
ਮੁਲਤਾਨੀ ਅਗਵਾ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਕਤਲ ਦਾ ਕੇਸ ਦਰਜ /h2>
ਮੁਹਾਲੀ ਪੁਲੀਸ ਨੇ ਸੈਣੀ ਨੂੰ ਨੋਟਿਸ ਭੇਜ ਕੇ ਦਿੱਤੀ ਜੁਰਮ ’ਚ ਵਾਧਾ ਕਰਨ ਦੀ ਜਾਣਕਾਰੀ
ਸੈਣੀ ’ਤੇ 29 ਸਾਲ ਪਹਿਲਾਂ ਨੌਜਵਾਨ ਨੂੰ ਘਰੋਂ ਅਗਵਾ ਕਰਕੇ ਲਿਜਾਉਣ ਤੇ ਮਗਰੋਂ ਗਾਇਬ ਕਰਨ ਦਾ ਦੋਸ਼
ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਮੁਹਾਲੀ ਦੇ ਵਸਨੀਕ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਪੰਜਾਬ ਪੁਲੀਸ ਦੀ ਸਿੱਟ ਨੂੰ ਸਾਬਕਾ ਡੀਜੀਪੀ ਸੈਣੀ ਦੇ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਮਗਰੋਂ ਪੁਲੀਸ ਵੱਲੋਂ ਸੈਣੀ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕੀਤਾ ਗਿਆ ਹੈ।
ਸਾਬਕਾ ਇੰਸਪੈਕਟਰਾਂ ਨੇ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ-ਕਮ-ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਬਿਆਨ ਦਰਜ ਕਰਵਾਏ ਗਏ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ਉੱਤੇ ਕਿਸੇ ਦਾ ਕੋਈ ਦਬਾਅ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਲਾਲਚ ਵਿੱਚ ਆ ਕੇ ਬਲਕਿ ਆਪਣੀ ਮਰਜ਼ੀ ਅਨੁਸਾਰ ਵਾਅਦਾ ਮੁਆਫ਼ ਗਵਾਹ ਬਣੇ ਹਨ। ਅਦਾਲਤ ਨੇ ਬੀਤੇ ਦਿਨੀਂ ਸਾਬਕਾ ਪੁਲੀਸ ਅਫ਼ਸਰਾਂ ਦੇ ਬਿਆਨ ਦਰਜ ਕਰਨ ਅਤੇ ਪੁਲੀਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਲਈ ਆਪਣਾ ਫੈਸਲਾ ਰਾਖਵਾਂ ਰੱਖਿਆ ਸੀ। ਅੱਜ ਅਦਾਲਤ ਨੇ ਪੁਲੀਸ ਨੂੰ ਸੈਣੀ ਖ਼ਿਲਾਫ਼ ਕਤਲ ਦਾ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧੀ ਪੁਲੀਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਇਸ ਮਹੱਤਵਪੂਰਨ ਕੇਸ ਦੀ ਪੈਰਵਾਈ ਕਰਨ ਲਈ ਨਿਯੁਕਤ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਪੂਰੇ ਘਟਨਾਕ੍ਰਮ ’ਤੇ ਰੌਸ਼ਨੀ ਪਾਉਂਦਿਆਂ ਅਦਾਲਤ ਨੂੰ ਦੱਸਿਆ ਕਿ 1991 ਵਿੱਚ ਚੰਡੀਗੜ੍ਹ ਵਿੱਚ ਐਸਐਸਪੀ ਵਜੋਂ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਹਾਦਸੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁੱਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ’ਤੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਲਿਆਂਦਾ ਗਿਆ ਸੀ। ਜਿੱਥੇ ਉਨ੍ਹਾਂ ਉੱਤੇ ਸੈਣੀ ਦੀ ਮੌਜੂਦਗੀ ਵਿੱਚ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ।
