nabaz-e-punjab.com

ਬਹੁ-ਕਰੋੜੀ ਮੁਆਵਜ਼ਾ ਘੁਟਾਲਾ: ਵਿਜੀਲੈਂਸ ਵੱਲੋਂ ਸੇਵਾਮੁਕਤ ਪੀਸੀਐਸ ਅਧਿਕਾਰੀ ਗ੍ਰਿਫ਼ਤਾਰ

ਅਧਿਕਾਰੀ ’ਤੇ ਮੁਆਵਜ਼ੇ ਦੀਆਂ ਅਦਾਇਗੀਆਂ ਨੂੰ ਮਨਜ਼ੂਰੀ ਦੇਣ ਲਈ ਦਬਾਅ ਪਾਉਣ ਦਾ ਮਾਮਲਾ ਆਇਆ ਸਾਹਮਣੇ

ਪਟਵਾਰੀਆਂ ਦੀ ਪੁੱਛਗਿੱਛ ਤੋਂ ਬਾਅਦ ਗਮਾਡਾ ਦੇ ਸਾਬਕਾ ਅਧਿਕਾਰੀ ਜਗਦੀਸ਼ ਜੌਹਲ ਦੀ ਗ੍ਰਿਫ਼ਤਾਰੀ ਪਾਈ

ਨਬਜ਼-ਏ-ਪੰਜਾਬ, ਮੁਹਾਲੀ, 20 ਜੁਲਾਈ:
ਮੁਹਾਲੀ ਵਿੱਚ ਅਮਰੂਦਾਂ ਦੇ ਬਾਗ ਦਿਖਾ ਕੇ ਗਲਤ ਤਰੀਕੇ ਨਾਲ ਮੁਆਵਜ਼ਾ ਲੈਣ ਸਬੰਧੀ ਹੋਏ ਬਹੁ-ਕਰੋੜੀ ਘੁਟਾਲੇ ਦੇ ਮਾਮਲੇ ਪੰਜਾਬ ਵਿਜੀਲੈਂਸ ਬਿਊਰੋ ਨੇ ਗਮਾਡਾ ਦੇ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲਏਸੀ) ਰਹੇ ਸੇਵਾਮੁਕਤ ਪੀਸੀਐਸ ਅਧਿਕਾਰੀ ਜਗਦੀਸ਼ ਸਿੰਘ ਜੌਹਲ ਨੂੰ ਅੱਜ ਮੁਹਾਲੀ ’ਚੋਂ ਗ੍ਰਿਫ਼ਤਾਰ ਕੀਤਾ ਹੈ। ਗਮਾਡਾ ਦੇ ਮੁਆਵਜ਼ਾ ਘੁਟਾਲੇ ਵਿੱਚ ਇਹ 20ਵੀਂ ਗ੍ਰਿਫ਼ਤਾਰੀ ਹੈ।
ਮੁਹਾਲੀ ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਦੌਰਾਨ ਗਮਾਡਾ ਅਧਿਕਾਰੀਆਂ ਅਤੇ ਹੋਰਨਾਂ ਵਿਅਕਤੀਆਂ ਨੇ ਐਕਵਾਇਰ ਕੀਤੀ ਜ਼ਮੀਨ ਵਿੱਚ ਅਮਰੂਦਾਂ ਦਾ ਬਾਗ ਲੱਗਿਆ ਦਿਖਾ ਕੇ ਗਲਤ ਤਰੀਕੇ ਨਾਲ ਕਰੋੜਾ ਰੁਪਏ ਦਾ ਮੁਆਵਜ਼ਾ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਇਆ ਗਿਆ ਹੈ। ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਇਹ ਮਾਮਲਾ ਮੀਡੀਆ ਵਿੱਚ ਉਜਾਗਰ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਮੁਆਵਜ਼ਾ ਰਾਸ਼ੀ ਦੀਆਂ ਫਾਈਲਾਂ ਤੋਂ ਮਿੱਟੀ ਝਾੜਨੀ ਸ਼ੁਰੂ ਕੀਤੀ ਤਾਂ ਸਾਰਾ ਭੇਦ ਖੁੱਲ੍ਹ ਗਿਆ।
