Nabaz-e-punjab.com

ਮੁਲਤਾਨੀ ਕੇਸ: ਸੁਪਰੀਮ ਕੋਰਟ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 15 ਨੂੰ

ਬਚਾਅ ਪੱਖ ਦੇ ਵਕੀਲਾਂ ਜ਼ਮਾਨਤ ਵਿੱਚਲੀ ਤਰੁੱਟੀਆਂ ਦਰੁਸਤ ਕਰਕੇ ਨਵੇਂ ਸਿਰਿਓਂ ਦਾਇਰ ਕੀਤੀ ਅਰਜ਼ੀ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਪੰਜਾਬ ਦੇ ਸਾਬਕਾ ਆਈਏਐਸ ਦਰਸ਼ਨ ਸਿੰਘ ਮੁਲਤਾਨੀ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਭਲਕੇ 15 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਐਮ.ਆਰ. ਸ਼ਾਹ ’ਤੇ ਆਧਾਰਿਤ ਵਿਸ਼ੇਸ਼ ਬੈਂਚ ਵੱਲੋਂ ਸਵੇਰੇ ਸਾਢੇ 10 ਵਜੇ ਸੈਣੀ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਇਹ ਸਾਰੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।
ਸੈਣੀ ਨੇ ਆਪਣੀ ਪਟੀਸ਼ਨਾਂ ਵਿੱਚ ਇਹ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ ਪ੍ਰੰਤੂ ਕੇਸ ਦੀ ਸੁਣਵਾਈ ਦੌਰਾਨ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਜਿਸ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਲੇਕਿਨ ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਅਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।
ਬੀਤੇ ਦਿਨੀਂ ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਵਿੱਚ ਕਈ ਖ਼ਾਮੀਆਂ ਹੋਣ ਕਾਰਨ ਫਾਈਲ ਵਾਪਸ ਮੋੜ ਦਿੱਤੀ ਸੀ। ਅਰਜ਼ੀ ਨਾਲ ਨੱਥੀ ਹਲਫ਼ਨਾਮਾ ਕਿਸੇ ਸਮਰੱਥ ਅਧਿਕਾਰੀ ਵੱਲੋਂ ਤਸਦੀਕ ਨਹੀਂ ਸੀ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਹੋਰ ਵੀ ਕਈ ਊਣਤਾਈਆਂ\ਤਰੁੱਟੀਆਂ ਸਨ। ਲੇਕਿਨ ਹੁਣ ਇਹ ਸਾਰੀਆਂ ਤਰੁੱਟੀਆਂ ਦੂਰ ਕਰਕੇ ਬਚਾਅ ਪੱਖ ਦੇ ਵਕੀਲਾਂ ਨੇ ਨਵੇਂ ਸਿਰਿਓਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਜਿਸ ’ਤੇ ਭਲਕੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ।
ਉਧਰ, ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਕੇਵੀਅਟ ਪਟੀਸ਼ਨ ਦਾਖ਼ਲ ਕਰਕੇ ਅਪੀਲ ਕੀਤੀ ਗਈ ਹੈ। ਇਸ ਸਬੰਧੀ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਸਰਕਾਰ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸਟੇਟ ਦਾ ਪੱਖ ਵੀ ਸੁਣਿਆ ਜਾਵੇ। ਸ੍ਰੀ ਨਰੂਲਾ ਨੇ ਕਿਹਾ ਕਿ ਸੈਣੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਬਣਦੀ ਹੈ। ਕਿਉਂਕਿ ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਨੇ ਪੁਲੀਸ ਨੂੰ ਜਾਂਚ ਵਿੱਚ ਕਿਸੇ ਕਿਸਮ ਦਾ ਸਹਿਯੋਗ ਨਹੀਂ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਪੁਲੀਸ ਹਿਰਾਸਤ ਵਿੱਚ ਮੌਤ ਹੋਣ ਸਬੰਧੀ ਸਰਕਾਰ ਕੋਲ ਪੁਖ਼ਤਾ ਸਬੂਤ ਹਨ।
ਮੁਹਾਲੀ ਪੁਲੀਸ ਵੱਲੋਂ ਸੈਣੀ ਦੀ ਭਾਲ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਲੇਕਿਨ ਹੁਣ ਤੱਕ ਪੁਲੀਸ ਨੂੰ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਸਿੱਟ ਦੇ ਮੁਖੀ ਐਸਪੀ ਹਰਮਨਦੀਪ ਸਿੰਘ ਹਾਂਸ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਉਹ ਸੈਣੀ ਮਾਮਲੇ ਵਿੱਚ ਮੀਡੀਆ ਨਾਲ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…