਵਕੀਲ ਰਾਹੀਂ ਸੁਪਰੀਮ ਕੋਰਟ ਵਿੱਚ ਦੋ ਵੱਖੋ-ਵੱਖ ਪਟੀਸ਼ਨਾਂ ਦਾਇਰ ਕਰਕੇ ਉਸ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਨ ਅਤੇ ਪੱਕੀ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ 29 ਸਾਲ ਬਾਅਦ ਦਰਜ ਕੀਤਾ ਅਪਰਾਧਿਕ ਮਾਮਲਾ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਇਸ ਤੋਂ ਪਹਿਲਾਂ ਪੀੜਤ ਪਰਿਵਾਰ ਦੀ ਸ਼ਿਕਾਇਤ ਅਤੇ ਹਾਈ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਨੇ ਵੀ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ ਪ੍ਰੰਤੂ ਕੇਸ ਦੀ ਸੁਣਵਾਈ ਸੀਬੀਆਈ ਉਸ ਦੇ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਜਿਸ ਕਾਰਨ ਸੁਪਰੀਮ ਕੋਰਟ ਨੇ ਕੌਮੀ ਜਾਂਚ ਏਜੰਸੀ ਵੱਲੋਂ ਉਸ ਦੇ ਖ਼ਿਲਾਫ਼ ਦਰਜ ਐਫ਼ਆਈਆਈ ਨੂੰ ਰੱਦ ਕਰ ਦਿੱਤਾ ਸੀ ਲੇਕਿਨ ਹੁਣ ਕਾਫ਼ੀ ਅਰਸੇ ਬਾਅਦ ਮੁਹਾਲੀ ਪੁਲੀਸ ਨੇ ਪੁਰਾਣੇ ਦੋਸ਼ਾਂ ਤਹਿਤ ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਉਸ ਦੇ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕੀਤਾ ਜਾਵੇ। ਉਧਰ, ਸਰਕਾਰੀ ਵਕੀਲ ਅਦਾਲਤ ਵਿੱਚ ਪਹਿਲਾਂ ਹੀ ਇਹ ਦਾਅਵਾ ਕਰ ਚੁੱਕੇ ਹਨ ਕਿ ਇਸ ਮਾਮਲੇ ਸੈਣੀ ਖ਼ਿਲਾਫ਼ ਸਰਕਾਰ ਅਤੇ ਪੰਜਾਬ ਪੁਲੀਸ ਕੋਲ ਠੋਸ ਸਬੂਤ ਹਨ। ਲਿਹਾਜ਼ਾ ਉਸ ਨੂੰ ਕੋਈ ਰਾਹਤ ਨਾ ਦਿੱਤੀ ਜਾਵੇ। ਇਸ ਤੋਂ ਪਹਿਲਾਂ ਸੈਣੀ ਨੇ ਕੇਸ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਗਿਆ ਸੀ ਲੇਕਿਨ ਹਾਈ ਕੋਰਟ ਨੇ ਉਸ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਇਹ ਅਪੀਲ ਸਿਰੇ ਤੋਂ ਖ਼ਾਰਜ ਕਰ ਦਿੱਤੀ ਸੀ। ਜਿਸ ਕਾਰਨ ਸੈਣੀ ਨੇ ਰਾਹਤ ਲੈਣ ਲਈ ਹੁਣ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਗਿਆ ਹੈ। ਇਸ ਸਬੰਧੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਅਤੇ ਸ਼ਿਕਾਇਤ ਕਰਤਾ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