ਵਿਜੀਲੈਂਸ ਅਨੁਸਾਰ ਜਗਦੀਸ਼ ਜੌਹਲ ਨੇ ਮਾਲ ਰਿਕਾਰਡ ਮੁਤਾਬਕ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਾ ਹੋਣ ਦੇ ਬਾਵਜੂਦ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਦੇ ਆਧਾਰ ’ਤੇ ਨਾਜਾਇਜ਼ ਅਦਾਇਗੀਆਂ ਨੂੰ ਮਨਜ਼ੂਰੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇਸ ਮਾਮਲੇ ਵਿੱਚ ਪਿਛਲੇ ਦਿਨੀਂ ਗਮਾਡਾ ਵਿੱਚ ਤਾਇਨਾਤ ਰਹੇ ਦੋ ਸੇਵਾਮੁਕਤ ਪਟਵਾਰੀਆਂ ਸੁਰਿੰਦਰਪਾਲ ਸਿੰਘ ਅਤੇ ਸੁਰਿੰਦਰਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਇਨ੍ਹਾਂ ਦੋਵੇਂ ਪਟਵਾਰੀਆਂ ਨੇ ਖ਼ੁਲਾਸਾ ਕੀਤਾ ਸੀ ਕਿ ਸ਼ੁਰੂ ਵਿੱਚ ਉਨ੍ਹਾਂ ਨੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਵਿੱਚ ਦਰਸਾਏ ਗਏ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦੇ ਹਿੱਸੇ ਵਜੋਂ ਭੁਗਤਾਨ ਫਾਰਮ ਨੂੰ ਤਸਦੀਕ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਇਹ ਮਾਲ ਰਿਕਾਰਡ ਅਨੁਸਾਰ ਅਸਲ ਮਾਲਕਾਂ ਅਤੇ ਉਨ੍ਹਾਂ ਦੇ ਜ਼ਮੀਨ ਦੇ ਹਿੱਸੇ ਤੋਂ ਵੱਖਰੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਜਗਦੀਸ਼ ਸਿੰਘ ਜੌਹਲ ਨੇ ਆਪਣਾ ਰਸੂਖ ਵਰਤਦਿਆਂ ਮਾਲ ਰਿਕਾਰਡ ਦੀ ਅਣਦੇਖੀ ਕਰਕੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਅਨੁਸਾਰ ਅਦਾਇਗੀਆਂ ਦੀ ਪ੍ਰਵਾਨਗੀ ਦੇਣ ਲਈ ਨੋਟਿੰਗ ਤਿਆਰ ਕਰਨ ਲਈ ਦਬਾਅ ਪਾਇਆ ਸੀ। ਇਸ ਤਰ੍ਹਾਂ ਵੱਖ-ਵੱਖ ਲਾਭਪਾਤਰੀਆਂ ਨੂੰ ਲਗਪਗ 124 ਕਰੋੜ ਰੁਪਏ ਜਾਰੀ ਕੀਤੇ ਗਏ।
ਹਾਲਾਂਕਿ ਅਸਲ ਲਾਭਪਾਤਰੀਆਂ ਨੂੰ ਅਦਾਇਗੀਆਂ ਯਕੀਨੀ ਬਣਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਆਦੇਸ਼ ਦਿੱਤੇ ਸਨ ਕਿ ਐਲ.ਏ.ਸੀ. ਅਮਰੂਦ ਦੇ ਬਾਗ਼ਾਂ ਦਾ ਨਿਰੀਖਣ ਕਰਨ ਲਈ ਖ਼ੁਦ ਦੌਰਾ ਕਰੇਗਾ। ਇਸ ਤੋਂ ਇਲਾਵਾ ਦਰੱਖਤਾਂ ਦੀ ਉਮਰ ਦਾ ਪਤਾ ਲਗਾਉਣ ਲਈ ਗਿਰਦਾਵਰੀ ਰਿਕਾਰਡ ਦੀ ਜਾਂਚ ਕਰਨ ਤੋਂ ਇਲਾਵਾ ਜੀ.