Nabaz-e-punjab.com

ਮੁਲਤਾਨੀ ਅਗਵਾ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਝਟਕਾ, ਧਾਰਾ 302 ’ਚ ਮਿਲੀ ਜ਼ਮਾਨਤ ਰੱਦ

ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਸ਼ੁੱਕਰਵਾਰ ਨੂੰ ਮੁਹਾਲੀ ਦੀ ਨਵੀਂ ਅਦਾਲਤ ਵਿੱਚ ਹੋਈ ਸੁਣਵਾਈ, ਵਕੀਲਾਂ ’ਚ ਭਖਵੀਂ ਬਹਿਸ

ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਹੈ ਅਪਰਾਧਿਕ ਮਾਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ:
ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਹਾਲੀ ਅਦਾਲਤ ਨੇ ਝਟਕਾ ਦਿੰਦੇ ਹੋਏ ਆਈਪੀਸੀ ਦੀ ਧਾਰਾ 302 ਵਿੱਚ ਪਹਿਲਾਂ ਮਿਲੀ ਜ਼ਮਾਨਤ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਇੱਥੇ ਇਹ ਦੱਸਣਯੋਗ ਹੈ ਕਿ ਸੈਣੀ ਖ਼ਿਲਾਫ਼ ਹਾਲੇ ਤੱਕ ਧਾਰਾ 302 ਦੇ ਜੁਰਮ ਦਾ ਵਾਧਾ ਨਹੀਂ ਕੀਤਾ ਗਿਆ ਸੀ ਪ੍ਰੰਤੂ ਪਹਿਲੀ ਅਦਾਲਤ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਸੈਣੀ ਖ਼ਿਲਾਫ਼ ਕੇਸ ਦੀ ਸੁਣਵਾਈ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਗੁਹਾਰ ਲਗਾਈ ਗਈ। ਸੈਸ਼ਨ ਜੱਜ ਨੇ ਪੀੜਤ ਪਰਿਵਾਰ ਅਤੇ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਹ ਕੇਸ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਵਿੱਚ ਤਬਦੀਲ ਕਰ ਦਿੱਤਾ ਸੀ। ਸੈਣੀ ਖ਼ਿਲਾਫ਼ ਅੱਜ ਨਵੀਂ ਅਦਾਲਤ ਵਿੱਚ ਸੁਣਵਾਈ ਹੋਈ।
ਪੰਜਾਬ ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਨਿਯੁਕਤ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ, ਸਰਕਾਰੀ ਵਕੀਲ ਸੰਜੀਵ ਬੱਤਰਾ, ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਸਮੇਤ ਜਾਂਚ ਅਧਿਕਾਰੀ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਐਸਐਚਓ ਰਾਜੀਵ ਕੁਮਾਰ ਅਦਾਲਤ ਵਿੱਚ ਹਾਜ਼ਰ ਸਨ। ਅਦਾਲਤ ’ਚ ਵਕੀਲਾਂ ਵਿੱਚ ਭਖਵੀਂ ਬਹਿਸ ਹੋਈ। ਸਪੈਸ਼ਲ ਪੀਪੀ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਵਿਸਥਾਰ ਵਿੱਚ ਸਮੁੱਚੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੁਲੀਸ ਵੱਲੋਂ ਅਜੇ ਤਾਈਂ ਸੈਣੀ ਖ਼ਿਲਾਫ਼ 302 ਦਾ ਵਾਧਾ ਵੀ ਨਹੀਂ ਕੀਤਾ ਗਿਆ ਪ੍ਰੰਤੂ ਇਸ ਦੇ ਬਾਵਜੂਦ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।
ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਨੇ ਪਹਿਲਾਂ ਮਿਲੀ ਜ਼ਮਾਨਤ ਨੂੰ ਬਰਕਰਾਰ ਰੱਖਣ ਦੀ ਮੰਗ ਕਰਦਿਆਂ ਉੱਚ ਅਦਾਲਤਾਂ ਦੀਆਂ ਕਈ ਕੇਸਾਂ ਦੀਆਂ ਜਜਮੈਂਟਾਂ ਪੇਸ਼ ਕੀਤੀਆਂ ਗਈਆਂ। ਅਦਾਲਤ ਨੇ ਧਾਰੀਆਂ ਧਿਰਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਅਖੀਰ ਅਦਾਲਤ ਨੇ ਪੀੜਤ ਪਰਿਵਾਰ ਅਤੇ ਸਰਕਾਰ ਦੀਆਂ ਦਲੀਲਾਂ ਨੂੰ ਜਾਇਜ਼ ਮੰਨਦਿਆਂ ਸਾਬਕਾ ਡੀਜੀਪੀ ਸੈਣੀ ਨੂੰ ਧਾਰਾ 302 ਵਿੱਚ ਮਿਲੀ ਜ਼ਮਾਨਤ ਰੱਦ ਕਰ ਦਿੱਤੀ। ਉਂਜ ਅਦਾਲਤ ਨੇ ਮੁਲਤਾਨੀ ਨੂੰ ਅਗਵਾ ਕੇਸ ਦੇ ਮਾਮਲੇ ਵਿੱਚ ਪਹਿਲਾਂ ਮਿਲੀ ਜ਼ਮਾਨਤ ਬਰਕਰਾਰ ਰੱਖਦਿਆਂ ਪੁਲੀਸ ਨੂੰ ਹਦਾਇਤ ਕੀਤੀ ਗਈ ਜੇਕਰ ਜਾਂਚ ਦੌਰਾਨ ਲੱਗੇ ਕਿ ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨਾ ਬਣਦਾ ਹੈ ਤਾਂ ਮੁਲਜ਼ਮ ਨੂੰ ਤਿੰਨ ਦਿਨਾਂ ਦੇ ਅੰਦਰ ਅੰਦਰ ਉਸ ਦੀ ਇਤਲਾਹ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…