ਨਗਰ ਨਿਗਮ ਦੇ ਕਮਿਸ਼ਨਰ ਨੇ ਕੋਵਿਡ ਜਾਗਰੂਕਤਾ ਮੋਬਾਈਲ ਵੈਨ ਨੂੰ ਹਰੀ ਝੰਡੀ ਕੇ ਕੀਤਾ ਰਵਾਨਾ

ਜ਼ਿਲ੍ਹੇ ਵਿੱਚ ਕਰੋਨਾ ਦੇ ਪ੍ਰਕੋਪ ਤੋਂ ਬਚਣ ਲਈ 13 ਦਸੰਬਰ ਤੱਕ ਕਰਵਾਈ ਜਾਵੇਗੀ ਆਊਟਡੋਰ ਜਾਗਰੂਕਤਾ ਮੁਹਿੰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਦਸੰਬਰ:
ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਧੀਨ ਖੇਤਰੀ ਆਊਟਰੀਚ ਬਿਊਰੋ ਚੰਡੀਗੜ੍ਹ ਵੱਲੋਂ ਮੁਹਾਲੀ ਨਗਰ ਨਿਗਮ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਕੋਵਿਡ ਅਨੁਕੂਲ ਵਿਵਹਾਰ ’ਤੇ 5 ਰੋਜ਼ਾ ਆਊਟਡੋਰ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ 13 ਦਸੰਬਰ ਤੱਕ ਜਾਰੀ ਰਹੇਗੀ। ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਗਰਗ ਨੇ ਅੱਜ ਇਸ ਜਾਗਰੂਕਤਾ ਮੋਬਾਈਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਕਰੋਨਾ ਦੇ ਇਲਾਜ ਤੱਕ ਸੰਜਮ ਬਣਾਈ ਰੱਖਣ ਅਤੇ ਆਪਣੀ ਸੁਰੱਖਿਆ ਲਈ ਕੋਵਿਡ ਅਨੁਕੂਲ ਵਿਵਹਾਰ ਨੂੰ ਅਪਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਮੌਕੇ ਖੇਤਰੀ ਆਊਟਰੀਚ ਬਿਊਰੋ ਦੀ ਸਹਾਇਕ ਡਾਇਰੈਕਟਰ ਸ੍ਰੀਮਤੀ ਸਪਨਾ ਨੇ ਦੱਸਿਆ ਕਿ ਇਹ ਮੁਹਿੰਮ ਪਿਛਲੇ ਮਹੀਨੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੇ ਜਨ ਅੰਦੋਲਨ ਦੀ ਇਕ ਕੜੀ ਹੈ। ਜਿਸ ਰਾਹੀਂ ਕਰੋਨਾ ਨਾਲ ਲੜਨ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਦੇਸ਼ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਅਤੇ ਤਾਲਾਬੰਦੀ ਤੋਂ ਬਾਅਦ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਕਰੋਨਾ ਨੂੰ ਰੋਕਣ ਲਈ ਮੁੱਖ ਸੰਦੇਸ਼ਾਂ ਨੂੰ ਦੁਹਰਾਉਣਾ ਹੈ, ਜਿਸ ਵਿੱਚ ਮਾਸਕ ਪਾ ਕੇ ਰੱਖਣਾ, ਹੱਥ ਧੋਣਾ ਅਤੇ ਸਮਾਜਿਕ ਦੂਰੀ ਭਾਵ 2 ਗਜ਼ ਦੀ ਦੂਰੀ ਦੀ ਪਾਲਣਾ ਕਰਨਾ ਸ਼ਾਮਲ ਹੈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਕੋਵਿਡ ਨਾਲ ਜੁੜੇ ਨਵੇਂ ਨਿਯਮਾਂ ਬਾਰੇ ਜਾਗਰੂਕ ਕਰਨਾ ਹੈ। ਜਾਗਰੂਕਤਾ ਵੈਨ ਵਿੱਚ ਪ੍ਰਦਰਸ਼ਿਤ ਕਰੋਨਾ ਨਾਲ ਸਬੰਧਤ ਸੰਦੇਸ਼ਾਂ ਨੂੰ ਲੈ ਕੇ ਇਹ ਵਿਸ਼ੇਸ਼ ਵਾਹਨ ਮੁਹਾਲੀ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਸੈਕਟਰਾਂ, ਪਿੰਡਾਂ, ਰਿਹਾਇਸ਼ੀ ਕਲੋਨੀਆਂ, ਪ੍ਰਵਾਸੀ ਬਸਤੀਆਂ ਅਤੇ ਬਾਜ਼ਾਰਾਂ ਵਿੱਚ ਜਾਵੇਗਾ ਅਤੇ ਲਾਊਡ ਸਪੀਕਰਾਂ ਅਤੇ ਆਡੀਓ ਮੈਸੇਜਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ, ਸਹਾਇਕ ਕਮਿਸ਼ਨਰ ਸੁਰਜੀਤ ਸਿੰਘ, ਸੈਨੇਟਰੀ ਇੰਸਪੈਕਟਰ ਹਰਬੰਸ ਸਿੰਘ, ਸਰਬਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…