ਮੁਲਤਾਨੀ ਦੀ ਥਾਣੇ ਵਿੱਚ ਕੀਤੀ ਗਈ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਗਈਆਂ। ਇਹੀ ਨਹੀਂ ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਕਾਦੀਆ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। ਇਸ ਸਬੰਧੀ ਯੂਟੀ ਪੁਲੀਸ ਦੀ ਟੀਮ ਨੇ ਵਾਪਸ ਚੰਡੀਗੜ੍ਹ ਆ ਕੇ ਸੈਕਟਰ-17 ਦੇ ਥਾਣੇ ਵਿੱਚ ਵੀ ਡੀਡੀਆਰ ਦਰਜ ਕੀਤੀ ਗਈ ਸੀ। ਇਸ ਤਰ੍ਹਾਂ ਉਦੋਂ ਪੁਲੀਸ ਵੱਲੋਂ ਮੁਲਤਾਨੀ ਕੇਸ ਨੂੰ ਸਰਕਾਰੀ ਫਾਈਲਾਂ ਵਿੱਚ ਦਫ਼ਨ ਕਰ ਦਿੱਤਾ ਗਿਆ। ਉਹ ਖ਼ੁਦ ਵੀ ਜਾਣੇ ਅਣਜਾਣੇ ਵਿੱਚ ਇਸ ਪੂਰੇ ਸਿਸਟਮ ਦਾ ਹਿੱਸਾ ਰਹੇ ਹਨ।
ਯੂਟੀ ਪੁਲੀਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਲਿਖਤੀ ਬਿਆਨਾਂ ਵਿੱਚ ਸਪੱਸ਼ਟ ਕੀਤਾ ਕਿ ਮੁਲਤਾਨੀ ਨੂੰ ਅੰਨੇ੍ਹਵਾਹ ਅਣਮਨੁੱਖੀ ਤਸੀਹੇ ਦਿੱਤੇ ਗਏ। ਸੈਣੀ ਦੇ ਕਹਿਣ ’ਤੇ ਪੁਲੀਸ ਨੇ ਲੱਕੜ ਦਾ ਡੰਡਾ ਘੜ ਕੇ ਨੌਜਵਾਨ ਦੇ ਗੁਦਾ ਨੂੰ ਬੂਰੀ ਤਰ੍ਹਾਂ ਫਟੜ ਕਰ ਦਿੱਤਾ ਅਤੇ ਉਸ ਦੇ ਸਰੀਰ ’ਚੋਂ ਖੂਨ ਚਲਣਾ ਸ਼ੁਰੂ ਹੋ ਗਿਆ ਸੀ। ਇਹ ਸਾਰਾ ਕੁੱਝ ਉਨ੍ਹਾਂ ਨੇ ਆਪਣੀ ਅੱਖੀਂ ਦੇਖਿਆ ਹੈ। ਪੁਲੀਸ ਦੀ ਇਸ ਦਰਿੰਦਗੀ ਕਾਰਨ ਮੁਲਤਾਨੀ ਕਾਫੀ ਸਮਾਂ ਦਰਦ ਨਾਲ ਕੁਰਲਾਉਂਦਾ ਰਿਹਾ। ਅਖੀਰ ਉਸ ਨੇ ਦਮ ਤੋੜ ਦਿੱਤਾ। ਇਸ ਤੋਂ ਪਹਿਲਾਂ ਵੀ ਕਈ ਚਸ਼ਮਦੀਦ ਗਵਾਹ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚ ਇਕ ਹਾਈ ਕੋਰਟ ਦੀ ਸੀਨੀਅਰ ਮਹਿਲਾ ਵਕੀਲ ਵੀ ਸ਼ਾਮਲ ਹੈ। ਉਸ ਨੇ ਵੀ ਆਪਣੇ ਬਿਆਨਾ ਵਿੱਚ ਇਹ ਖੁਲਾਸਾ ਕੀਤਾ ਸੀ ਕਿ ਸੈਣੀ ਦੀ ਮੌਜੂਦਗੀ ਵਿੱਚ ਯੂਟੀ ਪੁਲੀਸ ਨੇ ਮੁਲਤਾਨੀ ਉੱਤੇ ਤਸ਼ੱਦਦ ਢਾਹਿਆ ਗਿਆ ਸੀ ਅਤੇ ਉਹ ਚੱਲਣ ਫਿਰਨ ਤੋਂ ਵੀ ਲਾਚਾਰ ਸੀ।
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ’ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰ ਦੇਣ ਦਾ ਦੋਸ਼ ਹੈ।