Nabaz-e-punjab.com

ਮੁਲਤਾਨੀ ਕੇਸ: ਪੀੜਤ ਪਰਿਵਾਰ ਵੱਲੋਂ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਰਜ਼ੀ ਦਾਇਰ

ਮੁਹਾਲੀ ਅਦਾਲਤ ਵੱਲੋਂ ਸਾਬਕਾ ਡੀਜੀਪੀ ਸੈਣੀ ਨੂੰ 15 ਜੂਨ ਲਈ ਨੋਟਿਸ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਦਾ ਨਿਆਂ-ਪ੍ਰਣਾਲੀ ਤੋਂ ਭਰੋਸਾ ਉੱਠਣਾ ਸ਼ੁਰੂ ਹੋ ਗਿਆ ਹੈ। ਪੀੜਤ ਪਰਿਵਾਰ ਵੱਲੋਂ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਮੁਲਤਾਨੀ (ਬਲਵੰਤ ਮੁਲਤਾਨੀ ਦਾ ਭਰਾ) ਨੇ ਸਰਕਾਰੀ ਵਕੀਲ ਸੰਜੀਵ ਬੱਤਰਾ ਰਾਹੀਂ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸਾਬਕਾ ਡੀਜੀਪੀ ਸੈਣੀ ਤੇ ਹੋਰਨਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।
ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰਕੇ 15 ਜੂਨ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਅਦਾਲਤ ਆਪਣਾ ਫੈਸਲਾ ਸੁਣਾਉਣ ਤੋਂ ਪਹਿਲਾਂ ਸੈਣੀ ਦੀ ਟਿੱਪਣੀ ਲੈਣਾ ਚਾਹੁੰਦੀ ਹੈ, ਕਿ ਜੇਕਰ ਇਸ ਕੇਸ ਦੀ ਸੁਣਵਾਈ ਕਿਸੇ ਦੂਜੀ ਅਦਾਲਤ ਵਿੱਚ ਤਬਦੀਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਤਾਂ ਨਹੀਂ ਹੈ।
ਜਾਣਕਾਰੀ ਅਨੁਸਾਰ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਮੋਨਿਕਾ ਗੋਇਲ ਦੀ ਅਦਾਲਤ ਨੇ ਬੀਤੀ 11 ਮਈ ਨੂੰ ਸੈਣੀ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ ਅਤੇ ਹਫ਼ਤੇ ਬਾਅਦ 19 ਮਈ ਇਸ ਮਾਮਲੇ ਵਿੱਚ ਨਾਮਜ਼ਦ ਚਾਰ ਮੁਲਜ਼ਮਾਂ ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੌਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰ ਲਈ ਸੀ। ਇਹ ਚਾਰੇ ਮੁਲਜ਼ਮ ਯੂਟੀ ਪੁਲੀਸ ’ਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹਨ ਅਤੇ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਸਨ।
ਉਧਰ, ਹੁਣ ਸੈਣੀ ਨੇ ਉਨ੍ਹਾਂ ਖ਼ਿਲਾਫ਼ ਧਾਰਾ 302 ਜੁਰਮ ਦੇ ਵਾਧੇ ਦੀ ਸੰਕਾ ਪ੍ਰਗਟ ਕਰਦਿਆਂ ਅਦਾਲਤ ਦਾ ਬੂਹਾ ਖੜਕਾਉਂਦਿਆਂ ਅਗਾਊਂ ਜ਼ਮਾਨਤ ਦੀ ਗੁਹਾਰ ਲਗਾਈ। ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਮੋਨਿਕਾ ਗੋਇਲ ਦੀ ਅਦਾਲਤ ਨੇ ਸਾਬਕਾ ਡੀਜੀਪੀ ਨੂੰ ਦੁਬਾਰਾ ਫਿਰ ਤੋਂ ਵੱਡੀ ਰਾਹਤ ਦਿੰਦਿਆਂ ਪੁਲੀਸ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਇਸ ਮਾਮਲੇ ਵਿੱਚ ਧਾਰਾ 302 ਦਾ ਵਾਧਾ ਕੀਤਾ ਜਾਂਦਾ ਹੈ ਤਾਂ ਸੈਣੀ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਸੈਣੀ ਨੂੰ ਵਾਰ ਵਾਰ ਵੱਡੀ ਰਾਹਤ ਦੇਣ ਤੋਂ ਖ਼ਫ਼ਾ ਪੀੜਤ ਪਰਿਵਾਰ ਨੇ ਇਸ ਕੇਸ ਦੀ ਸੁਣਵਾਈ ਕਿਸੇ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਗੁਹਾਰ ਲਗਾਈ ਹੈ।
ਸੈਣੀ ’ਤੇ 29 ਸਾਲ ਪਹਿਲਾਂ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਦਾ ਦੋਸ਼ ਹੈ। ਇਸ ਸਬੰਧੀ ਪੀੜਤ ਪਰਿਵਾਰ ਦੇ ਮੈਂਬਰ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ’ਤੇ ਮਟੌਰ ਥਾਣੇ ਵਿੱਚ ਧਾਰਾ 364 (ਕਤਲ ਦੇ ਇਰਾਦੇ ਨਾਲ ਅਗਵਾ ਕਰਨਾ), 201 (ਸਬੂਤਾਂ ਨੂੰ ਗਾਇਬ ਕਰਨਾ), 344 (ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣਾ) 330 (ਦਬਾਅ ਬਣਾ ਕੇ ਇਕਬਾਲੀਆ ਬਿਆਨ ਲੈਣਾ) ਅਤੇ 120-ਬੀ (ਅਪਰਾਧਿਕ ਸਾਜ਼ਿਸ਼ ਰਚਨਾ) ਤਹਿਤ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…