ਮਲਟੀ ਪਰਪਜ਼ ਹੈਲਥ ਵਰਕਰਾਂ ਤੇ ਨਰਸਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਵੱਲ ਮਾਰਚ

ਸਰਕਾਰੀ ਭਰੋਸੇ ਤੋਂ ਬਾਅਦ ਧਰਨਾ ਚੁੱਕਿਆ, 21 ਸਤੰਬਰ ਨੂੰ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਕਰਵਾਈ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਮਲਟੀ ਪਰਪਜ਼ ਹੈਲਥ ਵਰਕਰਜ਼ ਅਤੇ ਏਐਨਐਮਜ਼ ਵੱਲੋਂ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਬੈਨਰ ਹੇਠ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਸਰਕਾਰੀ ਰਿਹਾਹਿਸ਼ ਵੱਲ ਮਾਰਚ ਕੀਤਾ ਗਿਆ। ਸਿਹਤ ਕਾਮਿਆਂ ਨੇ ਭਾਗੋਮਾਜਰਾ ਤੋਂ ਆਪਣਾ ਰੋਸ ਮਾਰਚ ਸ਼ੁਰੂ ਕੀਤਾ ਅਤੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿੱਚ ਮੋਤੀਆਂ ਵਾਲੀ ਸਰਕਾਰ ਦੇ ਖ਼ਿਲਾਫ਼ ਭੰਡੀ ਪ੍ਰਚਾਰ ਕਰਦਿਆਂ ਹੁਕਮਰਾਨਾਂ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਜਿਵੇਂ ਹੀ ਪ੍ਰਦਰਸ਼ਨਕਾਰੀਆਂ ਦਾ ਵੱਡਾ ਕਾਫ਼ਲਾ ਇੱਥੋਂ ਦੇ ਫੇਜ਼-6 ਦੇ ਰਸਤੇ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗਾ ਤਾਂ ਫੇਜ਼-1 ਥਾਣਾ ਦੇ ਐਸਐਚਓ ਮਨਫੂਲ ਸਿੰਘ ਦੀ ਅਗਵਾਈ ਵਾਲੇ ਸੁਰੱਖਿਆ ਦਸਤੇ ਨੇ ਉਨ੍ਹਾਂ ਦਾ ਰਾਹ ਡੱਕ ਲਿਆ। ਜਿਸ ਕਾਰਨ ਪ੍ਰਦਰਸ਼ਨਕਾਰੀ ਉੱਥੇ ਹੀ ਸੜਕ ’ਤੇ ਧਰਨਾ ਲਗਾ ਕੇ ਬੈਠ ਗਏ।
ਇਸ ਮੌਕੇ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਪ੍ਰਧਾਨ ਕੁਲਵੀਰ ਸਿੰਘ ਢਿੱਲੋਂ, ਕਨਵੀਨਰ ਨਿੰਦਰ ਕੌਰ ਮੁਕਤਸਰ, ਗਗਨਦੀਪ ਸਿੰਘ ਬਠਿੰਡਾ, ਗੁਲਜ਼ਾਰ ਖਾਨ ਸੰਗਰੂਰ ਅਤੇ ਕੁਲਪ੍ਰੀਤ ਸਮਰਾ ਲੁਧਿਆਣਾ ਨੇ ਮੰਗ ਕੀਤੀ ਕਿ ਸਿਹਤ ਕਾਮਿਆਂ ਨੂੰ ਪਹਿਲ ਦੇ ਆਧਾਰ ’ਤੇ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਵਿਧਾਨ ਸਭਾ ਚੋਣਾਂ ਵੇਲੇ ਇਹ ਵਾਅਦਾ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪ੍ਰੰਤੂ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਸੰਕਟ ਦੇ ਮੱਦੇਨਜ਼ਰ ਸਿਹਤ ਕਾਮੇ ਫਰੰਟ ਲਾਈਨ ’ਤੇ ਕੰਮ ਕਰ ਰਹੇ ਹਨ ਪ੍ਰੰਤੂ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਵੱਲੋਂ ਤਨਖ਼ਾਹਾਂ ਵਧਾਈਆਂ ਜਾ ਰਹੀਆਂ ਹਨ ਅਤੇ ਨਾ ਹੀ ਪਰਖਕਾਲ ਸਮਾਂ ਘਟਾਇਆ ਜਾ ਰਿਹਾ ਹੈ।
ਉਧਰ, ਮੁਹਾਲੀ ਦੇ ਨਾਇਬ ਤਹਿਸੀਲਦਾਰ ਅਰਜਨ ਸਿੰਘ ਸ਼ੇਰਗਿੱਲ, ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ, ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਪ੍ਰਦਰਸ਼ਨਕਾਰੀਆਂ ਕੋਲੋਂ ਮੰਗ ਪੱਤਰ ਹਾਸਲ ਕੀਤਾ ਅਤੇ ਯੂਨੀਅਨ ਦੇ ਮੋਹਰੀ ਆਗੂਆਂ ਦੀ 21 ਸਤੰਬਰ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੀਟਿੰਗ ਫਿਕਸ ਕਰਵਾਈ ਗਈ। ਇਸ ਮਗਰੋਂ ਸ਼ਾਮ 4 ਵਜੇ ਪ੍ਰਦਰਸ਼ਨਕਾਰੀ ਧਰਨਾ ਖ਼ਤਮ ਕਰਕੇ ਆਪੋ ਆਪਣੇ ਘਰਾਂ ਨੂੰ ਪਰਤ ਗਏ।
ਯੂਨੀਅਨ ਆਗੂਆਂ ਗੁਰਪ੍ਰੀਤ ਸਿੰਘ ਬਰਨਾਲਾ, ਸੁਖਬੀਰ ਸਿੰਘ ਰੂਪਨਗਰ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਤਰਨਤਾਰਨ ਅਤੇ ਰੇਖਾ ਰਾਣੀ ਨੇ ਕਿਹਾ ਕਿ ਜੇਕਰ ਉਕਤ ਮੀਟਿੰਗ ਵਿੱਚ ਸਿਹਤ ਕਾਮਿਆਂ ਅਤੇ ਨਰਸਾਂ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਤਾਂ 24 ਸਤੰਬਰ ਨੂੰ ਬਠਿੰਡਾ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਘਿਰਾਓ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…