ਆਈ.ਐਸ. ਡਰੋਨ ਮੈਪਿੰਗ ਸਰਵੇਖਣ ਅਤੇ ਖੇਤਰ ਦੀ ਵੀਡੀਓਗ੍ਰਾਫੀ ਕਰਨ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰੇਗਾ ਪਰ ਇਸ ਅਧਿਕਾਰੀ ਨੇ ਜਾਣਬੁੱਝ ਕੇ ਇਨ੍ਹਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਨਾਜਾਇਜ਼ ਲਾਭਪਾਤਰੀਆਂ ਨਾਲ ਮਿਲੀਭੁਗਤ ਕਰਕੇ ਅਦਾਇਗੀਆਂ ਜਾਰੀ ਕੀਤੀਆਂ।
ਗਮਾਡਾ ਦੇ ਮੁੱਖ ਪ੍ਰਸ਼ਾਸਕ ਵੱਲੋਂ 1 ਜੂਨ 2021 ਨੂੰ ਇੱਕ ਪ੍ਰੋਫਾਰਮਾ ਤਿਆਰ ਕੀਤਾ ਗਿਆ ਸੀ, ਜਿਸ ਦੇ ਆਧਾਰ ’ਤੇ ਮੁਆਵਜ਼ੇ ਦੀ ਪਹਿਲੀ ਅਦਾਇਗੀ ਸ਼ੁਰੂ ਕਰਨੀ ਸੀ, ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਮੁਲਜ਼ਮ ਅਧਿਕਾਰੀ ਨੇ ਨਿਸ਼ਾ ਗਰਗ, ਸ਼ੁਭਮ ਵਧਵਾ, ਬਿੰਦਰ ਸਿੰਘ, ਨੀਲਮ ਬਾਂਸਲ, ਕਿਰਨ ਬਾਂਸਲ, ਬਿਮਲਾ ਮਿੱਤਲ, ਚੇਸ਼ਟਾ, ਸੰਤੋਸ਼ ਕੁਮਾਰੀ, ਚੰਚਲ ਕੁਮਾਰ, ਅਨਿਲ ਕੁਮਾਰ ਬੱਤਰਾ, ਸੁਸ਼ੀਲ ਕੁਮਾਰੀ ਬੱਤਰਾ ਅਤੇ ਰਸ਼ਮੀ ਅਰੋੜਾ ਨੂੰ ਵੀ ਮੁਆਵਜ਼ਾ ਜਾਰੀ ਕੀਤਾ ਗਿਆ। ਹਾਲਾਂਕਿ ਇਨ੍ਹਾਂ ਦੇ ਮਾਲ ਰਿਕਾਰਡ ਵਿੱਚ ਜ਼ਮੀਨ ਦੇ ਮਾਲਕ ਵਜੋਂ ਨਾਂ ਦਰਜ ਨਹੀਂ ਸਨ। ਇੰਜ ਉਸ ਨੇ ਅਯੋਗ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ। ਅਣ-ਅਧਿਕਾਰਤ ਖਰੀਦ ਹੋਣ ਕਾਰਨ ਉਨ੍ਹਾਂ ਦੀ ਲੈਂਡ ਪੁਲਿੰਗ ਦਾ ਕੇਸ ਅਦਾਲਤ ਵਿੱਚ ਭੇਜਣ ਦੀ ਤਜਵੀਜ਼ ਹੈ। ਜੌਹਲ ਵਿਰੁੱਧ ਜ਼ੁਬਾਨੀ, ਹਾਲਾਤੀ ਅਤੇ ਦਸਤਾਵੇਜ਼ੀ ਸਬੂਤ ਸਾਹਮਣੇ ਆਉਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸ ਨੂੰ ਇਸ ਘੁਟਾਲੇ ਵਿੱਚ ਨਾਮਜ਼ਦ ਕਰਕੇ ਅੱਜ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਹੋਰ ਅਧਿਕਾਰੀਆਂ ਦੀ ਸ਼ੱਕੀ ਭੂਮਿਕਾ ਵੀ ਜਾਂਚ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …